- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਵਾਨੀਗੜ੍ਹ ’ਚ ਖੁੰਖਾਰ ਕੁੱਤੇ ਦਾ ਕਹਿਰ, ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਵੱਢਿਆ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ
ਸਥਾਨਕ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਐਤਵਾਰ ਨੂੰ ਸ਼ਹਿਰ ਵਿੱਚ ਇੱਕ ਅਵਾਰਾ ਕੁੱਤੇ ਨੇ ਕੁਝ ਹੀ ਘੰਟਿਆਂ ਦੌਰਾਨ ਦੋ ਮਹਿਲਾਵਾਂ ਅਤੇ ਇੱਕ ਪੁਲਿਸ ਮੁਲਾਜ਼ਮ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਵੱਢ ਲਿਆ। ਜਿਸ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਡਰ ਪਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸਵੇਰ ਤੋਂ ਹੀ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਗਊਸ਼ਾਲਾ ਦੇ ਆਸ-ਪਾਸ ਇੱਕ ਅਵਾਰਾ ਕੁੱਤਾ ਘੁੰਮ ਰਿਹਾ ਸੀ, ਜਿਸ ਨੇ ਰਾਹ ਜਾਂਦੇ ਲੋਕਾਂ ’ਤੇ ਹਮਲਾ ਕਰਦਿਆਂ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਕੁੱਤੇ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਪਹੁੰਚਾਇਆ ਗਿਆ।
ਇਸ ਸਬੰਧੀ ਡਾ. ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਹੀ ਕੁੱਤੇ ਦੇ ਵੱਢਣ ਕਾਰਨ ਜ਼ਖ਼ਮੀ ਹੋਏ ਮਰੀਜ਼ ਹਸਪਤਾਲ ਪਹੁੰਚ ਰਹੇ ਹਨ ਅਤੇ ਹੁਣ ਤੱਕ ਬੱਚੇ ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਕੁੱਲ 13 ਮਰੀਜ਼ ਇਲਾਜ ਲਈ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਸਾਰੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਮਰੀਜ਼ ਨੂੰ ਲੋੜ ਅਨੁਸਾਰ ਇਲਾਜ ਦਿੱਤਾ ਜਾ ਰਿਹਾ ਹੈ।
ਕੁੱਤੇ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਵਿੱਚ ਬਲਕਾਰ ਸਿੰਘ, ਭਰਭੂਰ ਸਿੰਘ, ਇਮਰਾਨ ਖਾਨ, ਅਨੀਤਾ ਰਾਣੀ, ਦਰਸ਼ਨ ਕੁਮਾਰ, ਵਿਲਾਸ ਸ਼ਰਮਾ, ਸੰਦੀਪ ਕੁਮਾਰ, ਪ੍ਰਿੰਸ, ਜਸਪਾਲ ਕੌਰ, ਲੱਕੀ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਲੋਕ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚ ਬੱਚੇ ਅਤੇ ਬਜ਼ੁਰਗ ਵੀ ਹਨ।
ਅਵਾਰਾ ਕੁੱਤਿਆਂ ਦੀ ਸਮੱਸਿਆ ਬਣੀ ਗੰਭੀਰ ਚਿੰਤਾ
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਭਵਾਨੀਗੜ੍ਹ ਸ਼ਹਿਰ ਹੀ ਨਹੀਂ, ਸਗੋਂ ਆਸ-ਪਾਸ ਦੇ ਪਿੰਡਾਂ ਵਿੱਚ ਵੀ ਅਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਆਮ ਦੇਖਣ ਨੂੰ ਮਿਲਦੇ ਹਨ, ਜਿਸ ਕਾਰਨ ਰਾਹਗੀਰਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਲੰਘਣ ਸਮੇਂ ਡਰ ਬਣਿਆ ਰਹਿੰਦਾ ਹੈ।
ਲੋਕਾਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਕੋਈ ਠੋਸ ਹੱਲ ਕੱਢਿਆ ਜਾਵੇ।