- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਖਪਤਕਾਰਾਂ ਨੂੰ ਮਾਨ ਸਰਕਾਰ ਦੀ ਵੱਡੀ ਰਾਹਤ : ਆਜਮ ਦਾਰਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਵਪਾਰੀ ਕਮਿਸ਼ਨ ਮਾਲੇਰਕੋਟਲਾ ਦੇ ਚੇਅਰਮੈਨ ਆਜਮ ਦਾਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦੇਣ ਦਾ ਕੀਤਾ ਫੈਸਲਾ ਸ਼ਲਾਘਾਯੋਗ ਕਦਮ ਹੈ। ਜਿਸ ਨਾਲ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਉੱਤੇ ਲੱਗੇ ਜੁਰਮਾਨੇ ਅਤੇ ਵਿਆਜ ਦੀ 100 ਫ਼ੀਸਦੀ ਰਕਮ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਕਮੁਸ਼ਤ ਨਿਪਟਾਰਾ ਯੋਜਨਾ (ਓਟੀਐੱਸ) ਤਹਿਤ ਸੂਬੇ ਦੇ 24.86 ਲੱਖ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ ਅਤੇ ਕਰੀਬ 518 ਕਰੋੜ ਰੁਪਏ ਦੇ ਜੁਰਮਾਨੇ ਤੇ ਵਿਆਜ ਮੁਆਫ਼ ਹੋਣਗੇ। ਇਸ ਯੋਜਨਾ ਵਿੱਚ ਕੁੱਲ ਲਗਭਗ 2,516 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲ ਸ਼ਾਮਲ ਹਨ।
ਆਜਮ ਦਾਰਾ ਨੇ ਕਿਹਾ ਕਿ ਸਰਕਾਰ ਨੇ ਖਪਤਕਾਰਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਬਕਾਇਆ ਬਿੱਲਾਂ ਦੀ ਅਦਾਇਗੀ ਆਸਾਨ ਕਿਸ਼ਤਾਂ ਵਿੱਚ ਕਰਨ ਦੀ ਸਹੂਲਤ ਵੀ ਦਿੱਤੀ ਹੈ। ਇਹ ਯੋਜਨਾ 45 ਦਿਨਾਂ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਆਰਥਿਕ ਤੰਗੀ ਕਾਰਨ ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰ ਸਕਣ ਵਾਲੇ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਇਸ ਲੋਕ-ਪੱਖੀ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ।