- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਦੇ ਹੁਕਮ ਅਨੁਸਾਰ ਅੱਜ ਨਸ਼ਿਆ ਖਿਲਾਫ ਬਿਗਲ ਵੱਜੇਗਾ : ਸ਼ੇਰਪੁਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਵਲੋਂ ਵੱਲੋਂ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਰਦਾਸ ਦਿਵਸ ਮਨਾਉਣ ਦਾ ਜੋ ਪ੍ਰੋਗਰਾਮ ਦਿੱਤਾ ਗਿਆ ਹੈ, ਬਹੁਤ ਹੀ ਸਮੇਂ ਸਿਰ ਢੁੱਕਵਾਂ ਅਤੇ ਕੌਮ ਅੰਦਰ ਉਤਸ਼ਾਹ ਪੈਦਾ ਕਰਨ ਲਈ ਸਾਰਥਿਕ ਹੋਵੇਗਾ ਕਿਉਂਕਿ ਇਸ ਮੌਕੇ ਨਸ਼ਿਆਂ ਖ਼ਿਲਾਫ਼ ਸਮੁੱਚੀ ਕੌਮ ਵੱਲੋਂ ਇਕਜੁਟਤਾ ਨਾਲ ਆਵਾਜ਼ ਬੁਲੰਦ ਕਰ ਕੇ ਬਿਗਲ ਵਜਾਇਆ ਜਾਵੇਗਾ ਅਤੇ ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ ਅਰਦਾਸ ਦਿਵਸ ਮਨਾਉਣ ਨਾਲ ਕੌਮ ਵੱਲੋਂ ਇਕਜੁਟਤਾ ਨਾਲ ਜ਼ਬਰ, ਜ਼ੁਲਮ, ਅਤਿਆਚਾਰ ਅਤੇ ਬੇਇਨਸਾਫ਼ੀ ਖਿਲਾਫ ਇੱਕ ਲਹਿਰ ਪ੍ਰਚੰਡ ਹੋਵੇਗੀ ਅਤੇ ਨਸ਼ਿਆਂ ਖ਼ਿਲਾਫ਼ ਸਮਾਜ ਅੰਦਰ ਚੇਤਨਤਾ ਦੀ ਲਹਿਰ ਤੇਜ਼ੀ ਨਾਲ ਅੱਗੇ ਵਧੇਗੀ। ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੀਆਂ ਸੰਸਥਾਵਾਂ, ਕਮੇਟੀਆਂ ਅੰਦਰ ਵੀ ਪੂਰੇ ਜਜ਼ਬੇ ਨਾਲ ਹੋਰ ਵਿਸ਼ਵਾਸ, ਜੋਸ਼ ਤੇ ਉਤਸ਼ਾਹ ਵਧੇਗਾ। ਉਨ੍ਹਾਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤਾਂ ਵੱਲੋਂ ਅਰਦਾਸ ਕਰ ਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ।