- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਸਨਮਦੀਪ ਦਾ ਛੇਵੇਂ ਦਿਨ ਜਬਰੀ ਪੋਸਟਮਾਰਟਮ ਤੇ ਸਸਕਾਰ

ਛੇ ਦਿਨਾਂ ਤੋਂ ਮੋਰਚਰੀ ਅੱਗੇ ਧਰਨੇ ’ਤੇ ਬੈਠੇ ਪਰਿਵਾਰ ਅਤੇ ਕਾਂਗਰਸੀ ਆਗੂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
- ਕਾਂਗਰਸੀ ਆਗੂ ਰਾਜਿੰਦਰ ਦੀਪਾ ਸਮੇਤ ਹੋਰ ਵਿਅਕਤੀਆਂ ’ਤੇ ਕੇਸ ਦਰਜ
ਜਸਵੀਰ ਸਿੰਘ\ਬਲਜਿੰਦਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਪਿੰਡ ਕਨੋਈ ਦੇ 23 ਸਾਲਾ ਨੌਜਵਾਨ ਸਨਮਦੀਪ ਸਿੰਘ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਵੀਰਵਾਰ ਨੂੰ ਉਸ ਸਮੇਂ ਗਰਮਾ ਗਿਆ, ਜਦੋਂ ਪਿਛਲੇ ਛੇ ਦਿਨਾਂ ਤੋਂ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਦੇ ਸਾਹਮਣੇ ਧਰਨੇ ’ਤੇ ਬੈਠੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਾਂਗਰਸੀ ਆਗੂ ਰਾਜਿੰਦਰ ਦੀਪਾ ਸਮੇਤ ਹੋਰ ਵਿਅਕਤੀਆਂ ਨੂੰ ਭਾਰੀ ਗਿਣਤੀ ਵਿੱਚ ਪਹੁੰਚੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਜੰਮ ਕੇ ਖਿੱਚ-ਧੂਹ ਹੋਈ, ਪਰ ਪੁਲਿਸ ਪ੍ਰਸ਼ਾਸਨ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਲਿਜਾ ਕੇ ਬੰਦ ਕਰ ਦਿੱਤਾ। ਪਰਿਵਾਰ ਵੱਲੋਂ ਪਿੰਡ ਦੇ ਸਰਪੰਚ ਸਮੇਤ ਹੋਰ ਵਿਅਕਤੀਆਂ ਖ਼ਿਲਾਫ਼ 28 ਸਤੰਬਰ ਨੂੰ ਦਰਜ ਕੀਤੇ ਗਏ ਕੇਸ ਵਿੱਚ ਐਸਸੀ-ਐਸਟੀ ਐਕਟ ਦੀਆਂ ਧਾਰਾਵਾਂ ਸ਼ਾਮਲ ਕਰਨ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਸੀ, ਜਿਸ ਕਾਰਨ ਸ਼ੁੱਕਰਵਾਰ ਅੱਧੀ ਰਾਤ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਸ਼ਨਿੱਚਰਵਾਰ ਤੋਂ ਪਰਿਵਾਰ ਵੱਲੋਂ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਪਿੰਡ ਕਨੋਈ ਦੇ ਸਰਪੰਚ, ਉਸ ਦੇ ਭਰਾ, ਸਾਬਕਾ ਪੰਚ ਅਤੇ ਉਸ ਦੀ ਪਤਨੀ ’ਤੇ ਲਗਾਉਂਦਿਆਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਮੋਰਚਰੀ ਦੇ ਸਾਹਮਣੇ ਧਰਨਾ ਲਾਇਆ ਗਿਆ ਸੀ।
ਪੁਲਿਸ ਨੇ 28 ਸਤੰਬਰ ਨੂੰ ਪਿੰਡ ਦੇ ਸਰਪੰਚ ਦੀਪ ਸਿੰਘ ਬਾਵਾ, ਉਸ ਦੇ ਭਰਾ ਗੁਰਵਿੰਦਰ ਸਿੰਘ ਗੋਗਾ, ਸਾਬਕਾ ਪੰਚ ਹਰਬੰਸ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪਰ ਇਸ ਤੋਂ ਬਾਅਦ ਪਰਿਵਾਰ ਵੱਲੋਂ ਮਾਮਲੇ ਵਿੱਚ ਐੱਸਸੀ-ਐੱਸਟੀ ਐਕਟ ਦੀਆਂ ਧਾਰਾਵਾਂ ਵਧਾਉਣ ਦੀ ਮੰਗ ਕੀਤੀ ਜਾਣ ਲੱਗੀ।
ਵੀਰਵਾਰ ਦੁਪਹਿਰ 12 ਵਜੇ ਭਾਰੀ ਪੁਲਿਸ ਬਲ ਹਸਪਤਾਲ ਕੰਪਲੈਕਸ ਵਿੱਚ ਪਹੁੰਚਿਆ ਅਤੇ ਧਰਨੇ ’ਤੇ ਬੈਠੇ ਮ੍ਰਿਤਕ ਸਨਮਦੀਪ ਸਿੰਘ ਦੇ ਦਾਦਾ ਹੰਸਾ ਸਿੰਘ, ਪਿਤਾ ਪਰਮਜੀਤ ਸਿੰਘ, ਮਾਤਾ, ਭਰਾ ਸਮੇਤ ਸਮੂਹ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਨਾਲ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਪਰਿਵਾਰ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੈਨ ਦੇ ਸ਼ੀਸ਼ੇ ਵੀ ਤੋੜ ਕੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਲਿਜਾ ਕੇ ਬੰਦ ਕਰ ਦਿੱਤਾ। ਰਾਜਿੰਦਰ ਦੀਪਾ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮ੍ਰਿਤਕ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਮਿਲਦਿਆਂ ਹੀ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ-2 ਦਾਮਨ ਬਾਜਵਾ ਅਤੇ ਹਰਮਨਦੇਵ ਬਾਜਵਾ ਥਾਣੇ ਪਹੁੰਚੇ।
ਪੁਲਿਸ ਪ੍ਰਸ਼ਾਸਨ ਨੇ ਕਰਵਾਇਆ ਪੋਸਟਮਾਰਟਮ ਅਤੇ ਸਸਕਾਰ
ਪਰਿਵਾਰ ਨੂੰ ਹਸਪਤਾਲ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮ੍ਰਿਤਕ ਸਨਮਦੀਪ ਸਿੰਘ ਦਾ ਛੇ ਦਿਨ ਬਾਅਦ ਪੋਸਟਮਾਰਟਮ ਕਰਵਾਇਆ। ਇਸ ਤੋਂ ਬਾਅਦ ਪਿੰਡ ਕਨੋਈ ਦੀ ਬਜਾਏ ਸ਼ਹਿਰ ਦੇ ਉਭਾਵਾਲ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਵਿੱਚ ਉਸ ਦਾ ਅੰਤਿਮ ਸਸਕਾਰ ਕਰਵਾ ਦਿੱਤਾ ਗਿਆ।
ਸਸਕਾਰ ਤੋਂ ਬਾਅਦ ਮੌਕੇ ’ਤੇ ਪਹੁੰਚੀ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ-2 ਦਾਮਨ ਬਾਜਵਾ ਅਤੇ ਹਰਮਨਦੇਵ ਬਾਜਵਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਸਰਾਸਰ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਥਾਣਿਆਂ ਵਿੱਚ ਬੰਦ ਕਰਕੇ ਪੁਲਿਸ ਨੇ ਖੁਦ ਹੀ ਪੋਸਟਮਾਰਟਮ ਕਰਵਾਇਆ ਅਤੇ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਤਰ੍ਹਾਂ ਕਨੋਈ ਦੇ ਸਨਮਦੀਪ ਸਿੰਘ ਦਾ ਵੀ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਅੰਤਿਮ ਰਸਮ ਅਦਾ ਨਹੀਂ ਕਰਵਾਈ ਗਈ ਅਤੇ ਪਰਿਵਾਰ ਨੂੰ ਆਪਣੇ ਪੁੱਤਰ ਦਾ ਮੂੰਹ ਤੱਕ ਦੇਖਣ ਨਹੀਂ ਦਿੱਤਾ ਗਿਆ।
------
ਖਰਾਬ ਹੋ ਰਹੀ ਸੀ ਦੇਹ, ਪਰਿਵਾਰ ਨੂੰ ਅੰਤਿਮ ਸੰਸਕਾਰ ਲਈ ਕਿਹਾ ਸੀ: ਡੀਐੱਸਪੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਸੰਗਰੂਰ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸਐੱਮਓ ਸੰਗਰੂਰ ਨੇ ਪੁਲਿਸ ਨੂੰ ਜਾਣੂ ਕਰਵਾਇਆ ਸੀ ਕਿ ਛੇ ਦਿਨਾਂ ਤੋਂ ਲਾਸ਼ ਮੋਰਚਰੀ ਵਿੱਚ ਰੱਖੇ ਜਾਣ ਕਾਰਨ ਇਸ ਦੇ ਸੜਨ ਅਤੇ ਖਰਾਬ ਹੋਣ ਦੀ ਸੰਭਾਵਨਾ ਕਾਫ਼ੀ ਵੱਧ ਗਈ ਸੀ, ਕਿਉਂਕਿ ਸਨਮਦੀਪ ਸਿੰਘ ਦੀ ਮੌਤ ਜ਼ਹਿਰੀਲੇ ਪਦਾਰਥ ਕਾਰਨ ਹੋਈ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਲਈ ਕਿਹਾ ਗਿਆ ਸੀ, ਪਰ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਾ ਮਿਲਣ ਕਾਰਨ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਾਂਗਰਸੀ ਆਗੂ ਰਾਜਿੰਦਰ ਦੀਪਾ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੀਪਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।