ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ: ਕਿਸ਼ੋਰ ਮਕਵਾਨਾ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ: ਕਿਸ਼ੋਰ ਮਕਵਾਨਾ
Publish Date: Thu, 10 Sep 2026 06:14 PM (IST)
Updated Date: Fri, 11 Sep 2026 04:05 AM (IST)
ਜਸਵੀਰ ਸਿੰਘ\ ਹਰਮੇਸ਼ ਮੇਸ਼ੀ, ਪੰਜਾਬੀ ਜਾਗਰਣ, ਸੰਗਰੂਰ\ਦਿੜ੍ਹਬਾ : ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਾਸੀ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੇ ਖੁਦਕੁਸ਼ੀ ਮਾਮਲੇ ਦਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ। ਵੀਰਵਾਰ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਪਿੰਡ ਤੂਰਬੰਜਾਰਾ ਪੁੱਜੇ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਐੱਸਡੀਐੱਮ ਦਿੜ੍ਹਬਾ ਨੇ ਪੀੜਤ ਦੇ ਘਰ ਪਹੁੰਚ ਕੇ ਮ੍ਰਿਤਕ ਦੀ ਪਤਨੀ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨਸਾਫ਼ ਦਾ ਭਰੋਸਾ ਦਿੱਤਾ। ਗੁਲਜ਼ਾਰ ਸਿੰਘ ਲਗਾਤਾਰ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਦੋਸ਼ ਹੈ ਕਿ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਾਨ ਗੁਆ ਦਿੱਤੀ। ਚੇਅਰਮੈਨ ਨੇ ਕਿਹਾ ਕਿ ਪਰਿਵਾਰ ਨੇ ਇੱਕ ਸੀਨੀਅਰ ਮੰਤਰੀ ਦਾ ਨਾਮ ਵੀ ਲਿਆ ਹੈ ਅਤੇ ਉਸ ਦੇ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਵੱਲੋਂ ਰੱਖੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਮਕਾਉਣ ਵਾਲਿਆਂ ਅਤੇ ਜ਼ਬਰਦਸਤੀ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ਾਂ ਦੀ ਵੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਿਆਂ ਦੀ ਵਿਕਰੀ ਸ਼ਰੇਆਮ ਹੋਣ ਦੀ ਗੱਲ ਕਈ ਹੋਰ ਪਰਿਵਾਰਾਂ ਨੇ ਵੀ ਉਠਾਈ ਹੈ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਡੀਸੀ ਦਫ਼ਤਰ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਕੇਸ ਦੀ ਐੱਫਆਈਆਰ ਵਿੱਚ ਮੌਜੂਦ ਕਮੀਆਂ ਨੂੰ ਦੂਰ ਕਰਨ ਅਤੇ ਐਸਆਈਟੀ ਰਾਹੀਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਨੂੰ ਅੱਗੇ ਵਧਾਉਣ ਦੇ ਹੁਕਮ ਦਿੱਤੇ। ਮ੍ਰਿਤਕ ਦੀ ਪਤਨੀ ਪਾਲ ਕੌਰ ਸਮੇਤ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਲਜ਼ਾਰ ਸਿੰਘ ਲਗਾਤਾਰ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਦੇ ਪਰਿਵਾਰ ਦਾ ਇੱਕ ਪੁੱਤਰ ਵੀ ਨਸ਼ਿਆਂ ਦੀ ਲਪੇਟ ਵਿੱਚ ਹੈ, ਜਿਸ ਕਾਰਨ ਗੁਲਜ਼ਾਰ ਸਿੰਘ ਕਾਫ਼ੀ ਪਰੇਸ਼ਾਨ ਰਹਿੰਦੇ ਸਨ। ਇਸੇ ਕਾਰਨ ਉਨ੍ਹਾਂ ਨੇ ਇੱਕ ਸੀਨੀਅਰ ਮੰਤਰੀ ਦੇ ਸਾਹਮਣੇ ਵੀ ਨਸ਼ਿਆਂ ਦਾ ਮੁੱਦਾ ਉਠਾਇਆ ਸੀ, ਜਿਸ ਨੂੰ ਪੰਚਾਇਤ ਨੇ ਸਹਿਣ ਨਹੀਂ ਕੀਤਾ ਅਤੇ ਹੋਰ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ। ਇਨ੍ਹਾਂ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਇਹ ਮਾਮਲਾ ਸਿਰਫ਼ ਖੁਦਕੁਸ਼ੀ ਤੱਕ ਸੀਮਿਤ ਨਹੀਂ ਰਿਹਾ, ਸਗੋਂ ਪੁਲਿਸ ਅਤੇ ਪ੍ਰਸ਼ਾਸਨ ’ਤੇ ਪਰਿਵਾਰ ਦੀ ਸਹਿਮਤੀ ਅਤੇ ਰੀਤੀ-ਰਿਵਾਜਾਂ ਦੀ ਅਣਦੇਖੀ ਕਰਦੇ ਹੋਏ ਜ਼ਬਰਦਸਤੀ ਅੰਤਿਮ ਸੰਸਕਾਰ ਕਰਵਾਉਣ ਦੇ ਵੀ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਨਾਮਜ਼ਦ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਅਜੇ ਵੀ ਫ਼ਰਾਰ ਹੈ ਅਤੇ ਉਨ੍ਹਾਂ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਬਣਿਆ ਹੋਇਆ ਹੈ। ਮ੍ਰਿਤਕ ਦੀ ਪਤਨੀ ਪਾਲ ਕੌਰ ਨੇ ਕਮਿਸ਼ਨ ਦੇ ਚੇਅਰਮੈਨ ਦੇ ਸਾਹਮਣੇ ਆਪਣੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਉਹ ਖੁਦ ਸ਼ੂਗਰ ਦੀ ਮਰੀਜ਼ ਹਨ ਅਤੇ ਕੰਮ ਕਰਨ ਦੀ ਸਥਿਤੀ ਵਿੱਚ ਨਹੀਂ ਹਨ। ਪਰਿਵਾਰ ਦੀ ਆਰਥਿਕ ਹਾਲਤ ਵੀ ਬਹੁਤ ਮਾੜੀ ਹੈ। ਉਨ੍ਹਾਂ ਨੇ ਨਾਮਜ਼ਦ ਪੰਜੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ। ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨ ਦੀ ਗੱਲ ਕਹੀ ਹੈ, ਪਰ ਫ਼ਰਾਰ ਮੁਲਜ਼ਮ ਦੀ ਜਲਦ ਤੋਂ ਜਲਦ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ। ਚੇਅਰਮੈਨ ਕਿਸ਼ੋਰ ਮਕਵਾਨਾ ਨੇ ਭਰੋਸਾ ਦਿਵਾਇਆ ਕਿ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਮਿਸ਼ਨ ਪੱਧਰ ’ਤੇ ਲੋੜੀਂਦੇ ਕਦਮ ਚੁੱਕੇ ਜਾਣਗੇ।