ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਆਪਣੇ ਵਾਅਦੇ ਤੋਂ ਮੁੱਕਰੇ
ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਆਪਣੇ ਵਾਅਦੇ ਤੋਂ ਮੁੱਕਰੇ
Publish Date: Sun, 01 Feb 2026 04:31 PM (IST)
Updated Date: Mon, 02 Feb 2026 04:05 AM (IST)

ਜੋਗੀਆਂ ਦੀਆਂ ਝੁੱਗੀਆਂ ਬੁਲਡੋਜ਼ਰ ਨਾਲ ਕੀਤੀਆਂ ਤਬਾਹ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇੰਪਰੂਵਮੈਂਟ ਟਰੱਸਟ ਬਰਨਾਲਾ ਵੱਲੋਂ ਟਰੱਸਟ ਦੀ ਜਗ੍ਹਾ ’ਚ ਪਿਛਲੇ 50-60 ਸਾਲਾਂ ਤੋਂ ਕੁਲੀਆਂ ਪਾਕੇ ਗੁਜ਼ਾਰਾ ਬਸ਼ਰ ਕਰ ਰਹੇ ਬੇ ਘਰੇ ਜੋਗੀ-ਨਾਥਾਂ ਦੀਆਂ ਸੱਠ ਦੇ ਕਰੀਬ ਝੁੱਗੀਆਂ ਝੌਂਪੜੀਆਂ ਨੂੰ ਬੁਲਡੋਜ਼ਰ ਫੇਰ ਕੇ ਤਬਾਹ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ’ਚ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਕਾਮਰੇਡ ਖੁਸ਼ੀਆਂ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਤੇ ਨਛੱਤਰ ਸਿੰਘ ਰਾਮਨਗਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਆਗੂ ਗੁਰਮੇਲ ਸਿੰਘ, ਸਮਾਜ ਸੇਵੀ ਆਗੂ ਜੱਸੀ ਪੇਧਨੀ, ਜਮਹੂਰੀ ਅਧਿਕਾਰ ਸਭਾ ਦੇ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ ਤੇ ਹਰਚਰਨ ਸਿੰਘ ਚਹਿਲ ਨੇ ਇਕ ਪ੍ਰੈਸ ਬਿਆਨ ਰਾਹੀਂ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ ਕੀਤੀ ਤੇ ਕਿਹਾ ਕਿ ਇਨ੍ਹਾਂ ਗ਼ਰੀਬ ਲੋਕਾਂ ਦੇ ਪੱਕੇ ਵਸੇਬੇ ਲਈ ਕਈ ਵਾਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ। ਖ਼ੁਦ ਚੇਅਰਮੈਨ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ ਇਨ੍ਹਾਂ ਬੇਘਰੇ ਲੋਕਾਂ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇਗਾ ਤੇ ਜ਼ਬਰਦਸਤੀ ਨਹੀਂ ਉਠਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਇਥੇ ਰਹਿਣ ਵਾਲੇ ਬਾਲਗ ਲੋਕਾਂ ਦੀਆਂ ਲੰਬੇ ਸਮੇਂ ਤੋਂ ਆਧਾਰ ਕਾਰਡ ਤੇ ਵੋਟਾਂ ਬਣੀਆਂ ਹੋਈਆਂ ਹਨ, ਉਨ੍ਹਾਂ ਦੇ ਬੱਚੇ ਇੱਥੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਪੜ੍ਹਦੇ ਹਨ। ਇਹ ਹਰ ਵਾਰ ਸਤਾਧਾਰੀ ਲੋਕਾਂ ਨੂੰ ਵੋਟਾਂ ਪਾਉਂਦੇ ਆ ਰਹੇ ਹਨ, ਜਿਹੜੇ ਇਨ੍ਹਾਂ ਨੂੰ ਪੱਕੇ ਵਸੇਬੇ ਦੀਆਂ ਗ੍ਰੰਟੀਆਂ ਕਰਦੇ ਰਹੇ ਹਨ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਰਾਜ ਕਰਨ ਵਾਲੀਆਂ ਪਾਰਟੀਆਂ ਤੇ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਵੀ ਇਹ ਫ਼ੈਸਲੇ ਕੀਤੇ ਗਏ ਹਨ ਕਿ ਲੰਬਾ ਸਮਾਂ ਆਬਾਦ ਕਰ ਕੇ ਬੈਠੇ ਲੋਕਾਂ ਨੂੰ ਉਜਾੜਿਆ ਨਹੀਂ ਜਾਵੇਗਾ। ਪਰ ਭਗਵੰਤ ਮਾਨ ਦੀ ਸਰਕਾਰ ਨੇ ਗਰੀਬ ਜੋਗੀ ਨਾਥਾਂ ਨਾਲ ਸਰਦੀ ਦੇ ਮੌਸਮ ’ਚ ਜੱਗੋਂ ਤੇਰ੍ਹਵੀਂ ਕੀਤੀ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ’ਤੇ ਡਾਂਗਾਂ ਵਰ੍ਹਾਈਆਂ ਗਈਆਂ, ਉਨ੍ਹਾਂ ਦੀਆਂ ਔਰਤਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਆਗੂਆਂ ਮੰਗ ਕੀਤੀ ਕਿ ਜਿਨ੍ਹਾਂ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੇ ਪੁਲਿਸ ਵਾਲਿਆਂ ਵੱਲੋਂ ਇਨ੍ਹਾਂ ਗ਼ਰੀਬਾਂ ਦੀਆਂ ਔਰਤਾਂ ਤੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਕੇ ਝੁੱਗੀਆਂ ਉਜਾੜ ਦਿੱਤੀਆਂ ਹਨ, ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਝੁੱਗੀ ਝੌਂਪੜੀ ਵਾਲਿਆਂ ਨੂੰ ਮੁੜ ਵਸੇਬੇ ਤਹਿਤ ਘਰ ਪਾਉਣ ਲਈ ਪਲਾਟ ਦਿੱਤੇ ਜਾਣ, ਝੁੱਗੀਆਂ ਵਾਲਿਆਂ ਦਾ ਜੋ ਆਰਥਿਕ ਨੁਕਸਾਨ ਹੋਇਆ ਹੈ, ਸਰਕਾਰ ਵੱਲੋਂ ਉਸਦੀ ਭਰਪਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਆਉਂਦੇ ਦਿਨਾਂ ’ਚ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਇਕੱਠਾ ਕਰਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜ਼ੋਰਦਾਰ ਢੰਗ ਨਾਲ ਪਰਦਾਫ਼ਾਸ਼ ਕੀਤਾ ਜਾਵੇਗਾ ਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।