ਬਟੜਿਆਣਾ ’ਚ ਮੀਟਿੰਗ, ਮੋਗਾ ਰੈਲੀ ਲਈ ਲੋਕਾਂ ਨੂੰ ਸੱਦਾ ਬਟੜਿਆਣਾ ’ਚ ਮੀਟਿੰਗ, ਮੋਗਾ ਰੈਲੀ ਲਈ ਲੋਕਾਂ ਨੂੰ ਸੱਦਾ
Publish Date: Mon, 07 Sep 2026 03:44 PM (IST)
Updated Date: Tue, 08 Sep 2026 04:01 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਬਟੜਿਆਣਾ ਵਿੱਚ ਮੀਟਿੰਗ ਕਰਕੇ 26 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਇਹ ਰੈਲੀ ਆਰਐੱਸਐੱਸ-ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫਾਸ਼ੀਵਾਦੀ ਮਨਸੂਬਿਆਂ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਸਰਕਾਰ ਦੇ ਆਉਣ ਤੋਂ ਬਾਅਦ ਘੱਟ ਗਿਣਤੀਆਂ, ਦਲਿਤਾਂ, ਕਮਿਊਨਿਸਟਾਂ ਅਤੇ ਅੰਬੇਦਕਰਵਾਦੀਆਂ ਉੱਪਰ ਹਮਲੇ ਤੇਜ਼ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਲੋਕ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕਰਨ ਲਈ ਚਾਰ ਲੇਬਰ ਕੋਡ ਲਾਗੂ ਕੀਤੇ ਜਾ ਰਹੇ ਹਨ ਅਤੇ ਮਜ਼ਦੂਰਾਂ ਦੀ ਦਿਹਾੜੀ 8 ਘੰਟਿਆਂ ਤੋਂ ਵਧਾ ਕੇ 12 ਘੰਟੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮਨਰੇਗਾ ਦਾ ਨਾਮ ਬਦਲਣ, ਸੰਘਰਸ਼ਸ਼ੀਲ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਅਤੇ ਸੰਵਿਧਾਨਕ ਸੰਸਥਾਵਾਂ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਆਰਐੱਸਐੱਸ ਦੇ ਹਿੰਦੂਤਵ ਦੇ ਏਜੰਡੇ ਨੂੰ ਲਾਗੂ ਕਰਨ ਲਈ ਸੰਵਿਧਾਨ ਦੀ ਥਾਂ ਮਨੂਸਮ੍ਰਿਤੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣਾ ਚਾਹੁੰਦੀ ਹੈ। ਇਸ ਦੇ ਵਿਰੋਧ ਵਿੱਚ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮਾਂ ਵੱਲੋਂ ਮੋਗਾ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟ ਯੂਨੀਅਨ ਦੇ ਰਾਮਵੀਰ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਰਘਵੀਰ ਭਵਾਨੀਗੜ੍ਹ, ਕੁਲਵੰਤ ਖਨੌਰੀ, ਕਰਮਜੀਤ ਨਦਾਮਪੁਰ ਅਤੇ ਸੁਖਵਿੰਦਰ ਸਿੰਘ ਬਟੜਿਆਣਾ ਨੇ ਵੀ ਸੰਬੋਧਨ ਕੀਤਾ। ਪਿੰਡ ਇਕਾਈ ਦੇ ਪ੍ਰਧਾਨ ਸੰਦੀਪ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਬਟੜਿਆਣਾ ਤੋਂ ਵੱਡੀ ਗਿਣਤੀ ਵਿੱਚ ਲੋਕ ਮੋਗਾ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਰਾਮਕਰਨ ਸਿੰਘ ਨੇ ਮੀਟਿੰਗ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ।