ਪੰਜਾਬ ’ਚ ਕੱਲ੍ਹ ਤੋਂ ਹੋਵੇਗਾ ਸਰਕਾਰੀ ਲਾਰੀਆਂ ਦਾ ਚੱਕਾ ਜਾਮ
ਪੰਜਾਬ ’ਚ ਕੱਲ੍ਹ ਤੋਂ ਹੋਵੇਗਾ ਸਰਕਾਰੀ ਲਾਰੀਆਂ ਦਾ ਚੱਕਾ ਜਾਮ
Publish Date: Tue, 10 Feb 2026 05:25 PM (IST)
Updated Date: Wed, 11 Feb 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ ਐਲਾਨ ਕੀਤਾ ਹੈ ਕਿ 11 ਫਰਵਰੀ ਤੋਂ ਦੁਪਹਿਰ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਸੂਬਾ ਰਣਧੀਰ ਸਿੰਘ ਸੇਖਾ,ਬਰਨਾਲਾ ਡੀਪੂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀਵਾਨਾ, ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ (ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023) ਤਹਿਤ ਫਸਾਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਨੀਤੀ ਦੇ ਨਾਲ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਲੈ ਕੇ ਆਈ ਸੀ, ਜਿਸ ਉਪਰੰਤ ਜੱਥੇਬੰਦੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ। ਸਰਕਾਰ ਵਾਰ-ਵਾਰ ਮੀਟਿੰਗ ’ਚ ਭਰੋਸਾ ਦੇ ਰਹੀ ਹੈ ਕਿ 2 ਜਾਂ 4 ਦਿਨਾਂ ’ਚ ਤੁਹਾਡੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਪਰ ਇਸ ਸਮੇਂ ਟਰਾਂਸਪੋਰਟ ਮੰਤਰੀ ਪੰਜਾਬ ਯੂਨੀਅਨ ਅੱਗੇ ਸ਼ਰਤਾਂ ਰੱਖ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਜੇਲ੍ਹਾਂ ’ਚ ਬੰਦ ਕਰਕੇ ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਅਤੇ ਧੱਕੇਸ਼ਾਹੀ ਨਾਲ ਨਿੱਜੀਕਰਨ ਕਰਨਾ ਚਾਹੁੰਦੇ ਹਨ। ਸੰਗਰੂਰ ਅਤੇ ਪਟਿਆਲੇ ’ਚ 307 ਦੇ ਪਰਚੇ ਦਰਜ਼ ਕੀਤੇ ਗਏ ਹਨ ਅਤੇ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜ੍ਹਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਜਥੇਬੰਦੀ ਦਾ ਇਹ ਸੰਘਰਸ਼ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਤੱਕ ਜਾਰੀ ਰਹੇਗਾ।