
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਪੱਕਾ ਮੋਰਚਾ, ਤਿਆਰੀਆਂ ਜ਼ੋਰਾਂ ’ਤੇ

ਸੱਤਪਾਲ ਸਿੰਘ ਕਾਲਾਬੂਲਾ/ਜਸਪਾਲ ਲਾਡੇਵਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਭਾਰਤ-ਅਮਰੀਕਾ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਪੁਲਿਸ ਜਬਰ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਪਿੰਡ ਸੰਗਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਨੇ ਕੀਤੀ।
ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਪੱਕੇ ਮੋਰਚੇ ਸਬੰਧੀ ਠੋਸ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ ਅਤੇ ਬਲਾਕ ਪੱਧਰ ’ਤੇ ਮੋਟਰਸਾਈਕਲ ਮਾਰਚ ਕਰਵਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਲਵੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ ਲਈ ਕਰਜ਼ਾ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਅਤੇ ਢੁੱਕਵਾਂ ਮੁਆਵਜ਼ਾ ਦੇਣ, ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਪੁਲਿਸ ਜਬਰ ਬੰਦ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਝੂਠੇ ਪੁਲਿਸ ਮੁਕਾਬਲੇ ਬੰਦ ਕੀਤੇ ਜਾਣ ਅਤੇ ਅੰਦੋਲਨਾਂ ਦੌਰਾਨ ਕਿਸਾਨ ਆਗੂਆਂ ’ਤੇ ਦਰਜ ਕੀਤੇ ਸਾਰੇ ਪਰਚੇ ਰੱਦ ਕੀਤੇ ਜਾਣ। ਆਬਾਦਕਾਰਾਂ ਅਤੇ ਮੁਜ਼ਾਹਰਿਆਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੇ ਨਾਲ-ਨਾਲ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਾਸ਼ਤਕਾਰਾਂ ਨੂੰ ਦੇਣ ਦੀ ਮੰਗ ਵੀ ਕੀਤੀ ਗਈ।
ਮੀਟਿੰਗ ਦੌਰਾਨ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਹਰ ਬਲਾਕ ਵਿੱਚ ਔਰਤਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਮੋਰਚੇ ਦਾ ਸੁਨੇਹਾ ਪਹੁੰਚਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ, ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ, ਔਰਤ ਆਗੂ ਗੁਰਮੇਲ ਕੌਰ ਦੁਲਮਾਂ ਹਾਜ਼ਰ ਸਨ।