ਨਸ਼ਿਆਂ ਨੂੰ ਨੱਥ ਪਾਉਣ ’ਚ ਸਰਕਾਰਾਂ ਨਾਕਾਮ: ਗੰਡੇਵਾਲ ਨਸ਼ਿਆਂ ਨੂੰ ਨੱਥ ਪਾਉਣ ’ਚ ਸਰਕਾਰਾਂ ਨਾਕਾਮ: ਗੰਡੇਵਾਲ
Publish Date: Fri, 23 Oct 2026 04:03 PM (IST)
Updated Date: Fri, 23 Oct 2026 04:06 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮਹਿਲ ਕਲਾਂ ਤੋਂ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਵਿੱਚ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖਾਲਸਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਈ ਜਾਂਦੀ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਨਾ ਪਾ ਸਕਣਾ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਕਈ ਥਾਵਾਂ ’ਤੇ ਨਸ਼ਿਆਂ ਦੀ ਕਥਿਤ ਤੌਰ ’ਤੇ ਖੁੱਲ੍ਹੇਆਮ ਵਿਕਰੀ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮਾੜਾ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੀ ਜੀਵਨ-ਜਾਚ ਅਤੇ ਸਿੱਖੀ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਖਾਲਸਾ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਯਤਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਹੱਲ ਸਿਰਫ਼ ਬਿਆਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਨਾਲ ਹੀ ਸੰਭਵ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ’ਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਰਣਨੀਤੀ ਬਣਾਈ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ।