'700 ਕਿਸਾਨਾਂ ਦੇ ਕਾਤਲਾਂ ਤੇ ਪੰਜਾਬ 'ਚ ਨਸ਼ਾ ਲਿਆਉਣ ਵਾਲਿਆਂ ਨੂੰ ਲੋਕ ਮਾਫ ਨਹੀਂ ਕਰਨਗੇ', ਅਕਾਲੀ-ਭਾਜਪਾ ਗੱਠਜੋੜ 'ਤੇ ਗਰਜੇ ਹਰਪਾਲ ਚੀਮਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਭਾਜਪਾ ਦੇ ਹੋਏ ਇਕੱਠ ਜੋੜ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹੀ ਗੱਠਜੋੜ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਨਹੀਂ ਹੋਵੇਗਾ। ਉਹ ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਤੇ ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ ਗਠਜੋੜ ਹੈ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ।
Publish Date: Tue, 24 Nov 2026 04:52 PM (IST)
Updated Date: Tue, 24 Nov 2026 04:53 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਭਾਜਪਾ ਦੇ ਹੋਏ ਇਕੱਠ ਜੋੜ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹੀ ਗੱਠਜੋੜ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਨਹੀਂ ਹੋਵੇਗਾ। ਉਹ ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਤੇ ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ ਗਠਜੋੜ ਹੈ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ। ਉਨਾਂ ਅੱਗੇ ਕਿਹਾ ਕਿ ਕਿਸਾਨੀ ਸੰਘਰਸ਼ ਦੀਆਂ ਕੁਰਬਾਨੀਆਂ ਭੁਲਾ ਕੇ ਮੁੜ ਸਿਆਸੀ ਸਾਂਝ ਪਾਉਣਾ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਸੱਤਾ ਦੀ ਲਾਲਸਾ ਵਿੱਚ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਦੇਣਗੇ ਕਰਾਰਾ ਜਵਾਬ ਦੇਣਗੇ। ਉਹਨਾਂ ਅੱਗੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਇਆ ਗਠਜੋੜ ਸਿਧਾਂਤਾਂ 'ਤੇ ਨਹੀਂ, ਸਗੋਂ ਸਿਆਸੀ ਸਵਾਰਥਾਂ ਅਤੇ ਕੁਰਸੀ ਦੀ ਭੁੱਖ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨਾਲੋਂ ਆਪਣੇ ਸਿਆਸੀ ਹਿੱਤਾਂ ਨੂੰ ਤਰਜੀਹ ਦੇਣ ਵਾਲੀਆਂ ਦੋਵਾਂ ਪਾਰਟੀਆਂ ਦਾ ਅਸਲ ਚਿਹਰਾ ਇੱਕ ਵਾਰ ਫਿਰ ਲੋਕਾਂ ਸਾਹਮਣੇ ਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਕਿਸਾਨਾਂ ਦੇ ਲੰਮੇ, ਸ਼ਾਂਤਮਈ ਅਤੇ ਦ੍ਰਿੜ੍ਹ ਸੰਘਰਸ਼ ਤੋਂ ਬਾਅਦ ਹੀ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹਰ ਵਰਗ ਨੇ ਅਨੇਕਾਂ ਮੁਸ਼ਕਲਾਂ ਝੱਲੀਆਂ, ਪਰ ਆਪਣੇ ਹੱਕਾਂ ਦੀ ਰਾਖੀ ਲਈ ਚੱਟਾਨ ਵਾਂਗ ਡਟੇ ਰਹੇ।
ਚੀਮਾ ਨੇ ਕਿਹਾ ਕਿ ਜਿਹੜਾ ਅਕਾਲੀ ਦਲ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਤੋਂ ਵੱਖ ਹੋਣ ਦੇ ਦਾਅਵੇ ਕਰਦਾ ਰਿਹਾ, ਉਸ ਨੇ ਹੁਣ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਭੁਲਾ ਕੇ ਮੁੜ ਉਸੇ ਪਾਰਟੀ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕਿਸਾਨ ਅੰਦੋਲਨ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦਾ ਅਪਮਾਨ ਅਤੇ ਸਮੁੱਚੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਨ੍ਹਾਂ ਮੁੱਦਿਆਂ ਨੂੰ ਆਧਾਰ ਬਣਾ ਕੇ ਉਸ ਨੇ ਭਾਜਪਾ ਨਾਲੋਂ ਵੱਖ ਹੋਣ ਦਾ ਦਾਅਵਾ ਕੀਤਾ ਸੀ, ਉਹ ਮੁੱਦੇ ਹੁਣ ਕਿੱਥੇ ਗਏ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਮੁੜ ਪੁਰਾਣੀ ਸਾਂਝ ਕਾਇਮ ਕਰਨਾ ਇਹ ਸਾਬਤ ਕਰਦਾ ਹੈ ਕਿ ਦੋਵਾਂ ਪਾਰਟੀਆਂ ਲਈ ਸਿਧਾਂਤਾਂ, ਕਿਸਾਨਾਂ ਅਤੇ ਪੰਜਾਬ ਦੇ ਹਿੱਤਾਂ ਨਾਲੋਂ ਸੱਤਾ ਪ੍ਰਾਪਤੀ ਵਧੇਰੇ ਮਹੱਤਵਪੂਰਨ ਹੈ। ਅਕਾਲੀ-ਭਾਜਪਾ ਦੇ ਪਿਛਲੇ ਸ਼ਾਸਨ ’ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਦੋਸ਼ ਲਾਇਆ ਕਿ ਇਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਹੋਇਆ, ਬੇਅਦਬੀ ਦੀਆਂ ਦੁਖਦਾਈ ਘਟਨਾਵਾਂ ਵਾਪਰੀਆਂ ਅਤੇ ਸੂਬੇ ਦੀ ਨੌਜਵਾਨੀ ਨੂੰ ਗੰਭੀਰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੰਸਥਾਵਾਂ ਅਤੇ ਵਸੀਲਿਆਂ ਨੂੰ ਮਜ਼ਬੂਤ ਕਰਨ ਦੀ ਥਾਂ ਰਵਾਇਤੀ ਪਾਰਟੀਆਂ ਨੇ ਸੱਤਾ ਦੀ ਵਰਤੋਂ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਕੀਤੀ, ਜਿਸ ਕਾਰਨ ਪੰਜਾਬ ਦੇ ਲੋਕ ਇਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਲੰਮਾ ਸਮਾਂ ਪੰਜਾਬ ਅਤੇ ਪੰਥ ਦੇ ਨਾਂ ’ਤੇ ਰਾਜਨੀਤੀ ਕੀਤੀ, ਪਰ ਸੱਤਾ ਵਿੱਚ ਰਹਿੰਦਿਆਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸੇ ਤਰ੍ਹਾਂ ਭਾਜਪਾ ਦੀਆਂ ਕੇਂਦਰੀ ਨੀਤੀਆਂ ਨੇ ਕਿਸਾਨਾਂ, ਵਪਾਰੀਆਂ ਅਤੇ ਆਮ ਪਰਿਵਾਰਾਂ ’ਤੇ ਆਰਥਿਕ ਬੋਝ ਵਧਾਇਆ। ਉਨ੍ਹਾਂ ਕਿਹਾ ਕਿ ਹੁਣ ਦੋਵੇਂ ਪਾਰਟੀਆਂ ਗਠਜੋੜ ਕਰਕੇ ਪੰਜਾਬ ਦੇ ਲੋਕਾਂ ਨੂੰ ਮੁੜ ਗੁਮਰਾਹ ਕਰਨ ਦਾ ਯਤਨ ਕਰ ਰਹੀਆਂ ਹਨ, ਪਰ ਸੂਬੇ ਦੇ ਸੂਝਵਾਨ ਲੋਕ ਇਨ੍ਹਾਂ ਦੀਆਂ ਸਿਆਸੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਚੀਮਾ ਨੇ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਅਤੇ ਭਾਜਪਾ ਸੱਤਾ ਹਾਸਲ ਕਰਨ ਲਈ ਮੁੜ ਇਕੱਠੇ ਹੋਏ ਹਨ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਆਧਾਰ ਕੰਮ, ਇਮਾਨਦਾਰੀ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਹੈ, ਜਦਕਿ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਦਾ ਇੱਕੋ-ਇੱਕ ਉਦੇਸ਼ ਸੱਤਾ ਹਾਸਲ ਕਰਨਾ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕ ਸੂਬੇ ਦੇ ਹਿੱਤਾਂ, ਅਧਿਕਾਰਾਂ ਅਤੇ ਵਸੀਲਿਆਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਟਾਨ ਵਾਂਗ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਾ ਤਾਂ ਕਿਸਾਨ ਵਿਰੋਧੀ ਨੀਤੀਆਂ ਨੂੰ ਮੁੜ ਲਾਗੂ ਹੋਣ ਦੇਣਗੇ ਅਤੇ ਨਾ ਹੀ ਪੰਜਾਬ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਸਫ਼ਲ ਹੋਣ ਦੇਣਗੇ। ਆਗਾਮੀ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਚੀਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਅਤੇ ਸਿਆਸੀ ਪਾਰਟੀ ਨੂੰ ਚੋਣ ਲੜਨ ਦਾ ਅਧਿਕਾਰ ਹੈ, ਪਰ ਅੰਤਿਮ ਫ਼ੈਸਲਾ ਜਨਤਾ ਦੀ ਕਚਹਿਰੀ ਵਿੱਚ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਿਰਫ਼ ਗਠਜੋੜਾਂ, ਨਾਅਰਿਆਂ ਜਾਂ ਝੂਠੇ ਵਾਅਦਿਆਂ ਨਾਲ ਨਹੀਂ, ਸਗੋਂ ਲੋਕਾਂ ਵਿੱਚ ਰਹਿ ਕੇ ਕੀਤੇ ਗਏ ਕੰਮਾਂ ਅਤੇ ਹਾਸਲ ਕੀਤੇ ਭਰੋਸੇ ਨਾਲ ਜਿੱਤੀਆਂ ਜਾਂਦੀਆਂ ਹਨ। ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਬਾਕੀ ਰਹਿੰਦੇ ਉਮੀਦਵਾਰਾਂ ਦੀ ਤੀਜੀ ਸੂਚੀ ਵੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ ਅਤੇ ਪੰਜਾਬ ਦੇ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ-ਪੱਖੀ ਸ਼ਾਸਨ ਦੇ ਹੱਕ ਵਿੱਚ ਫ਼ਤਵਾ ਦੇਣਗੇ। ਭਾਜਪਾ ਨੇ ਅੱਜ ਦੇ ਦਿਨ ਤਿੰਨ ਕਾਲੇ ਕਾਨੂੰਨ ਵਾਪਸ ਲਏ ਸਨ ਅਤੇ ਅਕਾਲੀ ਭਾਜਪਾ ਗੱਠਜੋੜ ਅੱਜ ਦੇ ਦਿਨ ਹੀ ਹੋਣਾ ਪੰਜਾਬ ਦੇ ਲੋਕਾਂ ਦੇ ਜਖਮਾਂ ਉੱਤੇ ਨਮਕ ਛਿੜਕਣ ਦੇ ਬਰਾਬਰ ਹੈ। ਫੋਟੋ ਕੈਪਸ਼ਨ ਦਿੜਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।