ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਗੰਭੀਰ : ਮੁੱਖ ਮੰਤਰੀ ਭਗਵੰਤ ਮਾਨ
ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਗੰਭੀਰ : ਮੁੱਖ ਮੰਤਰੀ ਭਗਵੰਤ ਮਾਨ
Publish Date: Sat, 23 May 2026 09:39 PM (IST)
Updated Date: Sun, 24 May 2026 04:16 AM (IST)

:: ਰਿੰਕਾ ਕੁਤਬਾ ਬਾਹਮਣੀਆ ਦੀ ਅਗਵਾਈ ਹੇਠ ਸਫਾਈ ਸੇਵਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਕੈਪਸ਼ਨ-ਰਿੰਕਾ ਕੁਤਬਾ ਬਾਹਮਣੀਆਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੌਰਾਨ। ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਪੰਜਾਬ ਭਰ ਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਸਫਾਈ ਸੇਵਕ ਯੂਨੀਅਨ,ਨਗਰ ਕੌਸਲ ਸਫਾਈ ਸੇਵਕ ਫੈਡਰੇਸ਼ਨ ਪੰਜਾਬ ਦੇ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਹਮਣੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਸਫਾਈ ਕਰਮਚਾਰੀਆਂ ਨਾਲ ਸੰਬੰਧਿਤ ਮੁੱਖ ਮਸਲਿਆਂ ਅਤੇ ਜ਼ਮੀਨੀ ਹਕੀਕਤਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ’ਚ ਕੰਮ ਕਰ ਰਹੇ ਸਫਾਈ ਸੇਵਕ ਅਤੇ ਸੀਵਰਮੈਨ ਬਹੁਤ ਹੀ ਮੁਸ਼ਕਲ ਹਾਲਾਤਾਂ ਵਿੱਚ ਆਪਣੀ ਡਿਊਟੀ ਨਿਭਾ ਰਹੇ ਹਨ। ਕਈ ਥਾਵਾਂ ’ਤੇ ਕਰਮਚਾਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈਂਦਾ ਹੈ ਅਤੇ ਘੱਟ ਸਟਾਫ ਹੋਣ ਕਾਰਨ ਉਨ੍ਹਾਂ ’ਤੇ ਕੰਮ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ। ਇਸ ਤੋਂ ਇਲਾਵਾ ਸੀਵਰਮੈਨਾਂ ਨੂੰ ਜਾਨ ਜੋਖਮ ’ਚ ਪਾ ਕੇ ਕੰਮ ਕਰਨਾ ਪੈਂਦਾ ਹੈ, ਪਰ ਉਨ੍ਹਾਂ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਗੰਭੀਰ ਹੈ ਅਤੇ ਜਲਦ ਹੀ ਸੰਬੰਧਿਤ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕਰਕੇ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰਾਂ ਦੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਸਰਕਾਰ ਦੀ ਪਹਿਲ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਹਮਣੀਆ ਨੇ ਕਿਹਾ ਕਿ ਪੰਜਾਬ ਭਰ ਦੇ ਸਫਾਈ ਸੇਵਕ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਅਤੇ ਮਾਣ-ਸਨਮਾਨ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ, ਤਨਖ਼ਾਹਾਂ, ਕੰਮਕਾਜੀ ਹਾਲਾਤ ਅਤੇ ਹੋਰ ਮਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ, ਜਿਸ ’ਤੇ ਮੁੱਖ ਮੰਤਰੀ ਵੱਲੋਂ ਸਕਾਰਾਤਮਕ ਭਰੋਸਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਸੰਦੀਪ ਕੁਮਾਰ ਭੱਟੀ, ਵਾਈਸ ਪ੍ਰਧਾਨ ਰਜਿੰਦਰ ਕੁਮਾਰ ਬਾਲੂ, ਸਕੱਤਰ ਕੁਲਦੀਪ ਸਹੋਤਾ, ਕੈਸ਼ੀਅਰ ਦੀਪਕ ਕੁਮਾਰ, ਚੇਅਰਮੈਨ ਪਵਨ ਕੁਮਾਰ, ਸਲਾਹਕਾਰ ਰਾਜ ਕੁਮਾਰ ਭੱਟੀ, ਮੈਂਬਰ ਧਰਮਪਾਲ ਸਮੇਤ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ।