ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, ਧੂਰੀ ਤੇ ਸੁਨਾਮ ਤੋਂ ਮੰਗਵਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Publish Date: Thu, 26 Nov 2026 06:58 PM (IST)
Updated Date: Thu, 26 Nov 2026 07:01 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਸ਼ਹਿਰ ਦੇ ਉਭਾਵਾਲ ਰੋਡ ’ਤੇ ਵੀਰਵਾਰ ਦੁਪਹਿਰ ਬਾਅਦ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਵਿਕਰਾਲ ਰੂਪ ਧਾਰਨ ਕਰ ਲਿਆ। ਪਰਾਲੀ ਦੀਆਂ ਗੱਠਾਂ ਵਿੱਚੋਂ ਉੱਠਦੀਆਂ ਉੱਚੀਆਂ ਲਪਟਾਂ ਅਤੇ ਸੰਘਣੇ ਧੂੰਏਂ ਕਾਰਨ ਆਸ-ਪਾਸ ਦਾ ਇਲਾਕਾ ਧੂੰਏਂ ਦੇ ਗੁਬਾਰ ਵਿੱਚ ਘਿਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਟੀਮਾਂ ਕਈ ਗੱਡੀਆਂ ਸਮੇਤ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ। ਅੱਗ ਦੀ ਗੰਭੀਰਤਾ ਨੂੰ ਦੇਖਦਿਆਂ ਵਾਟਰ ਬਾਊਜ਼ਰ ਸਮੇਤ ਧੂਰੀ ਅਤੇ ਸੁਨਾਮ ਤੋਂ ਵੀ ਵਾਧੂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ। ਦੇਰ ਸ਼ਾਮ ਤੱਕ ਅੱਗ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਰਹੇ। ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਫਾਇਰ ਬ੍ਰਿਗੇਡ ਵਿਭਾਗ ਨੂੰ ਉਭਾਵਾਲ ਰੋਡ ’ਤੇ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਵਿਭਾਗ ਨੇ ਬਿਨਾਂ ਦੇਰੀ ਕੀਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਘਟਨਾ ਸਥਾਨ ਲਈ ਰਵਾਨਾ ਕਰ ਦਿੱਤਾ। ਮੌਕੇ ’ਤੇ ਪਹੁੰਚੀਆਂ ਟੀਮਾਂ ਨੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ, ਪਰ ਪਰਾਲੀ ਸੁੱਕੀ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲਦੀ ਗਈ। ਅੱਗ ਦੀਆਂ ਲਪਟਾਂ ਲਗਾਤਾਰ ਤੇਜ਼ ਹੋਣ ਕਾਰਨ ਇਸ ’ਤੇ ਕਾਬੂ ਪਾਉਣਾ ਫਾਇਰ ਕਰਮਚਾਰੀਆਂ ਲਈ ਚੁਣੌਤੀ ਬਣ ਗਿਆ। ਫਾਇਰ ਅਫ਼ਸਰ ਪਵਿੱਤਰ ਸਿੰਘ ਨੇ ਦੱਸਿਆ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਦਫ਼ਤਰ ਤੋਂ ਵਾਟਰ ਬਾਊਜ਼ਰ ਅਤੇ ਧੂਰੀ ਤੇ ਸੁਨਾਮ ਤੋਂ ਹੋਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਭੇਜੀਆਂ ਗਈਆਂ, ਤਾਂ ਜੋ ਅੱਗ ਬੁਝਾਉਣ ਦੀ ਮੁਹਿੰਮ ਦੌਰਾਨ ਪਾਣੀ ਦੀ ਕੋਈ ਕਮੀ ਨਾ ਆਵੇ। ਫਾਇਰ ਬ੍ਰਿਗੇਡ ਵਿਭਾਗ ਦੇ ਕਰੀਬ 25 ਤੋਂ 27 ਕਰਮਚਾਰੀ ਅੱਗ ’ਤੇ ਕਾਬੂ ਪਾਉਣ ਲਈ ਲਗਾਤਾਰ ਜੱਦੋ-ਜਹਿਦ ਕਰਦੇ ਰਹੇ। ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਅਤੇ ਸੜ ਰਹੀਆਂ ਪਰਾਲੀ ਦੀਆਂ ਗੱਠਾਂ ’ਤੇ ਪਾਣੀ ਪਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਵਿਭਾਗ ਦੀਆਂ ਟੀਮਾਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ। ਅੱਗ ਪੂਰੀ ਤਰ੍ਹਾਂ ਬੁਝਣ ਤੋਂ ਬਾਅਦ ਹੀ ਹੋਏ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕੇਗਾ।