ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਿਰੋਹ ਦਾ ਪਰਦਾਫਾਸ਼, ਇੱਕ ਕਾਬੂ ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਚੋਰ ਗਿਰੋਹ ਦਾ ਪਰਦਾਫਾਸ਼, ਇੱਕ ਗ੍ਰਿਫ਼ਤਾਰ
Publish Date: Fri, 03 Jul 2026 04:30 PM (IST)
Updated Date: Sat, 04 Jul 2026 04:03 AM (IST)
ਵੱਢੀਆਂ ਕੇਬਲਾਂ ਬਰਾਮਦ, ਹੋਰ ਮੁਲਜ਼ਮਾਂ ਦੀ ਭਾਲ ਜਾਰੀ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹੋਰ ਵਿਖੇ ਬੀਤੀ ਰਾਤ ਕਿਸਾਨਾਂ ਦੀਆਂ ਖੇਤੀਬਾੜੀ ਮੋਟਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਬਿਜਲੀ ਦੀਆਂ ਕੇਬਲਾਂ ਵੱਢਕੇ ਚੋਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਪੁਲਿਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਮੋਟਰਾਂ ਤੋਂ ਵੱਢੀਆਂ ਗਈਆਂ ਕੇਬਲਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ। ਪੁਲਿਸ ਨੇ ਇਸ ਮਾਮਲੇ ’ਚ ਇੱਕ ਨਾਮਜ਼ਦ ਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਨਾ ਠੁੱਲੀਵਾਲ ਦੇ ਮੁੱਖ ਅਫ਼ਸਰ ਅਜੈਬ ਸਿੰਘ ਨੇ ਕਿਹਾ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਤੇ ਪੁਲਿਸ ਸਬ ਡਿਵੀਜਨ ਮਹਿਲ ਕਲਾਂ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਸਮਾਜ ਵਿਰੋਧੀ ਅਨਸਰਾਂ ਤੇ ਨਸਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਹੋਰ ਤੋਂ ਹਮੀਦੀ ਤੋਂ ਜਾਂਦੀ ਲਿੰਕ ਸੜਕ ਤੋਂ ਲੱਗਦੇ ਰਜਵਾਹੇ ਦੇ ਕੋਲ ਇੱਕ ਵਿਅਕਤੀ ਸਾਈਕਲ ਲਈ ਖੜਾ ਸੀ, ਪੁਲਿਸ ਪਾਰਟੀ ਦੀ ਗਸਤ ਦੌਰਾਨ ਜਦੋਂ ਉਸਤੋਂ ਪੁੱਛਗਿੱਲ ਕੀਤੀ ਗਈ ਤਾਂ ਉਸ ਪਾਸੋ ਖੇਤਾਂ ’ਚੋਂ ਵੱਢੀਆਂ 6 ਮੋਟਰਾਂ ਦੀਆਂ ਤਾਰਾਂ ਬਰਾਮਦ ਕੀਤੀਆਂ ਗਈਆਂ। ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚੁਹਾਣਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਵਜੇ ਪਿੰਡ ਸਹੋਰ ਦੇ ਖੇਤਾਂ ’ਚ ਲੱਗੀਆਂ ਟਿਊਬਵੈੱਲ ਮੋਟਰਾਂ ਤੋਂ ਬਿਜਲੀ ਦੀਆਂ ਕੇਬਲਾਂ ਵੱਢ ਕੇ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਸੂਚਨਾ ਮਿਲਣ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਗੋਦਵਾਲ, ਰਾਏਕੋਟ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਮੋਟਰਾਂ ਤੋਂ ਵੱਢੀਆਂ ਗਈਆਂ ਕੇਬਲਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ। ਕਿਸਾਨ ਗੁਰਮੀਤ ਸਿੰਘ ਪੁੱਤਰ ਸਵਰਗੀ ਗੁਰਚਰਨ ਸਿੰਘ ਵਾਸੀ ਸਹੋਰ ਦੇ ਬਿਆਨਾਂ ਦੇ ਆਧਾਰ ਤੇ ਕ੍ਰਿਸ਼ਨ ਕੁਮਾਰ ਤੇ ਉਸਦੇ ਕੁਝ ਅਣਪਛਾਤੇ ਸਾਥੀਆਂ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਫ਼ਰਾਰ ਹੋਏ ਹੋਰ ਮੁਲਜ਼ਮਾਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਕਿਸਾਨਾਂ ’ਚ ਚਿੰਤਾ ਦਾ ਮਾਹੌਲ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਤੋਂ ਖੇਤਾਂ ’ਚ ਲੱਗੀਆਂ ਮੋਟਰਾਂ ਤੋਂ ਕੇਬਲਾਂ ਤੇ ਹੋਰ ਕੀਮਤੀ ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਝੋਨੇ ਦੇ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਕਾਰਨ ਸਿੰਚਾਈ ਦਾ ਕੰਮ ਵੀ ਪ੍ਰਭਾਵਿਤ ਹੁੰਦਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸਰਬਜੀਤ ਸਿੰਘ ਸਹੋਰ, ਸਰਪੰਚ ਲਖਵੀਰ ਸਿੰਘ ਸਹੋਰ ਤੇ ਹੋਰ ਮੋਹਤਬਰ ਵਿਅਕਤੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲ ਮੰਗ ਕੀਤੀ ਕਿ ਪੇਂਡੂ ਖੇਤਰਾਂ ’ਚ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ ਤੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਤੇ ਠੋਸ ਰੋਕ ਲਗਾਕੇ ਹੀ ਕਿਸਾਨਾਂ ਨੂੰ ਹੋ ਰਹੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਫ਼ਰਾਰ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।