- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਹਨਜੀਤ ਸ਼ੇਰੋਂ ਮਾਮਲੇ ਦੀ, ਕਮਿਸ਼ਨ ਸਾਹਮਣੇ ਹੋਈ ਸੁਣਵਾਈ

ਪੁਲਿਸ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਮੂਹਰੇ ਰੱਖਿਆ ਪੱਖ
ਦਾਮਨ ਬਾਜਵਾ ਵੱਲੋਂ ਇਨਸਾਫ਼ ਤੱਕ ਲੜਨ ਦਾ ਅਹਿਦ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਸ਼ੇਰੋਂ ਵਿਖੇ ਕਾਲਾ ਕੱਪੜਾ ਦਿਖਾਕੇ ਨਸ਼ੇ ਬੰਦ ਕਰਨ ਦੀ ਮੰਗ ਕਰਨ ਵਾਲੇ ਕਥਿਤ ਪੁਲਿਸ ਤਸ਼ੱਦਦ ਦਾ ਸ਼ਿਕਾਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ ਵਿਖੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੀ ਮੋਹਨਜੀਤ ਸਿੰਘ ਸ਼ੇਰੋਂ ਦੇ ਨਾਲ ਹਾਜ਼ਰ ਰਹੇ ਅਤੇ ਮਾਮਲੇ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਕਮਿਸ਼ਨ ਦੇ ਸਾਹਮਣੇ ਰੱਖਿਆ।
ਦਾਮਨ ਬਾਜਵਾ ਨੇ ਦੱਸਿਆ ਕਿ ਸੁਣਵਾਈ ਦੌਰਾਨ ਏਡੀਜੀਪੀ ਪੰਜਾਬ ਪੁਲਿਸ ਅਤੇ ਐੱਸਐੱਸਪੀ, ਸੰਗਰੂਰ ਵੀ ਕਮਿਸ਼ਨ ਦੇ ਸਾਹਮਣੇ ਹਾਜ਼ਰ ਰਹੇ ਉਨ੍ਹਾਂ ਉਕਤ ਮਾਮਲੇ ਸਬੰਧੀ ਆਪਣਾ ਪੱਖ ਪੇਸ਼ ਕੀਤਾ। ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਇਹ ਮਾਮਲਾ ਸਿਰਫ਼ ਇੱਕ ਵਿਅਕਤੀ ਨਾਲ ਜੁੜਿਆ ਹੋਇਆ ਨਹੀਂ, ਸਗੋਂ ਨਿਆਂ, ਕਾਨੂੰਨੀ ਪ੍ਰਕਿਰਿਆ ਅਤੇ ਨਾਗਰਿਕਾਂ ਦੇ ਅਧਿਕਾਰਾਂ ਨਾਲ ਜੁੜਿਆ ਇੱਕ ਗੰਭੀਰ ਮਾਮਲਾ ਹੈ। ਇਸ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਵੇ ਅਤੇ ਹਰ ਪੱਖ ਨੂੰ ਕਾਨੂੰਨ ਅਨੁਸਾਰ ਇਨਸਾਫ਼ ਮਿਲੇ।
ਉਨ੍ਹਾਂ ਆਖਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸਬੰਧਿਤ ਅਧਿਕਾਰੀਆਂ ਤੋਂ ਵੀ ਜ਼ਰੂਰੀ ਜਾਣਕਾਰੀ ਅਤੇ ਜਵਾਬ ਮੰਗੇ ਗਏ। ਉਨ੍ਹਾਂ ਉਮੀਦ ਕਰਦਿਆਂ ਕਿਹਾ ਕਿ ਇਸ ਕਾਰਵਾਈ ਰਾਹੀਂ ਮਾਮਲੇ ਦੇ ਤੱਥ ਸਪੱਸ਼ਟ ਹੋਣਗੇ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਇਨਸਾਫ਼ ਦਿਵਾਉਣ ਵੱਲ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਇਸ ਮਾਮਲੇ ਨੂੰ ਹਰ ਯੋਗ ਮੰਚ ’ਤੇ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਂਦਾ ਰਹੇਗਾ।