ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ,ਜੇਲ੍ਹ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ
Publish Date: Fri, 27 Feb 2026 04:09 PM (IST)
Updated Date: Sat, 28 Feb 2026 03:59 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਊਂਸਲ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈਕੋਰਟ ’ਚ ਅਪੀਲ ਕਰਨ ਦੇ ਤਰੀਕੇ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ’ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਦੋ ਦਿਨ ’ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।