ਸ਼ਹਿਰ 'ਚ ਲੱਗੇ ਗੰਦਗੀ ਦੇ ਅੰਬਾਰ, ਭਾਜਪਾਈਆਂ ਵੱਲੋਂ ਰੋਸ ਪ੍ਰਦਰਸ਼ਨ ਸ਼ਹਿਰ 'ਚ ਲੱਗੇ ਗੰਦਗੀ ਦੇ ਅੰਬਾਰ, ਭਾਜਪਾਈਆਂ ਕੀਤਾ ਪ੍ਰਦਰਸ਼ਨ
Publish Date: Wed, 15 Jul 2026 03:40 PM (IST)
Updated Date: Wed, 15 Jul 2026 03:42 PM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਸ਼ਹਿਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਲਗਾਤਾਰ ਹੜਤਾਲ ਕਾਰਨ ਪੈਦਾ ਹੋਏ ਗੰਭੀਰ ਸਫ਼ਾਈ ਸੰਕਟ ਨੂੰ ਲੈ ਕੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਇਸ ਦੇ ਹੱਲ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਹਰ ਪਾਸੇ ਗੰਦਗੀ ਫੈਲੀ ਹੋਈ ਹੈ, ਜਿਸ ਕਾਰਨ ਬਦਬੂ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਵੀ ਗੰਭੀਰ ਖ਼ਤਰਾ ਬਣ ਗਿਆ ਹੈ। ਆਮ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੇ। ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਅਤੇ ਭਾਜਪਾ ਆਗੂ ਅਮਨ ਪੂਨੀਆਂ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੀ ਇਹ ਹਾਲਤ ਦੇ ਜਿੰਮੇਵਾਰ ਕਾਂਗਰਸ ਅਤੇ ਮੌਜੂਦਾ ਸਰਕਾਰ ਹੈ ਜਿਸ ਵਿੱਚ ਸੀਵਰੇਜ ਦੇ 170 ਕਰੋੜ ਰੁਪਏ ਆਉਣ ਦੇ ਬਾਵਜੂਦ ਵੀ ਸ਼ਹਿਰ ਦੇ ਵਿੱਚ ਸਫਾਈ ਅਤੇ ਸੀਵਰੇਜ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਲੋਕ ਗੰਦਗੀ ਅਤੇ ਬਿਮਾਰੀਆਂ ਦੇ ਸਾਏ ਹੇਠ ਜਿਊਣ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੱਢ ਕੇ ਹੜਤਾਲ ਖਤਮ ਕਰਵਾਈ ਜਾਵੇ ਅਤੇ ਸ਼ਹਿਰ ਵਿੱਚ ਜੰਗੀ ਪੱਧਰ ਤੇ ਸਫਾਈ ਮੁਹਿੰਮ ਚਲਾ ਕੇ ਇਕੱਠੇ ਹੋਏ ਕੂੜੇ ਨੂੰ ਤੁਰੰਤ ਚੁੱਕਿਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਬਿਮਾਰੀਆਂ ਦੇ ਖ਼ਤਰੇ ਨੂੰ ਟਾਲਿਆ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਭਾਜਪਾ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕਤਰ ਪ੍ਰਦੀਪ ਗਰਗ, ਸੁਰਿੰਦਰ ਸ਼ਰਮਾ, ਨਰਿੰਦਰ ਗੁਪਤਾ, ਸੁਖਪਾਲ ਸ਼ਰਮਾ, ਪ੍ਰਗਟ ਸਿੰਘ, ਅਮੀਰ ਸਿੰਘ, ਜਗਦੇਵ ਜਿੰਦਲ, ਅਸ਼ੀਸ਼ ਗਰਗ, ਭੁਪੇਸ਼ ਜਿੰਦਲ, ਜਗਸੀਰ ਸਿੰਘ, ਪਰਮਜੀਤ ਸ਼ਰਮਾ, ਆਵਾ ਸਿੰਘ, ਰਜਿੰਦਰ ਸਿੰਘ, ਰਮਨ ਕੁਮਾਰ, ਕੋਮਲ ਰਾਣੀ, ਬਲਜੀਤ ਕੌਰ ਜੀਤੀ, ਪਰਮਜੀਤ ਕੌਰ, ਧਰਮਵੀਰ ਆਦਿ ਮੌਜੂਦ ਸਨ।