ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ : ਮਕਵਾਨਾ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ: ਕਿਸ਼ੋਰ ਮਕਵਾਨਾ
Publish Date: Thu, 10 Sep 2026 06:30 PM (IST)
Updated Date: Fri, 11 Sep 2026 04:05 AM (IST)
* ਚੇਅਰਮੈਨ ਮਕਵਾਨਾ ਨੇ ਪਰਿਵਾਰ ਨਾਲ ਮਿਲ ਕੇ ਸਮੱਸਿਆਵਾਂ ਸੁਣੀਆਂ ਤੇ ਇਨਸਾਫ਼ ਦਾ ਭਰੋਸਾ ਦਿੱਤਾ * ਐੱਸਡੀਐੱਮ ਦਿੜ੍ਹਬਾ ਨੇ ਪੀੜਤ ਦੇ ਘਰ ਪੁੱਜ ਕੇ ਮ੍ਰਿਤਕ ਦੀ ਪਤਨੀ ਨੂੰ ਪੰਜ ਲੱਖ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਜਸਵੀਰ ਸਿੰਘ/ਹਰਮੇਸ਼ ਮੇਸ਼ੀ, ਪੰਜਾਬੀ ਜਾਗਰਣ ਸੰਗਰੂਰ/ਦਿੜ੍ਹਬਾ : ਪਿੰਡ ਤੂਰਬੰਜਾਰਾ ਵਾਸੀ ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਦਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਤੇ ਵੀਰਵਾਰ ਨੂੰ ਪਿੰਡ ਤੂਰਬੰਜਾਰਾ ਪੁੱਜੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਹੀ ਐੱਸਡੀਐੱਮ ਦਿੜ੍ਹਬਾ ਨੇ ਪੀੜਤ ਦੇ ਘਰ ਪੁੱਜ ਕੇ ਮ੍ਰਿਤਕ ਦੀ ਪਤਨੀ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ। ਚੇਅਰਮੈਨ ਮਕਵਾਨਾ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨਸਾਫ਼ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਇਕ ਸੀਨੀਅਰ ਮੰਤਰੀ ਦਾ ਨਾਮ ਵੀ ਲਿਆ ਹੈ ਤੇ ਉਸ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਨਾਲ ਮੁਲਾਕਾਤ ਪਿੱਛੋਂ ਉਨ੍ਹਾਂ ਡੀਸੀ ਦਫ਼ਤਰ ’ਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਮਾਮਲੇ ਦੀ ਜਾਣਕਾਰੀ ਲਈ। ਇਸ ਤੋਂ ਬਾਅਦ ਉਨ੍ਹਾਂ ਇਸ ਕੇਸ ਦੀ ਐੱਫਆਈਆਰ ’ਚ ਮੌਜੂਦ ਕਮੀਆਂ ਨੂੰ ਦੂਰ ਕਰਨ ਤੇ ਐੱਸਆਈਟੀ ਰਾਹੀਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਨੂੰ ਅੱਗੇ ਵਧਾਉਣ ਦੇ ਹੁਕਮ ਦਿੱਤੇ। ਮ੍ਰਿਤਕ ਦੀ ਪਤਨੀ ਪਾਲ ਕੌਰ ਸਮੇਤ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਲਜ਼ਾਰ ਸਿੰਘ ਲਗਾਤਾਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਦੇ ਪਰਿਵਾਰ ਦਾ ਇਕ ਪੁੱਤਰ ਵੀ ਨਸ਼ਿਆਂ ਦੀ ਲਪੇਟ ’ਚ ਹੈ, ਜਿਸ ਕਾਰਨ ਗੁਲਜ਼ਾਰ ਸਿੰਘ ਕਾਫ਼ੀ ਪਰੇਸ਼ਾਨ ਰਹਿੰਦੇ ਸਨ। ਇਸੇ ਕਾਰਨ ਉਨ੍ਹਾਂ ਇਕ ਸੀਨੀਅਰ ਮੰਤਰੀ ਸਾਹਮਣੇ ਵੀ ਨਸ਼ਿਆਂ ਦਾ ਮੁੱਦਾ ਉਠਾਇਆ ਸੀ, ਜਿਸ ਨੂੰ ਪੰਚਾਇਤ ਨੇ ਸਹਿਣ ਨਹੀਂ ਕੀਤਾ ਤੇ ਹੋਰ ਦੋਸ਼ੀਆਂ ਵੱਲੋਂ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ। ਇਨ੍ਹਾਂ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਇਹ ਮਾਮਲਾ ਸਿਰਫ਼ ਖੁਦਕੁਸ਼ੀ ਤੱਕ ਸੀਮਤ ਨਹੀਂ ਰਿਹਾ, ਸਗੋਂ ਪੁਲਿਸ ਤੇ ਪ੍ਰਸ਼ਾਸਨ ’ਤੇ ਜ਼ਬਰਦਸਤੀ ਅੰਤਿਮ ਸੰਸਕਾਰ ਕਰਵਾਉਣ ਦੇ ਵੀ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਨਾਮਜ਼ਦ ਮੁਲਜ਼ਮਾਂ ’ਚੋਂ ਇਕ ਵਿਅਕਤੀ ਅਜੇ ਵੀ ਫਰਾਰ ਹੈ ਤੇ ਉਨ੍ਹਾਂ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਡਰ ਬਣਿਆ ਹੋਇਆ ਹੈ। ਮ੍ਰਿਤਕ ਦੀ ਪਤਨੀ ਪਾਲ ਕੌਰ ਨੇ ਕਮਿਸ਼ਨ ਦੇ ਚੇਅਰਮੈਨ ਸਾਹਮਣੇ ਆਪਣੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਰੱਖੀ। ਉਨ੍ਹਾਂ ਨਾਮਜ਼ਦ ਪੰਜ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ। ਚੇਅਰਮੈਨ ਮਕਵਾਨਾ ਨੇ ਭਰੋਸਾ ਦਿਵਾਇਆ ਕਿ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਮਿਸ਼ਨ ਪੱਧਰ ’ਤੇ ਲੋੜੀਂਦੇ ਕਦਮ ਚੁੱਕੇ ਜਾਣਗੇ।