ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਐੱਸ ਡੀ ਓ (ਸ਼ਹਿਰੀ) ਪਾਵਰਕਾਮ ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰਾਂ ਦੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲਾਂ ਕਾਰਨ ਕੱਟੇ ਗਏ ਬਿਜਲੀ ਕੁਨੈਕਸ਼ਨਾਂ ਨੂੰ ਬਹਾਲ ਕਰਾਉਣ ਅਤੇ ਹਜ਼ਾਰਾਂ ਰੁਪਏ ਦੇ ਆਏ ਬਿਜਲੀ ਬਿੱਲਾਂ ਨੂੰ ਮਾਫ਼ ਕਰਾਉਣ ਲਈ ਕੀਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਰਾਜ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਘਰ-ਘਰ ਨੌਕਰੀ ਸਮੇਤ ਬਿਜਲੀ ਬਿੱਲਾਂ ਦੇ ਰੇਟ ਅੱਧੇ ਕਰਨ ਦਾ ਵੀ ਵਾਅਦਾ ਕੀਤਾ ਸੀ ਜੋ ਇੱਕ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਰੇਟ ਅੱਧੇ ਕਰਨ ਦੀ ਥਾਂ ਬਿਜਲੀ ਰੇਟਾਂ ਵਿੱਚ ਵਾਧਾ ਕੀਤਾ ਹੈ ਅਤੇ ਗ਼ਰੀਬ ਪਰਿਵਾਰਾਂ ਨੂੰ ਆਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਹਨ। ਜਿਸ ਕਰਕੇ ਗ਼ਰੀਬ ਪਰਿਵਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ ਅਤੇ ਪਰਿਵਾਰਾਂ ਨੂੰ ਹਨੇਰਿਆਂ ਵਿੱਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਗ਼ਰੀਬ ਪਰਿਵਾਰਾਂ ਦੇ ਕੱਟੇ ਬਿਜਲੀ ਕੁਨੈਕਸ਼ਨ ਜੋੜੇ ਜਾ ਰਹੇ ਹਨ ਅਤੇ ਐਲਾਨ ਕੀਤਾ ਹੋਇਆ ਹੈ ਕਿ ਬਿਜਲੀ ਬਿੱਲ ਨਾ ਭਰਨ ਕਰਕੇ ਕਿਸੇ ਵੀ ਪਰਿਵਾਰ ਨੂੰ ਹਨੇਰੇ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਥੇਬੰਦੀ ਸੰਘਰਸ਼ ਹੋਰ ਤਿੱਖਾ ਕਰਦਿਆ ਹੋਇਆ 26 ਮਾਰਚ ਨੂੰ ਕੈਪਟਨ ਦੇ ਮੋਤੀ ਮਹਿਲ ਦਾ ਿਘਰਾਉ ਕੀਤਾ ਜਾਵੇਗਾ। ਐੱਸ ਡੀ ਓ ਰੋਹਿਤ ਗੁਪਤਾ ਨੂੰ ਮੰਗ ਪੱਤਰ ਦੇਣ ਉਪਰੰਤ ਧਰਨਾ ਖ਼ਤਮ ਕੀਤਾ ਗਿਆ। ਇਸ ਮੌਕੇ ਪ੍ਰਰੇਮ ਸਿੰਘ ਖਡਿਆਲੀ, ਪਾਲੀ ਸਿੰਘ ਦਿਆਲਗੜ੍ਹ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਸਿੰਧੜਾਂ, ਅਨੀਤਾ ਰਾਣੀ, ਘੁਮੰਡ ਸਿੰਘ, ਮੇਲਾ ਸਿੰਘ, ਲਾਲੀ ਸਿੰਘ ਅਤੇ ਕਾਲਾ ਸਿੰਘ ਹਾਜ਼ਰ ਸਨ।