ਸ਼ੰਭੂ ਗੋਇਲ, ਲਹਿਰਾਗਾਗਾ : ਪੰਜਾਬ ਦੀ ਕੈਪਟਨ ਸਰਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟ ਰਹੀ ਹੈ, ਇਨ੍ਹਾਂ ਨੂੰ ਬਜਟ ਸੈਸ਼ਨ ਸਮੇਂ ਵਿਧਾਨ ਸਭਾ ਵਿਚ ਘੇਰਾਂਗੇ। ਇਹ ਪ੍ਰਗਟਾਵਾ ਹਲਕਾ ਦਿੜ੍ਹਬਾ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਕਹਿ ਰਹੇ ਹਨ ਕਿ ਸੂਬੇ ਦਾ ਖ਼ਜ਼ਾਨਾ ਖ਼ਾਲੀ ਹੈ ਤਾਂ ਅੰਤਰਿਮ ਬਜਟ ਸਬੰਧੀ ਇਨ੍ਹਾਂ ਤੋਂ ਕੀ ਆਸ ਰੱਖੀ ਜਾ ਸਕਦੀ ਹੈ? ਸਾਫ਼ ਹੈ ਕਿ ਕਾਂਗਰਸ ਸਰਕਾਰ ਭਿ੍ਸ਼ਟ ਸਰਕਾਰ ਹੈ। ਚੋਣਾਂ ਸਮੇਂ 2017 ਵਿਚ ਕੈਪਟਨ ਨੇ ਜੋ ਵਾਅਦੇ ਕਰ ਕੇ ਵੋਟਾਂ ਲਈਆਂ ਸਨ, ਚਾਰ ਸਾਲ ਲੰਘਣ ਮਗਰੋਂ ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਚੋਣਾਂ ਵੇਲੇ ਮਾਫ਼ੀਆ ਰਾਜ ਖ਼ਤਮ ਕਰਨ, ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ, ਬੁਢਾਪਾ ਪੈਨਸ਼ਨ 4000 ਕਰਨੀ, ਕਿਸਾਨ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਸਿਰ ਥੋਪੇ ਕਾਲੇ ਕਾਨੂੰਨਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਇਹ ਕਾਨੂੰਨ ਲੋਕਾਂ 'ਤੇ ਥੋਪੇ ਹਨ। ਇਸ ਸਮੇਂ ਸੀਨੀਅਰ ਆਗੂ ਕੁਲਜਿੰਦਰ ਸਿੰਘ ਢੀਂਡਸਾ, ਕੰਵਰਜੀਤ ਸਿੰਘ ਕੁੱਕੀ ਲਦਾਲ, ਸਵਰਨਜੀਤ ਸਿੰਘ ਬਲਾਕ ਪ੍ਰਧਾਨ ਆਪ ਤੇ ਪਾਰਟੀ ਵਰਕਰ ਮੌਜੂਦ ਸਨ।