ਮੋਹਨਜੀਤ ਸ਼ੇਰੋਂ ਮਾਮਲੇ ਦੀ ਕਮਿਸ਼ਨ ਸਾਹਮਣੇ ਹੋਈ ਸੁਣਵਾਈ ਮੋਹਨਜੀਤ ਸ਼ੇਰੋਂ ਮਾਮਲੇ ਦੀ, ਕਮਿਸ਼ਨ ਸਾਹਮਣੇ ਹੋਈ ਸੁਣਵਾਈ
Publish Date: Thu, 15 Oct 2026 06:22 PM (IST)
Updated Date: Fri, 16 Oct 2026 04:03 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਸ਼ੇਰੋਂ ਵਿਖੇ ਕਾਲਾ ਕੱਪੜਾ ਦਿਖਾ ਕੇ ਨਸ਼ੇ ਬੰਦ ਕਰਨ ਦੀ ਮੰਗ ਕਰਨ ਵਾਲੇ ਕਥਿਤ ਪੁਲਿਸ ਤਸ਼ੱਦਦ ਦਾ ਸ਼ਿਕਾਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ ਵਿਖੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੀ ਅਦਾਲਤ ’ਚ ਹੋਈ। ਸੁਣਵਾਈ ਦੌਰਾਨ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੀ ਮੋਹਨਜੀਤ ਸਿੰਘ ਸ਼ੇਰੋਂ ਨਾਲ ਹਾਜ਼ਰ ਰਹੇ ਅਤੇ ਮਾਮਲੇ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਕਮਿਸ਼ਨ ਸਾਹਮਣੇ ਰੱਖਿਆ। ਦਾਮਨ ਬਾਜਵਾ ਨੇ ਦੱਸਿਆ ਕਿ ਸੁਣਵਾਈ ਦੌਰਾਨ ਏਡੀਜੀਪੀ ਪੰਜਾਬ ਪੁਲਿਸ ਤੇ ਐੱਸਐੱਸਪੀ, ਸੰਗਰੂਰ ਵੀ ਕਮਿਸ਼ਨ ਸਾਹਮਣੇ ਹਾਜ਼ਰ ਰਹੇ ਉਨ੍ਹਾਂ ਉਕਤ ਮਾਮਲੇ ਸਬੰਧੀ ਆਪਣਾ ਪੱਖ ਪੇਸ਼ ਕੀਤਾ। ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਇਹ ਮਾਮਲਾ ਸਿਰਫ਼ ਇਕ ਵਿਅਕਤੀ ਨਾਲ ਜੁੜਿਆ ਹੋਇਆ ਨਹੀਂ, ਸਗੋਂ ਨਿਆਂ, ਕਾਨੂੰਨੀ ਪ੍ਰਕਿਰਿਆ ਤੇ ਨਾਗਰਿਕਾਂ ਦੇ ਅਧਿਕਾਰਾਂ ਨਾਲ ਜੁੜਿਆ ਇਕ ਗੰਭੀਰ ਮਾਮਲਾ ਹੈ। ਇਸ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਪੂਰੀ ਤੇ ਨਿਰਪੱਖ ਜਾਂਚ ਹੋਵੇ ਅਤੇ ਹਰ ਪੱਖ ਨੂੰ ਕਾਨੂੰਨ ਅਨੁਸਾਰ ਇਨਸਾਫ਼ ਮਿਲੇ। ਉਨ੍ਹਾਂ ਆਖਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਤੇ ਸਬੰਧਤ ਅਧਿਕਾਰੀਆਂ ਤੋਂ ਵੀ ਜ਼ਰੂਰੀ ਜਾਣਕਾਰੀ ਤੇ ਜਵਾਬ ਮੰਗੇ ਗਏ। ਉਨ੍ਹਾਂ ਉਮੀਦ ਕਰਦਿਆਂ ਕਿਹਾ ਕਿ ਇਸ ਕਾਰਵਾਈ ਰਾਹੀਂ ਮਾਮਲੇ ਦੇ ਤੱਥ ਸਪੱਸ਼ਟ ਹੋਣਗੇ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਇਨਸਾਫ਼ ਦਿਵਾਉਣ ਵੱਲ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੋਹਨਜੀਤ ਸਿੰਘ ਸ਼ੇਰੋਂ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਇਸ ਮਾਮਲੇ ਨੂੰ ਹਰ ਯੋਗ ਮੰਚ ’ਤੇ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਂਦਾ ਰਹੇਗਾ।