- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਦੇ ਚਾਰ ਰੋਜ਼ਾ ਅਮਰੀਕਾ ਦੌਰੇ ਦੀ ਸਫ਼ਲ ਸਮਾਪਤੀ ਤੋਂ ਬਾਅਦ ਕਮਲ ਧਾਲੀਵਾਲ ਅਮਰਗੜ੍ਹ ਪਰਤੇ

ਰਣਵੀਰ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ 16 ਤੋਂ 19 ਨਵੰਬਰ ਤੱਕ ਹੋਏ ਚਾਰ ਰੋਜ਼ਾ ਅਮਰੀਕਾ ਦੌਰੇ ਦੀ ਸਫ਼ਲ ਸਮਾਪਤੀ ਉਪਰੰਤ ਇਸ ਦੌਰੇ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਆਪਣੇ ਹਲਕੇ ਵਿੱਚ ਪਰਤ ਆਏ ਹਨ। ਉਨ੍ਹਾਂ ਨੇ ਇਸ ਦੌਰੇ ਨੂੰ ਭਾਰਤ ਦੇ ਲੋਕਤੰਤਰੀ ਮੁੱਦਿਆਂ ਨੂੰ ਕੌਮਾਂਤਰੀ ਮੰਚ ’ਤੇ ਉਭਾਰਨ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਨਾਲ ਸਾਂਝ ਮਜ਼ਬੂਤ ਕਰਨ ਦੇ ਪੱਖੋਂ ਅਹਿਮ ਕਰਾਰ ਦਿੱਤਾ।
ਅਮਰੀਕਾ ਤੋਂ ਵਾਪਸੀ ਉਪਰੰਤ ਗੱਲਬਾਤ ਕਰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਇਸ ਦੌਰੇ ਦਾ ਮੁੱਖ ਉਦੇਸ਼ ਵਿਸ਼ਵ ਪੱਧਰੀ ਵਿਦਵਾਨਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਪਰਵਾਸੀ ਭਾਰਤੀਆਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਭਾਰਤ ਦੇ ਮੌਜੂਦਾ ਆਰਥਿਕ, ਸਮਾਜਿਕ ਤੇ ਲੋਕਤੰਤਰੀ ਹਾਲਤਾਂ ਬਾਰੇ ਆਪਣਾ ਪੱਖ ਦੁਨੀਆ ਸਾਹਮਣੇ ਰੱਖਣਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ਼ ਸ਼ਿਕਾਗੋ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੇਸ਼ ਦੇ ਕਈ ਅਹਿਮ ਮੁੱਦਿਆਂ ’ਤੇ ਬੇਬਾਕੀ ਨਾਲ ਆਪਣੀ ਗੱਲ ਰੱਖੀ।
ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ, ਨਿਰਮਾਣ ਖੇਤਰ ਦੀਆਂ ਚੁਣੌਤੀਆਂ, ਸਿੱਖਿਆ ਪ੍ਰਣਾਲੀ, ਆਰਥਿਕ ਅਸਮਾਨਤਾ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਨਾਲ ਹੀ ਵਿਦੇਸ਼ ਨੀਤੀ, ਭੂ-ਰਾਜਨੀਤਕ ਹਾਲਾਤ, ਅੱਤਵਾਦ ਵਿਰੁੱਧ ਸਖ਼ਤ ਰੁਖ਼, ਸੰਵਿਧਾਨਕ ਸੰਸਥਾਵਾਂ ਦੀ ਆਜ਼ਾਦੀ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਵਰਗੇ ਗੰਭੀਰ ਵਿਸ਼ਿਆਂ ’ਤੇ ਵੀ ਚਰਚਾ ਕੀਤੀ। ਕਮਲ ਧਾਲੀਵਾਲ ਅਨੁਸਾਰ ਰਾਹੁਲ ਗਾਂਧੀ ਨੇ ਵਿਸ਼ਵ ਮੰਚ ’ਤੇ ਭਾਰਤੀ ਲੋਕਤੰਤਰ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਦਾ ਸੰਦੇਸ਼ ਦਿੱਤਾ।
ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਕਮਲ ਧਾਲੀਵਾਲ ਨੇ ਕਿਹਾ ਕਿ ਪਿਛਲੇ 12 ਸਾਲਾਂ ਤੋਂ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਲਗਾਤਾਰ ਪਿਆਰ, ਸਤਿਕਾਰ ਅਤੇ ਮਾਰਗਦਰਸ਼ਨ ਮਿਲਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਵਿੱਚੋਂ ਉੱਠ ਕੇ ਲੋਕ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਉਨ੍ਹਾਂ ਵਰਗੇ ਨੌਜਵਾਨ ਨੂੰ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਹੌਸਲਾ ਅਤੇ ਅਮਰਗੜ੍ਹ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਮਿਲਿਆ ਥਾਪੜਾ ਉਨ੍ਹਾਂ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਪੂੰਜੀ ਹੈ। ਇਹ ਪ੍ਰੇਰਨਾ ਉਨ੍ਹਾਂ ਨੂੰ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹਨ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਦੀ ਰਹੇਗੀ।
ਕਮਲ ਧਾਲੀਵਾਲ ਨੇ ਇਸ ਦੌਰੇ ਨੂੰ ਸਫ਼ਲ ਬਣਾਉਣ ਲਈ ਇੰਡੀਅਨ ਓਵਰਸੀਜ਼ ਕਾਂਗਰਸ (ਅਮਰੀਕਾ) ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ, ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਦੌਰਾ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ।
ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਤੋਂ ਵਾਪਸੀ ਉਪਰੰਤ ਹੁਣ ਉਹ ਹਲਕਾ ਅਮਰਗੜ੍ਹ ਦੇ ਲੋਕਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਮੁੜ ਸਰਗਰਮ ਹੋ ਕੇ ਮੁਲਾਕਾਤਾਂ ਕਰਨਗੇ। ਉਨ੍ਹਾਂ ਦਾ ਉਦੇਸ਼ ਰਾਹੁਲ ਗਾਂਧੀ ਦੀ ਸੋਚ ਅਤੇ ਲੋਕਤੰਤਰ, ਸੰਵਿਧਾਨ ਤੇ ਲੋਕ ਹਿੱਤਾਂ ਦੀ ਰਾਖੀ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਾ ਹੈ।