- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਨਾ ਹੋਈ ਤਾਂ 20 ਨੂੰ ਕਰਾਂਗੇ ਸੜਕ ਜਾਮ : ਉਗਰਾਹਾਂ

ਤਿੰਨ-ਤਿੰਨ ਹਫਤਿਆਂ ਤੋਂ ਮੰਡੀਆਂ ’ਚ ਝੋਨਾ ਲੈ ਕੇ ਬੈਠੇ ਨੇ ਕਿਸਾਨ
ਘਰਾਚੋਂ ਮੰਡੀ ’ਚ ਵੱਡਾ ਇਕੱਠ ਕਰਨ ਦਾ ਐਲਾਨ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਆਲੋਅਰਖ ਦੀ ਅਗਵਾਈ ਹੇਠ ਪਿੰਡ ਘਰਾਚੋਂ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਮੰਡੀ ਵਿੱਚ ਝੋਨਾ ਲੈ ਕੇ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਜਨਰਲ ਸਕੱਤਰ ਰਘਵੀਰ ਸਿੰਘ ਘਰਾਚੋਂ ਨੇ ਦੱਸਿਆ ਕਿ ਬਲਾਕ ਭਵਾਨੀਗੜ੍ਹ ਅਧੀਨ ਆਉਂਦੇ ਪਿੰਡਾਂ ਦੀਆਂ ਮੰਡੀਆਂ ਵਿੱਚ ਕਿਸਾਨ ਪਿਛਲੇ ਕਰੀਬ ਤਿੰਨ-ਤਿੰਨ ਹਫਤਿਆਂ ਤੋਂ ਝੋਨਾ ਲੈ ਕੇ ਬੈਠੇ ਹਨ, ਪਰ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫਰਕ ਹੈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੇ ਜਾਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਮੰਡੀਆਂ ਵਿੱਚ ਲੱਗਭੱਗ ਤੀਜਾ ਤੋਂ ਚੌਥਾ ਹਿੱਸਾ ਝੋਨਾ ਪਿਆ ਹੈ, ਜਿਸ ਕਾਰਨ ਕਿਸਾਨਾਂ ਦੀ ਅਗਲੀ ਫ਼ਸਲ ਅਤੇ ਘਰੇਲੂ ਕੰਮਕਾਜ ਵੀ ਪ੍ਰਭਾਵਿਤ ਹੋ ਰਹੇ ਹਨ।
ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ ਦੋ ਦਿਨਾਂ ਅੰਦਰ ਝੋਨੇ ਦੀ ਖਰੀਦ ਦਾ ਪੱਕਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਨੂੰ ਪਿੰਡ ਘਰਾਚੋਂ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਸੰਗਰੂਰ-ਪਟਿਆਲਾ ਮੁੱਖ ਮਾਰਗ ਜਾਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਕਿਸਾਨਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਵੀ ਮੌਜੂਦ ਸਨ।