ਵਿੱਤ ਮੰਤਰੀ ਚੀਮਾ ਨਾਲ ਮਾਸਟਰ ਕਾਡਰ ਦੀ ਭਰਤੀ ਬਾਰੇ ਕੀਤੀ ਗੱਲਬਾਤ
ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ
Publish Date: Thu, 24 Sep 2026 03:33 PM (IST)
Updated Date: Fri, 25 Sep 2026 04:00 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੇ ਆਗੂਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਮਾਸਟਰ ਕੇਡਰ ਭਰਤੀ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਮਾਸਟਰ ਕੇਡਰ ਭਰਤੀ ਦਾ ਏਜੰਡਾ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਣਾ ਹੈ, ਜਿਸ ਤੋਂ ਬਾਅਦ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸੌਖੀ ਮਾਹੌਲ ਵਿੱਚ ਗੱਲਬਾਤ ਹੋਈ ਹੈ ਅਤੇ ਉਹਨਾਂ ਕਿਹਾ ਕਿ ਜਲਦੀ ਹੀ ਮਾਸਟਰ ਕੇਡਰ ਦੀਆਂ ਪੋਸਟਾਂ ਭਰਨ ਲਈ ਸਰਕਾਰ ਵਿਚਾਰ ਕਰ ਰਹੀ ਹੈ ਅਤੇ ਇਸ ਲਈ ਉਹ ਮੰਤਰੀ ਮੰਡਲ ਵਿੱਚ ਇਸ ਮੁੱਦੇ ਨੂੰ ਵਿਚਾਰੇਗੀ। ਜਥੇਬੰਦੀ ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਸਥਿਤ ਦਫ਼ਤਰ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂ ਮਨਦੀਪ ਸਿੰਘ ਬਿੱਲਾ, ਲਖਬੀਰ ਸਿੰਘ ਖੁੱਡੀ ਕਲਾਂ, ਪ੍ਰਿਯੰਕਾ ਰਾਣੀ, ਗੁਰਿੰਦਰ ਸਿੰਘ, ਵੀਰਪਾਲ ਕੌਰ ਹਾਜ਼ਰ ਸਨ।