ਬੰਦੀ ਸਿੰਘਾਂ ਦੀ ਰਿਹਾਈ ਲਈ 2 ਤੇ 3 ਅਕਤੂਬਰ ਨੂੰ ਖਾਲਸਾ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਲਈ 2 ਤੇ 3 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਖਾਲਸਾ ਮਾਰਚ
Publish Date: Tue, 22 Sep 2026 05:54 PM (IST)
Updated Date: Wed, 23 Sep 2026 04:03 AM (IST)
ਸੱਤਪਾਲ ਸਿੰਘ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਕੌਮੀ ਇਨਸਾਫ ਮੋਰਚਾ ਮੋਹਾਲੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ 2 ਤੇ 3 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਖਾਲਸਾ ਮਾਰਚ ਕੱਢਿਆ ਜਾਵੇਗਾ। ਇਹ ਐਲਾਨ ਅੱਜ ਇੱਥੇ ਉੱਤਮ ਰਿਜ਼ੋਰਟਸ ਵਿੱਚ ਮੋਰਚੇ ਦੇ ਖਾਦਿਮ ਐਡਵੋਕੇਟ ਮੁਹੰਮਦ ਜਮੀਲ ਵੱਲੋਂ ਕਰਵਾਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਕੀਤਾ। ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ’ਤੇ 7 ਜਨਵਰੀ 2023 ਤੋਂ ਚੱਲ ਰਿਹਾ ਸੰਘਰਸ਼ ਸਿਰਫ਼ ਸਿੱਖ ਕੌਮ ਦਾ ਮਸਲਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਮਿਲਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਮੋਰਚਾ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਹਰ ਮਾਮਲੇ ਵਿੱਚ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਮੌਲਾਨਾ ਕਲੀਮ ਸਿੱਦੀਕੀ, ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਸਮੇਤ ਹੋਰ ਬੰਦੀਆਂ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਧਰਮ, ਜਾਤ, ਨਸਲ ਅਤੇ ਖਿੱਤੇ ਤੋਂ ਉੱਪਰ ਉੱਠ ਕੇ ਮਨੁੱਖੀ ਅਧਿਕਾਰਾਂ ਲਈ ਸਾਂਝੀ ਆਵਾਜ਼ ਉਠਾਉਣ ਦੀ ਲੋੜ ਹੈ। ਬਾਪੂ ਗੁਰਚਰਨ ਸਿੰਘ ਨੇ ਮੋਰਚੇ ਨੂੰ ਸਹਿਯੋਗ ਦੇਣ ਲਈ ਪੰਜਾਬ ਦੇ ਮੁਸਲਿਮ ਭਾਈਚਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸੰਗਤ ਨੂੰ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ 1984 ਤੋਂ 1995 ਦੇ ਦੌਰਾਨ ਸਿੱਖਾਂ ਨਾਲ ਹੋਈਆਂ ਕਥਿਤ ਵਧੀਕੀਆਂ ਅਤੇ ਕਤਲੇਆਮ ਦੇ ਮਾਮਲਿਆਂ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਹੋਣ ਵਾਲੇ ਸੰਘਰਸ਼ਾਂ ਨੂੰ ਮੋਰਚਾ ਸਮਰਥਨ ਦੇਵੇਗਾ। ਉਨ੍ਹਾਂ ਕਿਹਾ ਕਿ ਇਨਸਾਫ ਦੀ ਲੜਾਈ ਲੜ ਰਹੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਮੁਹੰਮਦ ਜਮੀਲ, ਮਨੁੱਖੀ ਅਧਿਕਾਰ ਕਾਰਕੁੰਨ ਚੌਧਰੀ ਸ਼ਮਸ਼ੂਦੀਨ ਅਤੇ ਐਡਵੋਕੇਟ ਮੁਬੀਨ ਫਾਰੂਕੀ ਨੂੰ ਮੁਸਲਿਮ-ਸਿੱਖ ਸਾਂਝ ਨੂੰ ਮਜ਼ਬੂਤ ਕਰਨ ਲਈ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਬਲਵਿੰਦਰ ਸਿੰਘ ਔਲਖ ਕਾਲਾਝਾੜ ਸਾਹਿਬ, ਜੀਤ ਸਿੰਘ ਔਲਖ, ਪਾਲ ਸਿੰਘ ਘੜੂੰਆਂ, ਹਰਦੀਪ ਸਿੰਘ, ਸਰਦੂਲ ਸਿੰਘ ਸਰਪੰਚ ਅਤੇ ਗੋਬਿੰਦਰ ਸਿੰਘ ਸਰਵਾਰਾ ਵੀ ਹਾਜ਼ਰ ਸਨ।