ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀ ਮਾਲੇਰਕੋਟਲਾ ਜ਼ਿਲ੍ਹਾ ਟੀਮ ਗਠਿਤ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਦੀ ਮਾਲੇਰਕੋਟਲਾ ਜ਼ਿਲ੍ਹਾ ਟੀਮ ਗਠਿਤ
Publish Date: Mon, 21 Sep 2026 03:42 PM (IST)
Updated Date: Tue, 22 Sep 2026 04:03 AM (IST)
ਸੱਤਪਾਲ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਦੀ ਮਾਲੇਰਕੋਟਲਾ ਸਥਿਤ ਫਰਦ ਕੇਂਦਰ ਵਿੱਚ ਸਾਂਝੀ ਮੀਟਿੰਗ ਹੋਈ। ਇਸ ਵਿੱਚ ਸੂਬਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸੋਨੀ, ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਸੂਬਾ ਪੱਧਰੀ ਆਗੂਆਂ ਸਮੇਤ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਐਸੋਸੀਏਸ਼ਨ ਦੀ ਮਾਲੇਰਕੋਟਲਾ ਜ਼ਿਲ੍ਹਾ ਇਕਾਈ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ। ਰਣਵੀਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਖੁਸ਼ਪਾਲ ਸਿੰਘ ਨੂੰ ਮੀਤ ਪ੍ਰਧਾਨ, ਮੁਹੰਮਦ ਸ਼ਹਿਜ਼ਾਦ ਨੂੰ ਜਨਰਲ ਸਕੱਤਰ, ਸੁਖਵਿੰਦਰ ਸਿੰਘ ਨੂੰ ਖ਼ਜ਼ਾਨਚੀ, ਅਤਿੰਦਰਪਾਲ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਜਸਪਾਲ ਸਿੰਘ ਨੂੰ ਮੈਂਬਰ ਚੁਣਿਆ ਗਿਆ। ਇਸ ਤੋਂ ਇਲਾਵਾ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਇਸ ਮੌਕੇ ਆਪਰੇਟਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਆਗੂਆਂ ਨੇ ਕਿਹਾ ਕਿ ਫਰਦ ਕੇਂਦਰ ਕੰਪਿਊਟਰ ਆਪਰੇਟਰ ਸਾਲ 2007 ਤੋਂ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮਾਲ ਰਿਕਾਰਡ ਨੂੰ ਆਨਲਾਈਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲੰਮੇ ਸਮੇਂ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਲਾਡੀ ਨੇ ਆਪਰੇਟਰਾਂ ਨੂੰ ਜਥੇਬੰਦਕ ਤੌਰ ’ਤੇ ਇਕਜੁੱਟ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਲਗਾਤਾਰ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਫਰਦ ਕੇਂਦਰ ਕੰਪਿਊਟਰ ਆਪਰੇਟਰਾਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ-2026 ਵਿੱਚ ਸ਼ਾਮਲ ਕੀਤਾ ਜਾਵੇ, ਡੀਸੀ ਰੇਟ ਦੀ ਕੈਟਾਗਰੀ-ਸੀ ਅਨੁਸਾਰ ਤਨਖ਼ਾਹ ਸਕੇਲ ਦਿੱਤਾ ਜਾਵੇ, ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਆਪਰੇਟਰਾਂ ਦਾ ਡਾਟਾ ਪਰਸੋਨਲ ਵਿਭਾਗ ਨੂੰ ਭੇਜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ। ਪ੍ਰੈੱਸ ਸਕੱਤਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਮਲੇਰਕੋਟਲਾ ਜ਼ਿਲ੍ਹੇ ਵਿੱਚ ਨਵੀਂ ਟੀਮ ਦੇ ਗਠਨ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਪਰੇਟਰ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਮਾਲ ਵਿਭਾਗ ਦੇ ਰਿਕਾਰਡ ਨੂੰ ਡਿਜੀਟਲ ਕਰਨ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਆਪਰੇਟਰ ਇਕਜੁੱਟ ਹਨ ਅਤੇ ਜਥੇਬੰਦੀ ਵੱਲੋਂ ਉਲੀਕੇ ਜਾਣ ਵਾਲੇ ਅਗਲੇ ਸੰਘਰਸ਼ ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਨਗੇ। ਇਸ ਿਮੌਕੇ ਜ਼ਿਲ੍ਹਾ ਸੰਗਰੂਰ ਦੇ ਵਾਈਸ ਪ੍ਰਧਾਨ ਬਿਕਰਮਜੀਤ ਸਿੰਘ, ਰਾਜਵਿੰਦਰ ਸਿੰਘ ਰਾਜ, ਅਲੀ ਅਕਬਰ, ਗਗਨਦੀਪ ਸਿੰਘ, ਪਰਮਿੰਦਰ ਕੌਰ, ਇੰਦਰਦੀਪ ਸਿੰਘ, ਗੁਰਕੀਰਤ ਸਿੰਘ ਹਾਜ਼ਰ ਸਨ।