ਰੇਤੇ ’ਤੇ ਬਣ ਰਹੀ ਸੜਕ ਦਾ ਮਾਮਲਾ : ਐੱਸਡੀਐੱਮ ਤਪਾ ਵੱਲੋਂ ਜਾਂਚ ਸ਼ੁਰੂ, ਮਟੀਰੀਅਲ ਦੇ ਭਰੇ ਸੈਂਪਲ ਰੇਤੇ 'ਤੇ ਬਣ ਰਹੀ ਸੜਕ ਦਾ ਮਾਮਲਾ: ਐੱਸਡੀਐੱਮ ਤਪਾ ਵੱਲੋਂ ਜਾਂਚ ਸ਼ੁਰੂ, ਮਟੀਰੀਅਲ ਦੇ ਭਰੇ ਗਏ ਸੈਂਪਲ
Publish Date: Fri, 31 Jul 2026 06:21 PM (IST)
Updated Date: Sat, 01 Aug 2026 04:02 AM (IST)
ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ’ਚ ਆਇਆ ਪ੍ਰਸ਼ਾਸਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ’ਚ ਚੱਲ ਰਹੇ ਵਿਕਾਸ ਕਾਰਜਾਂ ’ਚ ਅਣਗਹਿਲੀ ਤੇ ਘਪਲੇਬਾਜ਼ੀ ਦਾ ਮਾਮਲਾ ਭਖ ਗਿਆ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਤੁਰੰਤ ਹਰਕਤ ’ਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਭਦੌੜ ਚ ਸੱਤਾਧਾਰੀ ਧਿਰ ਦੇ ਇੱਕ ਆਗੂ ਵੱਲੋਂ ਇੱਕ ਨਵੀਂ ਬਣ ਰਹੀ ਸੜਕ ਦਾ ਉਦਘਾਟਨ ਕੀਤਾ ਗਿਆ ਸੀ। ਹਾਲਾਂਕਿ, ਸੜਕ ਨਿਰਮਾਣ ਦੌਰਾਨ ਮਾਨਕਾਂ ਨੂੰ ਛਿੱਕੇ ਟੰਗ ਕੇ ਰੇਤੇ ਉੱਪਰ ਹੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਸਥਾਨਕ ਲੋਕਾਂ ਨੇ ਇਸ ਘਟੀਆ ਨਿਰਮਾਣ ਦਾ ਵਿਰੋਧ ਕੀਤਾ ਅਤੇ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੁੰਦਿਆਂ ਹੀ ਆਮ ਜਨਤਾ ਅਤੇ ਵਿਰੋਧੀ ਰਾਜਨੀਤਿਕ ਪਾਰਟੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੇ ਤਿੱਖੇ ਨਿਸ਼ਾਨੇ ਸਾਧੇ ਜਾਣ ਲੱਗੇ। --ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਪ ਮੰਡਲ ਮੈਜਿਸਟਰੇਟ ਤਪਾ, ਆਯੂਸ਼ ਗੋਇਲ ਆਈ.ਏ.ਐੱਸ. ਖ਼ੁਦ ਆਪਣੀ ਟੀਮ ਸਮੇਤ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਮੌਕੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਖ਼ਤ ਤਾੜਨਾ ਕੀਤੀ। ਨਿਰਮਾਣ ਕਾਰਜ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਦੀ ਜਾਂਚ ਲਈ ਮੌਕੇ ਤੇ ਹੀ ਮਟੀਰੀਅਲ ਦੇ ਸੈਂਪਲ ਭਰਵਾ ਕੇ ਜਾਂਚ ਲਈ ਭੇਜੇ ਗਏ। ਨਾਨਕਸਰ ਰੋਡ ਤੇ ਹੋਰ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਐੱਸਡੀਐੱਮ ਆਯੂਸ਼ ਗੋਇਲ ਨੇ ਨਗਰ ਕੌਂਸਲ ਭਦੌੜ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ, ਜਿਨ੍ਹਾਂ ’ਚ ਨਾਨਕਸਰ ਰੋਡ ਦਾ ਨਿਰਮਾਣ ਕਾਰਜ ਵੀ ਸ਼ਾਮਲ ਸੀ। ਉਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਚੈਕਿੰਗ ਕਰਦਿਆਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਨਿਰਮਾਣ ਕਾਰਜ ’ਚ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉੱਚ ਮਿਆਰਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਜਲਦ ਤੋਂ ਜਲਦ ਸਹੂਲਤ ਮਿਲ ਸਕੇ। ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਇਸ ਦੌਰੇ ਦੌਰਾਨ ਐੱਸਡੀਐੱਮ ਨੇ ਭਦੌੜ ਦੇ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।