- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਇਆ:ਵਿਕਰਮ ਲੋਹੀਆ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਪੋਕਸਪਰਸ਼ਨ ਵਿਕਰਮ ਲੋਹੀਆ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਰਾਹੁਲ ਗਾਂਧੀ ਦੀ ਹੀ ਅਗਵਾਈ ਹੇਠ ਲੜੇਗੀ ਅਤੇ ਜਿੱਤਣ ਤੋਂ ਬਾਅਦ ਵਿਧਾਇਕ ਦਲ ਦੀ ਸਹਿਮਤੀ ਨਾਲ ਮੁੱਖ ਮੰਤਰੀ ਚੁਣਿਆ ਜਾਵੇਗਾ। ਵਿਕਰਮ ਲੋਹੀਆ ਇਥੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨਿਸ਼ਾਤ ਅਖਤਰ ਦੀ ਰਿਹਾਇਸ਼ ਮਾਲੇਰਕੋਟਲਾ ਹਾਊਸ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਤੋਂ ਸਪੱਸ਼ਟ ਇਨਕਾਰ ਕਰਦਿਆਂ ਲੋਹੀਆ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਪੂਰੀ ਤਰ੍ਹਾਂ ਇੱਕਜੁੱਟ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਇਕਲ ਯਾਤਰਾ ਮੁਹਿੰੰਮ ਵਿਚੋਂ ਸਾਬਕਾ ਪ੍ਰਧਾਨ ਰਾਜਾ ਵੜਿੰਗ ਅਤੇ ਉਸ ਦੇ ਧੜੇ ਨਾਲ ਸਬੰਧਤ ਆਗੂਆਂ ਦੀ ਲਗਾਤਾਰ ਗੈਰਹਾਜ਼ਰੀ ਬਾਰੇ ਕੋਈ ਸਪੱਸਟ ਜਵਾਬ ਦੇਣ ਤੋਂ ਟਾਲ਼ਾ ਵਟਦਿਆਂ ਵਿਕਰਮ ਲੋਹੀਆ ਨੇ ਕਿਹਾ ਕਿ ਹੋ ਸਕਦਾ ਹੈ ਇਨ੍ਹਾਂ ਆਗੂਆਂ ਦੇ ਕੋਈ ਨਿੱਜ਼ੀ ਰੁਝੇਵਿਆਂ ਕਾਰਨ ਅਜਿਹਾ ਹੋਇਆ ਹੋਵੇ ਪ੍ਰੰਤੂ ਸਾਰੇ ਆਗੂ ਹੁਣ ਇਕੋ ਮੰਚ ਉਪਰ ਇਕੱਠੇ ਨਜ਼ਰ ਆਉਣਗੇ।
ਪੰਜਾਬ ਅੰਦਰ ‘ਇੰਡੀਆ ਬਲਾਕ’ ਨਾਲ ਸਬੰਧਤ ਧਿਰਾਂ ਖਾਸ ਕਰਕੇ ਖੱਬੇ ਪੱਖੀ ਪਾਰਟੀਆਂ ਨਾਲ ਗੱਠਜੋੜ ਬਾਰੇ ਕੋਈ ਸਪੱਸ਼ਟ ਜਵਾਬ ਨਾ ਦਿੰਦਿਆਂ ਲੋਹੀਆ ਨੇ ਕਿਹਾ ਕਿ ਪੰਜਾਬ ਵਿਚ ਰਾਹੁਲ ਗਾਂਧੀ ਹੀ ਕਾਂਗਰਸ ਹੈ ਅਤੇ ਕਾਂਗਰਸ ਹੀ ਰਾਹੁਲ ਗਾਂਧੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਪਰ ਤਿੱਖੇ ਹਮਲੇ ਕਰਦਿਆਂ ਲੋਹੀਆ ਨੇ ਕਿਹਾ ਕਿ ਇਨ੍ਹਾਂ ਦੋਵੇਂ ਆਗੂਆਂ ਨੇ ਜਦੋਂ ਵੀ ਮੂੰਹ ਖੋਲ੍ਹਿਆ ਹੈ ਉਦੋਂ ਹੀ ਝੂਠ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਸਭ ਤੋਂ ਵੱਡਾ ਧੋਖੇਬਾਜ਼ ਦੱਸਦਿਆਂ ਲੋਹੀਆ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਧੋਖਾ ਦਿੱਤਾ ਅਤੇ ਫਿਰ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਕਸਮਾਂ ਖਾ ਕੇ ਬੁੱਧੂ ਬਣਾਇਆ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੀਆਂ ਕਥਿਤ ਝੂਠੀਆਂ ਕਸਮਾਂ ਅਤੇ ਲਾਰਿਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਲਈ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ। ਪੰਜਾਬ ਅੰਦਰ ਨਸ਼ੇ ਨੂੰ ਇਕ ਅਹਿਮ ਤੇ ਚਿੰਤਾਜਨਕ ਮੁੱਦਾ ਦੱਸਦਿਆਂ ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਭਾਜਪਾ ਸਾਸ਼ਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਫੜਿਆ ਜਾ ਰਿਹਾ ਕਰੋੜਾਂ ਰੁਪਏ ਦਾ ‘ਡਰੱਗ’ ਗ੍ਰਹਿ ਮੰਤਰੀ ਅਮਿੱਤ ਸਾਹ ਦੇ ਪੰਜਾਬ ’ਚੋਂ ਨਸ਼ੇ ਖਤਮ ਕਰਨ ਦੇ ਦਾਅਵਿਆਂ ਅਤੇ ਵਾਅਦਿਆਂ ਦੀ ਫੂਕ ਕੱਢਣ ਲਈ ਕਾਫੀ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਨੇ ਪੰਜਾਬ ਅੰਦਰ ਅਮਨ ਕਨੂੰਨ, ਨਸ਼ਿਆਂ ਅਤੇ ਔਰਤਾਂ ਦੀ ਸੁਰੱਖਿਆ ਵਿਵਸਥਾ ਵਰਗੇ ਮੁੱਦਿਆਂ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ।
ਇਸ ਮੌਕੇ ਸਪੋਕਸਪਰਸ਼ਨ ਅਨਵਰ ਮਹਿਬੂਬ, ਜ਼ਿਲ੍ਹਾ ਪਰਿਸ਼ਦ ਮੈਂਬਰ ਨਿਰਮਲਜੀਤ ਸਿੰਘ ਢੀਂਡਸਾ, ਰੂਬਲ ਨਾਰੀਕੇ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਮਹਿਮੂਦ ਰਾਣਾ, ਸਰਪੰਚ ਗੁਰਪਰੀਤ ਸਿੰਘ ਚੀਮਾ,ਕੌਂਸਲਰ ਮਨੋਜ ਉਪਲ, ਕੌਂਸਲਰ ਮੁਹੰਮਦ ਜਾਵੇਦ ਅਤੇ ਅਸਲਮ ਕਾਲਾ ਮੌਜੂਦ ਸਨ।