- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰਕਾਰ ਸਮਾਜ ਦਾ ਸ਼ੀਸ਼ਾ, ਲੋਕਤੰਤਰ ਦੀ ਮਜ਼ਬੂਤ ਆਵਾਜ਼ ਤੇ ਲੋਕਾਂ ਦੇ ਹੱਕਾਂ ਦੇ ਪਹਿਰੇਦਾਰ : ਆਗੂ

ਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਪੱਤਰਕਾਰ ਭਾਈਚਾਰੇ ਦੀ ਭੂਮਿਕਾ ਨੂੰ ਸਲਾਹਿਆ
ਨਿਰਪੱਖ ਅਤੇ ਜ਼ਿੰਮੇਵਾਰ ਪੱਤਰਕਾਰੀ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਲੇਰਕੋਟਲਾ : ਲੋਕਤੰਤਰਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੈੱਸ ਦੀ ਭੂਮਿਕਾ ਬਹੁਤ ਅਹਿਮ ਹੈ। ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣਿਆ ਜਾਂਦਾ ਮੀਡੀਆ ਹਰ ਖੇਤਰ 'ਚ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਪੱਤਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਸਾਹਮਣੇ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹਨਾਂ ਕਿਹਾ ਕਿ ਨਿਰਪੱਖ ਤੇ ਨਿਡਰ ਪੱਤਰਕਾਰੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ ਨਾਲ ਲੋਕਤੰਤਰ ਨੂੰ ਮਜਬੂਤ ਬਣਾਉਂਦੀ ਹੈ।
ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਪੱਤਰਕਾਰ ਦਾ ਅਹਿਮ ਰੋਲ: ਐਸਐਸਪੀ ਹ ਕਮਲਪ੍ਰੀਤ ਸਿੰਘ ਖੱਖ
ਐਸਐਸਪੀ ਮਾਲੇਰਕੋਟਲਾ ਹਰ ਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੋਣ ਦੇ ਨਾਲ-ਨਾਲ ਲੋਕਤੰਤਰ ਦੀ ਮਜ਼ਬੂਤ ਆਵਾਜ਼ ਅਤੇ ਲੋਕਾਂ ਦੇ ਹੱਕਾਂ ਦੇ ਪਹਿਰੇਦਾਰ ਹੁੰਦੇ ਹਨ। ਉਨ੍ਹਾਂ ਦੀ ਕਲਮ ਜਿੱਥੇ ਸਮਾਜ ਦੀਆਂ ਚੰਗਿਆਈਆਂ ਨੂੰ ਲੋਕਾਂ ਸਾਹਮਣੇ ਲਿਆਉਂਦੀ ਹੈ, ਉੱਥੇ ਹੀ ਸਮਾਜ ਵਿੱਚ ਫੈਲੀਆਂ ਬੁਰਾਈਆਂ, ਬੇਨਿਯਮੀਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਵੀ ਉਜਾਗਰ ਕਰਦੀ ਹੈ।
ਲੋਕ ਮੁੱਦਿਆਂ ਨੂੰ ਉਠਾਉਂਣਾ ਪੱਤਰਕਾਰ ਦਾ ਸੱਚਾ ਫਰਜ਼ : ਹਰਬੰਸ ਸਿੰਘ ਭੱਟੀ
ਪੀਆਰਟੀਸੀ ਵਿਭਾਗ ਤੋਂ ਸੇਵਾ ਮੁਕਤ ਜੀਐਮ ਹਰਬੰਸ ਸਿੰਘ ਭੱਟੀ ਨੇ ਕਿਹਾ ਕਿ ਪੱਤਰਕਾਰ ਸਮਾਜ ਦੀ ਆਵਾਜ਼ ਬਣ ਕੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਬਦੌਲਤ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਦੀਆਂ ਹਨ। ਪੱਤਰਕਾਰਾਂ ਵੱਲੋਂ ਲੋਕ ਹਿੱਤ ਵਿੱਚ ਨਿਭਾਈ ਜਾ ਰਹੀ ਭੂਮਿਕਾ ਸਮਾਜ ਨੂੰ ਜਾਗਰੂਕ ਕਰਨ ਲਈ ਬੇਹੱਦ ਮਹੱਤਵਪੂਰਨ ਹੈ।
------
ਪੱਤਰਕਾਰੀ ਲੋਕਤੰਤਰਤਾ ਦੀ ਮਜ਼ਬੂਤੀ ਲਈ ਜ਼ਰੂਰੀ: ਅਮਰੀਕ ਸਿੰਘ ਸ਼ੇਰਪੁਰ
ਮਾਸਟਰ ਅਮਰੀਕ ਸਿੰਘ ਸ਼ੇਰਪੁਰ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੁੰਦੇ ਹਨ ਅਤੇ ਆਪਣੀ ਕਲਮ ਰਾਹੀਂ ਸਮਾਜ ਦੀਆਂ ਚੰਗਿਆਈਆਂ ਤੇ ਕਮੀਆਂ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰੀ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਕਰਨ ਤੱਕ ਸੀਮਤ ਨਹੀਂ, ਸਗੋਂ ਇਹ ਸਮਾਜ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਸਹੀ, ਨਿਰਪੱਖ ਅਤੇ ਤੱਥਾਂ ’ਤੇ ਆਧਾਰਿਤ ਪੱਤਰਕਾਰੀ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹੈ।
-----
ਮੁਸ਼ਕਿਲ ਹਾਲਾਤਾਂ ’ਚ ਵੀ ਆਪਣਾ ਫਰਜ਼ ਨਿਭਾਉਂਦਾ ਹੈ ਇੱਕ ਪੱਤਰਕਾਰ: ਕੁਲਵੰਤ ਸਿੰਘ ਟਿੱਬਾ
ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਪੱਤਰਕਾਰਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਲੋਕਾਂ ਤੱਕ ਦੇਸ਼-ਦੁਨੀਆ ਦੇ ਨਾਲ-ਨਾਲ ਆਪਣੇ ਇਲਾਕੇ ਦੀਆਂ ਸੱਚਾਈਆਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਕਈ ਵਾਰ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣਾ ਫਰਜ਼ ਨਿਭਾਉਣਾ ਪੈਂਦਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਤੋਂ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ।
------
ਸੱਚੀ ਅਤੇ ਨਿਡਰ ਪੱਤਰਕਾਰੀ ਹੀ ਸਮਾਜ ਨੂੰ ਅੱਗੇ ਵਧਾਉਂਦੀ ਹੈ :ਰਣਜੀਤ ਕੌਰ ਸਵੀ
ਪੰਜਾਬੀ ਲੇਖਕਾਂ ਰਣਜੀਤ ਕੌਰ ਸਵੀ ਮਾਲੇਰਕੋਟਲਾ ਨੇ ਕਿਹਾ ਕਿ ਅੱਜ ਦੇ ਬਦਲਦੇ ਦੌਰ ਵਿੱਚ ਪੱਤਰਕਾਰੀ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ। ਸੋਸ਼ਲ ਮੀਡੀਆ ਦੇ ਤੇਜ਼ੀ ਨਾਲ ਵਧ ਰਹੇ ਪ੍ਰਭਾਵ ਕਾਰਨ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਜਾਣਕਾਰੀ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਅਜਿਹੇ ਸਮੇਂ ਵਿੱਚ ਅਖ਼ਬਾਰਾਂ ਅਤੇ ਪੱਤਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਖ਼ਬਰ ਦੀ ਸੱਚਾਈ ਦੀ ਪੜਤਾਲ ਕਰਕੇ ਹੀ ਉਸ ਨੂੰ ਲੋਕਾਂ ਤੱਕ ਪਹੁੰਚਾਉਣ। ਕਿਉਂਕਿ ਇੱਕ ਗ਼ਲਤ ਖ਼ਬਰ ਕਿਸੇ ਵਿਅਕਤੀ, ਸੰਸਥਾ ਜਾਂ ਸਮਾਜ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਜਦਕਿ ਸਹੀ ਖ਼ਬਰ ਕਿਸੇ ਪੀੜਤ ਨੂੰ ਇਨਸਾਫ਼ ਦਿਵਾਉਣ ਦਾ ਰਾਹ ਵੀ ਖੋਲ੍ਹ ਸਕਦੀ ਹੈ।