ਗੁਰਮੀਤ ਸਿੰਘ ਵੱਲੋਂ ਆਜ਼ਾਦ ਚੋਣ ਲੜਨ ਦੇ ਐਲਾਨ ਨਾਲ ਸਿਆਸਤ ਗਰਮਾਈ ਗੁਰਮੀਤ ਸਿੰਘ ਵੱਲੋਂ ਆਜ਼ਾਦ ਚੋਣ ਲੜਨ ਦੇ ਐਲਾਨ ਨਾਲ ਮਾਲੇਰਕੋਟਲਾ ਦੀ ਸਿਆਸਤ ਗਰਮਾਈ
Publish Date: Thu, 08 Oct 2026 03:42 PM (IST)
Updated Date: Fri, 09 Oct 2026 04:02 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਸੀਨੀਅਰ ਆਗੂ ਅਤੇ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਵੱਲੋਂ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਐਲਾਨ ਨੇ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਗੁਰਮੀਤ ਸਿੰਘ ਵੱਲੋਂ 11 ਅਕਤੂਬਰ ਨੂੰ ਰਾਜ ਪੈਲੇਸ ਵਿੱਚ ਹੋਣ ਵਾਲੇ ਵੱਡੇ ਇਕੱਠ ਦੌਰਾਨ ਇਸ ਸਬੰਧੀ ਰਸਮੀ ਐਲਾਨ ਕੀਤੇ ਜਾਣ ਦੀ ਗੱਲ ਆਖੀ ਗਈ ਹੈ। ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਮਾਲੇਰਕੋਟਲਾ ਹਲਕੇ ਦੀ ਸਿਆਸਤ ਵਿੱਚ ਲੰਮੇ ਸਮੇਂ ਤੋਂ ਪਿੰਡਾਂ ਦੀ ਨੁਮਾਇੰਦਗੀ ਦਾ ਮੁੱਦਾ ਅਣਗੌਲਿਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੀਆਂ ਵੱਡੀ ਗਿਣਤੀ ਵਿੱਚ ਵੋਟਾਂ ਹੋਣ ਦੇ ਬਾਵਜੂਦ ਸਿਆਸੀ ਪਾਰਟੀਆਂ ਵੱਲੋਂ ਪੇਂਡੂ ਖੇਤਰ ਨਾਲ ਸਬੰਧਤ ਆਗੂਆਂ ਨੂੰ ਉਮੀਦਵਾਰ ਬਣਾਉਣ ਦੇ ਮਾਮਲੇ ਵਿੱਚ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਜਾਤ ਜਾਂ ਧਰਮ ਨਾਲ ਕੋਈ ਵਿਰੋਧ ਨਹੀਂ ਹੈ, ਪਰ ਸਵਾਲ ਇਹ ਹੈ ਕਿ ਜੇ ਸਿਆਸੀ ਪਾਰਟੀਆਂ ਵੱਲੋਂ ਟਿਕਟਾਂ ਦਿੱਤੀਆਂ ਜਾਂਦੀਆਂ ਹਨ ਤਾਂ ਪਿੰਡਾਂ ਦੇ ਲੋਕਾਂ ਨੂੰ ਸਿਆਸੀ ਨੁਮਾਇੰਦਗੀ ਤੋਂ ਕਿਉਂ ਦੂਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਮੁੱਦੇ ’ਤੇ ਪਾਰਟੀ ਪੱਧਰ ’ਤੇ ਗੱਲ ਰੱਖਣ ਦੇ ਬਾਵਜੂਦ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਗੁਰਮੀਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵੱਖ-ਵੱਖ ਵਰਗਾਂ ਵੱਲੋਂ ਮਿਲ ਰਹੇ ਸਮਰਥਨ ਅਤੇ ਹੌਸਲੇ ਨੇ ਉਨ੍ਹਾਂ ਨੂੰ ਆਜ਼ਾਦ ਚੋਣ ਲੜਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਮਕਸਦ ਇਹ ਦਰਸਾਉਣਾ ਹੈ ਕਿ ਪੇਂਡੂ ਖੇਤਰ ਵਿੱਚੋਂ ਉੱਭਰਿਆ ਆਮ ਆਗੂ ਵੀ ਵਿਧਾਨ ਸਭਾ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਸਕਦਾ ਹੈ। ਉਨ੍ਹਾਂ ਮਾਲੇਰਕੋਟਲਾ ਸ਼ਹਿਰ ਦੇ ਨਾਲ-ਨਾਲ ਪੇਂਡੂ ਖੇਤਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਲੋੜ ਹੈ, ਜਿਸ ਵੱਲ ਸਿਆਸੀ ਪਾਰਟੀਆਂ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਸਰਪੰਚ ਗੁਰਮੀਤ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਪੇਂਡੂ ਖੇਤਰ ਦੀਆਂ ਸਮੱਸਿਆਵਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਪਿੰਡਾਂ ਨਾਲ ਸਬੰਧਤ ਆਗੂਆਂ ਨੂੰ ਟਿਕਟ ਨਾ ਦੇਣ ਦੇ ਮੁੱਦੇ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਹੁਣ 11 ਅਕਤੂਬਰ ਨੂੰ ਹੋਣ ਵਾਲੇ ਇਕੱਠ ਵਿੱਚ ਉਨ੍ਹਾਂ ਦੇ ਅਗਲੇ ਸਿਆਸੀ ਕਦਮ ਦੇ ਰਸਮੀ ਐਲਾਨ ’ਤੇ ਮਾਲੇਰਕੋਟਲਾ ਦੀ ਸਿਆਸਤ ਵਿੱਚ ਇਸ ਦੇ ਪ੍ਰਭਾਵ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।