ਨਸ਼ਾ ਤਸਕਰਾਂ ’ਤੇ ਮਾਲੇਰਕੋਟਲਾ ਪੁਲਿਸ ਦਾ ਵੱਡਾ ਐਕਸ਼ਨ, ਨਾਜਾਇਜ਼ ਅੱਡੇ ’ਤੇ ਚੱਲਿਆ ਬੁਲਡੋਜ਼ਰ ਨਸ਼ਾ ਤਸਕਰਾਂ ’ਤੇ ਮਾਲੇਰਕੋਟਲਾ ਪੁਲਿਸ ਦਾ ਵੱਡਾ ਐਕਸ਼ਨ, ਨਾਜਾਇਜ਼ ਅੱਡੇ ’ਤੇ ਚੱਲਿਆ ਬੁਲਡੋਜ਼ਰ
Publish Date: Fri, 27 Nov 2026 04:12 PM (IST)
Updated Date: Fri, 27 Nov 2026 04:13 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਤਸਕਰਾਂ ਖ਼ਿਲਾਫ਼ ਮਾਲੇਰਕੋਟਲਾ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵੱਡੀ ਕਾਰਵਾਈ ਕੀਤੀ। ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਲ ਸਿਨੇਮਾ ਰੋਡ ਸਥਿਤ ਮੁਹੱਲਾ ਚੋਰਮਾਰਾ ਵਿਖੇ ਬਦਨਾਮ ਨਸ਼ਾ ਤਸਕਰ ਮੁਹੰਮਦ ਜਾਵੇਦ ਉਰਫ਼ ਬਡੇਵਾਲਾ ਦੀ ਨਾਜਾਇਜ਼ ਉਸਾਰੀ ਨੂੰ ਬੁਲਡੋਜ਼ਰ ਦੀ ਮਦਦ ਨਾਲ ਢਾਹ ਦਿੱਤਾ ਗਿਆ। ਪੁਲਿਸ ਦੀ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਵਿੱਚ ਹਲਚਲ ਮਚ ਗਈ, ਜਦਕਿ ਇਲਾਕਾ ਵਾਸੀ ਵੀ ਇਸ ਕਾਰਵਾਈ ਨੂੰ ਦੇਖਣ ਲਈ ਇਕੱਠੇ ਹੋਏ। ਇਹ ਕਾਰਵਾਈ ਐੱਸਐੱਸਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਮੌਕੇ ਐਸਪੀ (ਇਨਵੈਸਟੀਗੇਸ਼ਨ) ਰਮਨਦੀਪ ਸਿੰਘ ਭੁੱਲਰ ਨੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਦਿਆਂ ਪੁਲਿਸ ਟੀਮਾਂ ਦੀ ਅਗਵਾਈ ਕੀਤੀ। ਕਾਰਵਾਈ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਜਾਵੇਦ ਉਰਫ਼ ਬਡੇਵਾਲਾ ਵਿਰੁੱਧ ਕੁੱਲ ਸੱਤ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਤਿੰਨ ਐਨਡੀਪੀਐਸ ਐਕਟ ਤਹਿਤ ਹਨ। ਦੋ ਮਾਮਲੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਅਕਤੂਬਰ 2024 ਅਤੇ ਅਗਸਤ 2025 ਦੌਰਾਨ ਦਰਜ ਕੀਤੇ ਗਏ ਸਨ, ਜਦਕਿ ਤਾਜਾ ਮਾਮਲਾ 16 ਸਤੰਬਰ 2026 ਨੂੰ ਥਾਣਾ ਸਿਟੀ-2 ਵਿਖੇ ਐੱਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 22 ਤਹਿਤ ਦਰਜ ਹੋਇਆ ਸੀ। ਇਸ ਤੋਂ ਇਲਾਵਾ ਉਸ ਵਿਰੁੱਧ ਸਾਲ 2021 ਅਤੇ 2022 ਵਿੱਚ ਚੋਰੀ ਦੇ ਤਿੰਨ ਮਾਮਲੇ ਵੀ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਸਿਟੀ-2 ਮਾਲੇਰਕੋਟਲਾ ਅਤੇ ਇੱਕ ਥਾਣਾ ਡਿਵੀਜ਼ਨ ਨੰਬਰ-6 ਲੁਧਿਆਣਾ ਵਿਖੇ ਦਰਜ ਹੈ। ਸਾਲ 2020 ਵਿੱਚ ਥਾਣਾ ਸਿਟੀ ਅਹਿਮਦਗੜ੍ਹ ਵਿਖੇ ਵੀ ਉਸ ਵਿਰੁੱਧ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜ਼ਹਿਰ ਵਿੱਚ ਧੱਕ ਕੇ ਆਪਣੀਆਂ ਤਿਜੌਰੀਆਂ ਭਰਨ ਵਾਲੇ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੀ ਕਮਾਈ ਜਾਂ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਲਈ ਹੁਣ ਜ਼ਿਲ੍ਹੇ ਵਿੱਚ ਕੋਈ ਵੀ ਸੁਰੱਖਿਅਤ ਪਨਾਹ ਨਹੀਂ ਹੈ ਅਤੇ ਅਜਿਹੇ ਅਪਰਾਧੀਆਂ ਨੂੰ ਆਪਣੇ ਗੈਰ-ਕਾਨੂੰਨੀ ਧੰਦੇ ਛੱਡਣੇ ਪੈਣਗੇ। ਐਸਐਸਪੀ ਖੱਖ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹੋਰਨਾਂ ਸ਼ੱਕੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਗੈਰ-ਕਾਨੂੰਨੀ ਜਾਇਦਾਦ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਜਿਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਕਾਰਵਾਈ ਤੱਕ ਸੀਮਤ ਨਹੀਂ ਰਹੇਗੀ, ਸਗੋਂ ਨਸ਼ਾ ਤਸਕਰੀ ਦੇ ਖ਼ਾਤਮੇ ਤੱਕ ਜਾਰੀ ਰਹੇਗੀ। ਐਸਪੀ (ਇਨਵੈਸਟੀਗੇਸ਼ਨ) ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਸਪਲਾਈ ਕਰਨ ਵਾਲੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।