ਪਿੰਡ ਮਾਝੀ ’ਚ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਸ਼ੁਰੂਆਤ ਪਿੰਡ ਮਾਝੀ ’ਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਸ਼ੁਰੂਆਤ
Publish Date: Tue, 18 Aug 2026 05:34 PM (IST)
Updated Date: Wed, 19 Aug 2026 04:00 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿਹਤ ਸਬੰਧੀ ਜਾਗਰੂਕਤਾ, ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਸਮੇਂ ਸਿਰ ਸਿਹਤ ਸਲਾਹ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਭਵਾਨੀਗੜ੍ਹ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਤਾਂ ਜੋ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਨੂੰ ਹਦਾਇਤ ਕੀਤੀ ਕਿ ਸੈਂਟਰ ਦੇ ਨਿਰਮਾਣ ਕਾਰਜ ਵਿੱਚ ਗੁਣਵੱਤਾ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਕੰਮ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਝੀ ਵਿਖੇ ਬਣਨ ਵਾਲਾ ਇਹ ਸਿਹਤ ਕੇਂਦਰ ਪਿੰਡ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਵੀ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ।ਇਸ ਮੌਕੇ ਸਰਪੰਚ ਕਰਨੈਲ ਸਿੰਘ ਮਾਝੀ, ਲਖਵਿੰਦਰ ਸਿੰਘ ਫੱਗੂਵਾਲ ਹਾਜ਼ਰ ਸਨ।