ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਵਾਂਗਾ : ਵਿਧਾਇਕ ਕਾਲਾ ਢਿੱਲੋਂ
ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਵਾਂਗਾ- ਵਿਧਾਇਕ ਕਾਲਾ ਢਿੱਲੋਂ
Publish Date: Sun, 21 Jun 2026 06:20 PM (IST)
Updated Date: Mon, 22 Jun 2026 04:07 AM (IST)

ਵਿਧਾਨ ਸਭਾ ਵੱਲੋਂ ਪਾਸ ਕੀਤੇ ਨਵੇਂ ਬੇਅਦਬੀ ਕਾਨੂੰਨ ਸਬੰਧੀ ਵਿਧਾਇਕ ਢਿੱਲੋਂ ਨੂੰ ਵੀ 29 ਜੂਨ ਨੂੰ ਪੇਸ਼ ਹੋਣ ਦੇ ਹੁਕਮ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਮਾਮਲੇ ਚ ਜਿੱਥੇ ਸੱਤਾਧਾਰੀ ਮੰਤਰੀਆਂ/ਵਿਧਾਇਕਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ ਉਥੇ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੁਲਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਮਿਲੀ ਚਿੱਠੀ ਦੀ ਪੁਸ਼ਟੀ ਕਰਦੇ ਹੋਏ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬ ਦੇ ਸਨਮੁੱਖ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ 11 ਅਪ੍ਰੈਲ 2026 ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)2026 ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਨੂੰ ਪੰਜਾਬ ਵਿਧਾਨ ਸਭਾ ਵੱਲੋਂ 13 ਅਪ੍ਰੈਲ 2026 ਨੂੰ ਪਾਸ ਵੀ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਚਿੱਠੀ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਉਕਤ ਕਾਨੂੰਨ ਵਿਧਾਨ ਸਭਾ ਵੱਲੋਂ ਕੇਂਦਰੀ ਸਿੱਖ ਸੰਸਥਾਵਾਂ, ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਗਿਆ ਜਿਸ ਨਾਲ ਸਿੱਖ ਸੰਗਤ ਅੰਦਰ ਭਾਰੀ ਰੋਸ ਅਤੇ ਆਪਸੀ ਖਾਨਾਜੰਗੀ ਵਾਲਾ ਮਾਹੌਲ ਪੈਦਾ ਹੋਇਆ ਹੈ। ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਹੀ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਬੁਲਾਉਣ ਸਬੰਧੀ ਫੈਸਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੀ ਸਾਰੇ ਵਿਧਾਇਕਾਂ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਗੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਵੱਸਦੇ ਸੱਚੇ ਸਿੱਖਾਂ ਦੇ ਵਾਂਗ ਉਹ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਇੱਕੋ ਇੱਕ ਸਰਵਉੱਚ ਸੰਸਥਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਉਹਨਾਂ ਲਈ ਹਮੇਸ਼ਾ ਸਿਰ ਮੱਥੇ ਰਹੇਗਾ। ਜਦੋਂ ਪੱਤਰਕਾਰਾਂ ਨੇ ਵਿਧਾਇਕ ਢਿੱਲੋਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਆਪਣੇ ਪੱਖ ਸਬੰਧੀ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਜਾਣ ਸਮੇਂ ਕਾਂਗਰਸ ਪਾਰਟੀ ਦੇ ਹੋਰ ਵਿਧਾਇਕ ਵੀ ਹਾਜ਼ਰ ਸਨ ਇਸ ਲਈ ਅਕਾਲ ਤਖ਼ਤ ਤੇ 29 ਜੂਨ ਦੀ ਪੇਸ਼ੀ ਤੋਂ ਪਹਿਲਾਂ ਇਹ ਮਾਮਲਾ ਪਾਰਟੀ ਪਲੇਟਫਾਰਮ ਤੇ ਵੀ ਵਿਚਾਰਿਆ ਜਾ ਸਕਦਾ ਹੈ,ਪਰ ਉਹ ਹਰ ਹਾਲਤ ਵਿੱਚ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਪੇਸ਼ ਹੋਣਗੇ।