1 ਅਕਤੂਬਰ ਤੋਂ ਮੰਡੀਆਂ ’ਚ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਮੰਡੀਆਂ ’ਚ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ
Publish Date: Thu, 24 Sep 2026 03:50 PM (IST)
Updated Date: Fri, 25 Sep 2026 04:00 AM (IST)
ਸੱਤਪਾਲ ਕਾਲਾਬੂਲਾ/ਜਸਪਾਲ ਲਾਡੇਵਾਲ, ਮਾਲੇਰਕੋਟਲਾ : ਝੋਨੇ ਦੇ ਆਗਾਮੀ ਖਰੀਦ ਸੀਜ਼ਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਖਰੀਦ, ਬਾਰਦਾਨੇ, ਲਿਫਟਿੰਗ ਅਤੇ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 4.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦਾ ਅਨੁਮਾਨ ਹੈ। ਫ਼ਸਲ ਦੀ ਸਰਕਾਰੀ ਖਰੀਦ ਲਈ ਜ਼ਿਲ੍ਹੇ ਦੀਆਂ 41 ਮੰਡੀਆਂ ਨੂੰ ਖਰੀਦ ਕੇਂਦਰ ਵਜੋਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਡੀਸੀ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਪਾਣੀ, ਸਫ਼ਾਈ, ਬੈਠਣ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫਟਿੰਗ ਅਤੇ ਬਾਰਦਾਨੇ ਦੀ ਉਪਲਬਧਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੱਕ ਦੀ ਸਮੁੱਚੀ ਪ੍ਰਕਿਰਿਆ ਦੀ ਪ੍ਰਸ਼ਾਸਨ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਵਿਰਾਜ ਐਸ. ਤਿੜਕੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕਰਨ ਅਤੇ ਨਿਰਧਾਰਤ ਨਮੀ ਮਾਪਦੰਡਾਂ ਅਨੁਸਾਰ ਸੁੱਕੀ ਤੇ ਮਿਆਰੀ ਫ਼ਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਮੰਡੀ ਵਿੱਚ ਲਿਆਉਣ ਨਾਲ ਖਰੀਦ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਮੱਸਿਆ ਸਮਝਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧ ਨੂੰ ਤਰਜੀਹ ਦਿੱਤੀ ਜਾਵੇ।