ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਰਾਜੇਵਾਲ ਕਣਕ ਦੇ ਭਾਅ ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਰਾਜੇਵਾਲ
Publish Date: Sun, 04 Oct 2026 04:32 PM (IST)
Updated Date: Mon, 05 Oct 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਆਲ ਨੇ ਚਲਾਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਤੋਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ ਛਾਂ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਕਣਕ ਦੀ ਬਿਜਾਈ ਦੇ ਸੀਜ਼ਨ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦਾ ਲੋੜੀਂਦਾ ਪ੍ਰਬੰਧ ਕਰਕੇ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਕਣਕ ਦੀ ਬਿਜਾਈ ਪ੍ਰਭਾਵਿਤ ਨਾ ਹੋਵੇ। ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨ ਜਥੇਬੰਦੀ ਮੁੱਢੋਂ ਰੱਦ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਇਹ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਭਾਅ ਵਿੱਚ ਘੱਟੋ-ਘੱਟ 1500 ਰੁਪਏ ਪ੍ਰਤੀ ਕੁਇੰਟਲ ਹੋਰ ਵਾਧਾ ਕੀਤਾ ਜਾਵੇ ਅਤੇ ਫ਼ਸਲਾਂ ਦੇ ਭਾਅ ਨੂੰ ਮਹਿੰਗਾਈ ਦਰ ਨਾਲ ਜੋੜਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਦਾ ਵਾਜਬ ਮੁੱਲ ਮਿਲ ਸਕੇ। ਕਿਸਾਨ ਆਗੂਆਂ ਨੇ ਪਰਾਲੀ ਦੇ ਪ੍ਰਬੰਧਨ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤਾਂ ਵਿੱਚੋਂ ਪਰਾਲੀ ਚੁੱਕਣ ਅਤੇ ਇਸ ਦੇ ਪ੍ਰਬੰਧਨ ਲਈ ਲੋੜੀਂਦੀਆਂ ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਮੇਂ ਸਿਰ ਖੇਤਾਂ ਵਿੱਚੋਂ ਪਰਾਲੀ ਨਾ ਚੁੱਕੀ ਗਈ ਤਾਂ ਕਿਸਾਨਾਂ ਲਈ ਗੰਭੀਰ ਸਮੱਸਿਆ ਪੈਦਾ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜ਼ਿਲ੍ਹਾ ਜਨਰਲ ਸਕੱਤਰ ਕਸ਼ਮੀਰ ਸਿੰਘ ਘਰਾਚੋ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਬਲਾਕ ਮੀਤ ਪ੍ਰਧਾਨ ਯਾਦਵਿੰਦਰ ਸਿੰਘ, ਬਲਾਕ ਜਨਰਲ ਸਕੱਤਰ ਜਸਵਿੰਦਰ ਸਿੰਘ ਕਪਿਲ, ਇਕਾਈ ਪ੍ਰਧਾਨ ਅਮਰੀਕ ਸਿੰਘ ਘਰਾਚੋ, ਸਤਿਗੁਰ ਸਿੰਘ, ਜਗਸੀਰ ਸਿੰਘ ਬਲਦ ਕਲਾਂ, ਕੁਲਜੀਤ ਸਿੰਘ ਨਾਗਰਾ, ਰੋਹਿਤ ਸਿੰਘ ਸੰਘਰੇੜੀ, ਹਰਬੰਸ ਸਿੰਘ, ਕਾਕਾ ਸਿੰਘ, ਗੁਰਮੇਲ ਸਿੰਘ ਆਲੋਅਰਖ, ਹਰਦੀਪ ਸਿੰਘ, ਤੇਜਿੰਦਰ ਸਿੰਘ ਵਾਸੀਅਰਖ, ਅੰਮ੍ਰਿਤ ਸਿੰਘ, ਸਿਕੰਦਰ ਸਿੰਘ ਅਕਬਰਪੁਰ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਕਪਿਆਲ ਅਤੇ ਰਛਪਾਲ ਸਿੰਘ ਭਵਾਨੀਗੜ੍ਹ ਹਾਜ਼ਰ ਸਨ।