ਨੌਜਵਾਨਾਂ ’ਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਸਮਾਜ ਦਾ ਅੱਗੇ ਆਉਣਾ ਮੁੱਢਲਾ ਫ਼ਰਜ਼ ਨੌਜਵਾਨਾਂ ’ਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਲਈ ਸਮਾਜ ਦਾ ਅੱਗੇ ਆਉਣਾ ਮੁੱਢਲਾ ਫ਼ਰਜ਼
Publish Date: Wed, 25 Nov 2026 06:19 PM (IST)
Updated Date: Thu, 26 Nov 2026 04:07 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਵਿੱਚ ਨੌਜਵਾਨ ਪੀੜ੍ਹੀ ਅੰਦਰ ਨਸ਼ਿਆਂ ਦਾ ਵਧ ਰਿਹਾ ਰੁਝਾਨ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ਿਆਂ ਕਾਰਨ ਜਿੱਥੇ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ, ਉੱਥੇ ਹੀ ਨੌਜਵਾਨਾਂ ਦਾ ਭਵਿੱਖ ਵੀ ਹਨੇਰੇ ਵੱਲ ਜਾ ਰਿਹਾ ਹੈ। ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਫ਼ ਸਰਕਾਰ ਅਤੇ ਪੁਲਿਸ ਦੇ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਪਵੇਗਾ। ਮਾਪਿਆਂ, ਅਧਿਆਪਕਾਂ, ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ। ਪੇਸ ਹਨ ਕੁੱਝ ਸਖਤਸੀਆਂ ਦੇ ਵਿਚਾਰ : ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ : ਸੰਜੀਵ ਸ਼ੋਰੀ ਸੀਨੀਅਰ ਅਕਾਲੀ ਆਗੂ ਸੰਜੀਵ ਸ਼ੋਰੀ ਨੇ ਕਿਹਾ ਕਿ ਨੌਜਵਾਨਾਂ ’ਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਸਮਾਜ ਲਈ ਬਹੁਤ ਵੱਡੀ ਚੁਣੌਤੀ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਇਸ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜੇਕਰ ਸਮਾਜ ਦੇ ਲੋਕ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਤਾਂ ਇਸ ਬੁਰਾਈ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮਾਪੇ ਬੱਚਿਆਂ ਦੀ ਸੰਗਤ ਤੇ ਗਤੀਵਿਧੀਆਂ ’ਤੇ ਰੱਖਣ ਨਜ਼ਰ : ਰੁਪਿੰਦਰ ਸਿੰਘ ਸੰਧੂ ਸੀਨੀਅਰ ਅਕਾਲੀ ਆਗੂ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰ ਦੀ ਭੂਮਿਕਾ ਸਭ ਤੋਂ ਅਹਿਮ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਆਪਣੀ ਹਰ ਸਮੱਸਿਆ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸਾਂਝੀ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਦੀ ਸੰਗਤ, ਉਨ੍ਹਾਂ ਦੇ ਦੋਸਤਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਕਈ ਵਾਰ ਮਾਪਿਆਂ ਦੀ ਅਣਗਹਿਲੀ ਕਾਰਨ ਬੱਚੇ ਗਲਤ ਸੰਗਤ ਵਿੱਚ ਪੈ ਜਾਂਦੇ ਹਨ ਅਤੇ ਹੌਲੀ-ਹੌਲੀ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗੀ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਮਾਪਿਆਂ ਦਾ ਪਿਆਰ, ਸਮਾਂ ਅਤੇ ਸਹੀ ਮਾਰਗਦਰਸ਼ਨ ਹੀ ਬੱਚਿਆਂ ਨੂੰ ਗਲਤ ਰਾਹ ’ਤੇ ਜਾਣ ਤੋਂ ਰੋਕ ਸਕਦਾ ਹੈ। ਖੇਡਾਂ ਅਤੇ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ : ਜਤਿੰਦਰ ਜਿੰਮੀ ਸੀਨੀਅਰ ਅਕਾਲੀ ਆਗੂ ਜਤਿੰਦਰ ਜਿੰਮੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮਾਜ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ, ਲਾਇਬ੍ਰੇਰੀਆਂ ਅਤੇ ਹੋਰ ਸਿਹਤਮੰਦ ਗਤੀਵਿਧੀਆਂ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ। ਜਦੋਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਸਹੀ ਮੰਚ ਮਿਲੇਗਾ ਤਾਂ ਉਹ ਗਲਤ ਸੰਗਤ ਅਤੇ ਨਸ਼ਿਆਂ ਵੱਲ ਘੱਟ ਆਕਰਸ਼ਿਤ ਹੋਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦਾ ਇਲਾਜ ਕਰਵਾ ਕੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ। ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰ ਵਰਗ ਇਕਜੁੱਟ ਹੋਵੇ : ਜਸਵੀਰ ਸਿੰਘ ਗੱਖੀ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਪਿੰਡ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਮੱਸਿਆ ਹੈ। ਇਸ ਨੂੰ ਖ਼ਤਮ ਕਰਨ ਲਈ ਧਾਰਮਿਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ, ਨੌਜਵਾਨ ਕਲੱਬਾਂ ਅਤੇ ਪੰਚਾਇਤਾਂ ਨੂੰ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਪੱਧਰ ’ਤੇ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਅਤੇ ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਨਾਲ ਵਿਤਕਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਇਲਾਜ ਅਤੇ ਸਹੀ ਮਾਰਗਦਰਸ਼ਨ ਮੁਹੱਈਆ ਕਰਵਾਉਣਾ ਚਾਹੀਦਾ ਹੈ। ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਵੇ ਅਤੇ ਨੌਜਵਾਨਾਂ ਨੂੰ ਚੰਗੇ ਰਾਹ ’ਤੇ ਤੋਰਨ ਲਈ ਯਤਨ ਕਰੇ ਤਾਂ ਨਸ਼ਾ ਮੁਕਤ ਸਮਾਜ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।