ਮਾਹਮਦਪੁਰ ਨੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਆ ਮਾਹਮਦਪੁਰ ਨੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਆ
Publish Date: Sat, 24 Oct 2026 03:36 PM (IST)
Updated Date: Sat, 24 Oct 2026 03:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖਾਲਸਾ ਮਾਹਮਦਪੁਰ ਨੇ ਪਿੰਡ ਮਾਹਮਦਪੁਰ ਦੇ ਸਰਕਾਰੀ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੋਰ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰ ਉੱਜੜ ਰਹੇ ਹਨ ਅਤੇ ਮਾਵਾਂ ਆਪਣੇ ਪੁੱਤਾਂ ਤੇ ਭੈਣਾਂ ਆਪਣੇ ਵੀਰਾਂ ਨੂੰ ਗੁਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਨਸ਼ਿਆਂ ਅਤੇ ਕਥਿਤ ਤੌਰ ’ਤੇ ਨਸ਼ਿਆਂ ਨਾਲ ਜੁੜੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਜ਼ਿੰਦਗੀ ਅਤੇ ਸੰਘਰਸ਼ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਪ੍ਰੇਰਣਾ ਦਿੰਦੇ ਰਹਿਣਗੇ। ਖਾਲਸਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖ ਦੇ ਭਵਿੱਖ ਦੀ ਨੀਂਹ ਹੁੰਦਾ ਹੈ। ਇਸ ਲਈ ਨੌਜਵਾਨਾਂ ਨੂੰ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਵਿਅਕਤੀ ਦੀ ਸਿਹਤ ਹੀ ਨਹੀਂ ਵਿਗਾੜਦੇ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।