ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ, ਇੱਕ ਨਾਬਾਲਗ ਹਿਰਾਸਤ 'ਚ
ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਧੂਰੀ ਰੋਡ, ਮਾਲੇਰਕੋਟਲਾ ਦੇ ਵਾਸੀ ਲਵਨੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟ੍ਹਸਐਪ ਕਾਲਾਂ ਆ ਰਹੀਆਂ ਸਨ। ਫੋਨ ਕਰਨ ਵਾਲੇ ਵਿਅਕਤੀਆਂ ਵੱਲੋਂ ਉਸ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਗਈ
Publish Date: Tue, 13 Oct 2026 09:57 AM (IST)
Updated Date: Tue, 13 Oct 2026 10:04 AM (IST)
ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੁਲਿਸ ਨੇ ਵਿਦੇਸ਼ੀ ਨੰਬਰਾਂ ਤੋਂ ਵਟ੍ਹਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਹੋਣ ਅਤੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕਰ ਕੇ ਵੀਡੀਓ ਤੇ ਲੋਕੇਸ਼ਨ ਸਰਹੱਦ ਪਾਰ ਸਾਂਝੀ ਕਰਨ ਦੇ ਤੱਥ ਸਾਹਮਣੇ ਆਏ ਹਨ। ਪੁਲਿਸ ਅਨੁਸਾਰ, ਕਥਿਤ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨੁਮਾਨ ਅੰਸਾਰੀ ਤੇ ਮੁਹੰਮਦ ਗੁਲਫਾਮ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਦੀ ਭੂਮਿਕਾ ਵੀ ਸਾਹਮਣੇ ਆਉਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ।
ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਧੂਰੀ ਰੋਡ, ਮਾਲੇਰਕੋਟਲਾ ਦੇ ਵਾਸੀ ਲਵਨੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵਟ੍ਹਸਐਪ ਕਾਲਾਂ ਆ ਰਹੀਆਂ ਸਨ। ਫੋਨ ਕਰਨ ਵਾਲੇ ਵਿਅਕਤੀਆਂ ਵੱਲੋਂ ਉਸ ਦੇ ਘਰ ਦੀ ਵੀਡੀਓ ਅਤੇ ਲੋਕੇਸ਼ਨ ਭੇਜ ਕੇ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਸ਼ਿਕਾਇਤ ਮਿਲਣ ਮਗਰੋਂ ਜ਼ਿਲ੍ਹਾ ਪੁਲਿਸ ਦੀ ਸਾਈਬਰ ਟੀਮ ਨੇ ਡੀਐੱਸਪੀ (ਜਾਂਚ) ਦੀ ਨਿਗਰਾਨੀ ਹੇਠ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਕਥਿਤ ਨੈੱਟਵਰਕ ਦੀਆਂ ਕੜੀਆਂ ਜੋੜੀਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨੁਮਾਨ ਅੰਸਾਰੀ ਦੀ ਕਥਿਤ ਤੌਰ ’ਤੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਪਹਿਲਾਂ ਇੰਸਟਾਗ੍ਰਾਮ ਅਤੇ ਬਾਅਦ ਵਿੱਚ ਵਟਸਐਪ ਰਾਹੀਂ ਜਾਣ-ਪਛਾਣ ਹੋਈ ਸੀ। ਪੁਲਿਸ ਦਾ ਦੋਸ਼ ਹੈ ਕਿ ਨੁਮਾਨ ਅੰਸਾਰੀ ਨੇ ਮੁਹੰਮਦ ਗੁਲਫਾਮ ਨਾਲ ਮਿਲ ਕੇ ਸ਼ਿਕਾਇਤਕਰਤਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ। ਮੁਹੰਮਦ ਗੁਲਫਾਮ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਦੇ ਘਰ ਦੀ ਵੀਡੀਓ ਬਣਾਈ ਅਤੇ ਉਸ ਦੀ ਲੋਕੇਸ਼ਨ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਸਾਂਝੀ ਕੀਤੀ। ਪੁਲਿਸ ਨੇ ਇਸ ਪਿੱਛੇ ਸ਼ਿਕਾਇਤਕਰਤਾ ਅਤੇ ਮੁਹੰਮਦ ਗੁਲਫਾਮ ਵਿਚਕਾਰ ਪੁਰਾਣੀ ਰੰਜਿਸ਼ ਹੋਣ ਦਾ ਵੀ ਜ਼ਿਕਰ ਕੀਤਾ ਹੈ। ਪੁਲਿਸ ਅਨੁਸਾਰ, ਘਟਨਾ ਸਮੇਂ ਇੱਕ ਨਾਬਾਲਗ ਵੀ ਮੁਲਜ਼ਮਾਂ ਦੇ ਨਾਲ ਸੀ, ਜੋ ਕਥਿਤ ਤੌਰ ’ਤੇ ਮੋਟਰਸਾਈਕਲ ਚਲਾ ਰਿਹਾ ਸੀ।