ਕੌਲਸੇੜੀ ਅਤਿ ਆਧੁਨਿਕ ਸਹੂਲਤਾਂ ਨਾਲ ਹੋਇਆ ਲੈਸ
ਪਿੰਡ ਕੌਲਸੇੜੀ ਅਤਿ ਆਧੁਨਿਕ ਸਹੂਲਤਾਂ ਨਾਲ ਹੋਇਆ ਲੈਸ
Publish Date: Wed, 18 Feb 2026 04:22 PM (IST)
Updated Date: Wed, 18 Feb 2026 04:24 PM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ
ਧੂਰੀ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹੁਣ ਪਿੰਡਾਂ ਨੂੰ ਹਾਈਟੈੱਕ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੁਣ ਐੱਲਈਡੀ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਵਰਗੀਆਂ ਅਤਿ ਆਧੁਨਿਕ ਤਕਨੀਕਾਂ ਵੀ ਸ਼ਾਮਲ ਹੋ ਗਈਆਂ ਹਨ। ਪਿੰਡ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ 175 ਸੋਲਰ ਐੱਲਈਡੀ ਲਾਈਟਾਂ ਲਾਈਆਂ ਗਈਆਂ ਹਨ, ਜਿਸ ਨਾਲ ਪਿੰਡ ਦੀਆਂ ਗਲੀਆਂ ਅਤੇ ਸੜਕਾਂ ਰਾਤ ਸਮੇਂ ਰੋਸ਼ਨ ਹੋ ਰਹੀਆਂ ਹਨ। ਇਸ ਦੇ ਨਾਲ ਹੀ 5 ਲੱਖ ਰੁਪਏ ਦੀ ਲਾਗਤ ਨਾਲ 26 ਸੀਸੀਟੀਵੀ ਕੈਮਰੇ ਲਾਏ ਗਏ ਹਨ।
ਪਿੰਡ ਕੌਲਸੇੜੀ ਦੇ ਸਰਪੰਚ ਵੀਰਪਾਲ ਕੌਰ ਨੇ ਦੱਸਿਆ ਕਿ ਪਿੰਡ ਦੀ ਫਿਰਨੀ ’ਤੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਾਈਆਂ ਜਾ ਰਹੀਆਂ ਹਨ, ਜਿਸ ਨਾਲ ਆਵਾਜਾਈ ਸੁਖਾਲੀ ਹੋਵੇਗੀ। ਇਸ ਤੋਂ ਇਲਾਵਾ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਲਈ 32 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਪ੍ਰਾਜੈਕਟ ਲਾਇਆ ਜਾ ਰਿਹਾ ਹੈ, ਜੋ ਸਫ਼ਾਈ ਅਤੇ ਵਾਤਾਵਰਣ ਸੁਰੱਖਿਆ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸ਼ਹੀਦ ਮਨਿੰਦਰ ਸਿੰਘ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਧਰਮਸ਼ਾਲਾ ਦਾ ਨਿਰਮਾਣ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦਾ ਟੋਭਾ ਜਿਸ ਵਿੱਚ ਮਮਟੀ ਵੀ ਬਣਾਈ ਗਈ ਹੈ, ਉਹ ਆਲੇ-ਦੁਆਲੇ ਦੇ ਪਿੰਡਾਂ ਲਈ ਵੀ ਖਿੱਚ ਦਾ ਕੇਂਦਰ ਬਣ ਗਈ ਹੈ। ਬੀਡੀਪੀਓ ਧੂਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਧੂਰੀ ਬਲਾਕ ਦੇ ਹੋਰ ਪਿੰਡਾਂ ਵਿੱਚ ਵੀ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੋਲਰ ਐੱਲਈਡ. ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਜਾਰੀ ਹੈ, ਤਾਂ ਜੋ ਪਿੰਡਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਇਆ ਜਾ ਸਕੇ।