- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਏ. ਇੰਟਰਮੀਡੀਏਟ ਗਰੁੱਪ-1 ਪਾਸ ਕਰਨ ਵਾਲੇ ਚਾਰ ਹੋਣਹਾਰ ਵਿਦਿਆਰਥੀਆਂ ਦਾ ਆਰੀਆਭੱਟ ਕਾਲਜ ਵਿਖੇ ਸਨਮਾਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਰੀਆਭੱਟ ਕਾਲਜ ਬਰਨਾਲਾ ਵਿਖੇ ਸੀਏ (ਚਾਰਟਰਡ ਅਕਾਊਂਟੈਂਸੀ) ਇੰਟਰਮੀਡੀਏਟ ਗਰੁੱਪ-1 ਪਾਸ ਕਰਨ ਵਾਲੇ ਕਾਲਜ ਦੇ ਚਾਰ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ’ਚ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਾਲਜ ਪਰਿਵਾਰ ਨੇ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ’ਤੇ ਖੁਸ਼ੀ ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ’ਚ ਧਨਵੀਰ ਸਿੰਘ, ਗੁਨੀਤ ਕੌਰ, ਅਰਸ਼ਪ੍ਰੀਤ ਕੌਰ ਅਤੇ ਡੌਲੀ ਸ਼ਾਮਲ ਸਨ। ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਭੇਟ ਕਰਕੇ ਉਨ੍ਹਾਂ ਦੀ ਮਿਹਨਤ, ਲਗਨ ਤੇ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕਾਲਜ ਦੇ ਚੇਅਰਮੈਨ ਇੰਜੀਨੀਅਰ ਆਰਕੇ ਗੁਪਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੀਏ ਵਰਗੀ ਮੁਸ਼ਕਿਲ ਅਤੇ ਪ੍ਰਤੀਯੋਗੀ ਪ੍ਰੀਖਿਆ ’ਚ ਸਫ਼ਲਤਾ ਹਾਸਲ ਕਰਨਾ ਮਿਹਨਤ, ਅਨੁਸ਼ਾਸਨ ਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਰੀਆਭੱਟ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ-ਨਾਲ ਪੇਸ਼ੇਵਰ ਤੌਰ ’ਤੇ ਸਮਰੱਥ ਤੇ ਰੁਜ਼ਗਾਰ-ਯੋਗ ਬਣਾਉਣਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥੀ ਭਵਿੱਖ ’ਚ ਵੀ ਨਵੀਆਂ ਉਚਾਈਆਂ ਨੂੰ ਛੂਹ ਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਮ ਹੋਰ ਰੌਸ਼ਨ ਕਰਨਗੇ। ਕਾਲਜ ਦੇ ਡਾਇਰੈਕਟਰ ਡਾ. ਅਜੇ ਮਿੱਤਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਪੂਰੇ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ, ਵਿਹਾਰਕ ਸਿਖਲਾਈ ਤੇ ਪੇਸ਼ੇਵਰ ਪ੍ਰੀਖਿਆਵਾਂ ਦੀ ਤਿਆਰੀ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਂਦਾ ਹੈ, ਜਿਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।