ਮਗਨਰੇਗਾ ਮੁਲਜਮਾਂ ਨੇ ਸੂਬਾ ਸਰਕਾਰ ਦੇ ਲਾਰਿਆਂ ਦੀ ਫੂਕੀ ਪੰਡ ਮਗਨਰੇਗਾ ਮੁਲਜਮਾਂ ਨੇ ਬਰਨਾਲਾ/ਹੰਡਿਆਇਆ ਰੋਡ ’ਤੇ ਪੰਜਾਬ ਸਰਕਾਰ ਦੀ ਲਾਰਿਆਂ ਦੀ ਪੰਡ ਫੂਕੀ
Publish Date: Fri, 10 Jul 2026 05:17 PM (IST)
Updated Date: Sat, 11 Jul 2026 04:03 AM (IST)
ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਮੁਲਾਜ਼ਮ ਕਰਨਗੇ ਤਿੱਖੇ ਸਵਾਲ : ਆਗੂ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ’ਚ ਮਨਰੇਗਾ ਸਕੀਮ ’ਚ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਬਰਨਾਲਾ ਹੰਡਿਆਇਆ ਰੋਡ ’ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਕੇ ਰੋਸ ਪ੍ਰਦਰਸ਼ਨ ਕੀਤਾ। ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਤੇ ਹਜ਼ਾਰਾਂ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਝੂਠ ਬੋਲ ਕੇ ਗੁੰਮਰਾਹ ਕਰ ਰਹੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਸੀਨੀਅਰ ਅਫ਼ਸਰਸਾਹੀ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ’ਤੇ ਰੱਖਣ ਦੇ ਬਾਵਜੂਦ ਅੱਜ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਰਜ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈਕੇ ਪਿਛਲੇ 38 ਦਿਨਾਂ ਤੋਂ ਧਰਨੇ ਤੇ ਚੱਲ ਰਹੇ ਹਨ। ਲੰਘੀ 1 ਜੂਨ,10 ਜੂਨ ਅਤੇ 2 ਜੁਲਾਈ ਨੂੰ ਲਗਾਤਾਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ’ਚ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਪ੍ਰਵਾਨ ਕਰ ਲਿਆ ਸੀ ਪਰ ਲਾਗੂ ਨਹੀਂ ਕੀਤੀਆਂ ਗਈਆਂ। ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਦਾਅਵਾ ਕੀਤਾ ਸੀ ਪਰ ਹੁਣ ਪੱਕੇ ਕਰਨ ਤੋਂ ਭੱਜ ਗਈ ਤੇ 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ, ਆਮ ਆਦਮੀ ਪਾਰਟੀ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ। ਉਨ੍ਹਾਂ ਕਿਹਾ 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਰੈਲੀ ਕੱਢੀ ਜਾਵੇਗੀ। 12 ਜੁਲਾਈ ਨੂੰ ਮੁੱਖ ਮੰਤਰੀ ਬੰਗਲੌਰ ਤੋਂ ਵਾਪਸ ਆ ਜਾਣਗੇ। ਇਸ ਤੋਂ ਬਾਅਦ ਜਿੱਥੇ ਕਿਤੇ ਵੀ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ ਹੋਵੇਗਾ। ਉਸ ਜਗ੍ਹਾ ਉੱਪਰ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਕੇ ਉਨ੍ਹਾਂ ਵੱਲੋਂ ਕੀਤੇ ਵਾਅਦੇ ਚੇਤੇ ਕਰਾਉਣਗੇ। ਇਸ ਮੌਕੇ ਪਰਮਿੰਦਰ ਸਿੰਘ ਮਾੰਣੂਕੇ, ਪੰਕਜ ਕੁਮਾਰ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਸਿੰਘ ਸੇਰਗਿੱਲ, ਜਸਮੀਤ ਸਿੰਘ ਤੁੰਗ, ਮਹਿੰਦਰ ਸਿੰਘ ਮਹਿਲ ਕਲਾਂ, ਅਜੇ ਕੁਮਾਰ, ਬਲਕਰਨ ਸਿੰਘ ਸੇਰਗਿੱਲ, ਰਵਿੰਦਰ ਮਿੱਤਲ, ਗੁਰਮੀਤ ਸਿੰਘ ਗੈਰੀ, ਗਗਨਦੀਪ ਸਿੰਘ, ਸੁਖਚੈਨ ਸਿੰਘ, ਕੁਲਵੀਰ ਕੌਰ ਰਣਜੀਤ ਸਿੰਘ, ਮਹਿੰਦਰ ਸਿੰਘ ਰਾਏਸਰ, ਜਸਵੀਰ ਕੌਰ, ਹਰਪ੍ਰੀਤ ਕੌਰ ਆਦਿ ਹਾਜਰ ਸਨ।