ਬਰਨਾਲਾ ’ਚ ਬਣਾਈਆਂ ਜਾਣਗੀਆਂ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ : ਏਡੀਸੀ
ਜ਼ਿਲ੍ਹਾ ਬਰਨਾਲਾ ’ਚ ਬਣਾਈਆਂ ਜਾਣਗੀਆਂ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ: ਵਧੀਕ ਡਿਪਟੀ ਕਮਿਸ਼ਨਰ
Publish Date: Tue, 21 Apr 2026 06:56 PM (IST)
Updated Date: Wed, 22 Apr 2026 04:10 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ’ਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਦੀ ਅਗਵਾਈ ਹੇਠ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ’ਚ 6.50 ਲੱਖ ਬੂਟੇ ਲਗਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਮੀਟਿੰਗ ਦੌਰਾਨ ਕੀਤਾ। ਏਡੀਸੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੀਡੀਪੀਓਜ਼ ਦੀ ਦੇਖ-ਰੇਖ ਹੇਠ 3 ਬਲਾਕਾਂ ’ਚ 3 ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ ਬਣਾਈਆਂ ਜਾਣਗੀਆਂ ਜਿਸ ਵਾਸਤੇ ਪੰਚਾਇਤੀ ਜਗ੍ਹਾ ਦੀ ਸ਼ਨਾਖ਼ਤ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪਿੰਡਾਂ ’ਚ ਸਾਂਝੀਆਂ ਥਾਵਾਂ ’ਤੇ ਬੂਟੇ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਜਿੱਥੇ ਬੂਟੇ ਮੁਹਈਆ ਕਰਾਏ ਜਾਣਗੇ ਓਥੇ ਖੁਦ ਵੀ ਉਗਾਏ ਜਾਣਗੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਬੂਟੇ ਲਾਏ ਜਾਣਗੇ। ਇਸ ਤੋਂ ਇਲਾਵਾ ਪੰਚਾਇਤੀ ਰਾਜ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਆਪਣੇ ਅਧੀਨ ਆਉਂਦੀਆਂ ਸੜਕਾਂ/ ਥਾਵਾਂ ’ਤੇ ਬੂਟੇ ਲਾਏ ਜਾਣਗੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਸ ਮੁਹਿੰਮ ’ਚ ਯੋਗਦਾਨ ਪਾਉਣ ਤੇ ਆਪਸੀ ਤਾਲਮੇਲ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਬੀਡੀਪੀਓ ਬਰਨਾਲਾ ਜਗਤਾਰ ਸਿੰਘ, ਬੀਡੀਪੀਓ ਸ਼ਹਿਣਾ ਜਗਰਾਜ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।