ਮਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇ ਕੇ ਮਾਰੂ ਚਿੱਠੀਆਂ ਸਾੜੀਆਂ
ਮਨਰੇਗਾ ਕਰਮਚਾਰੀਆਂ ਨੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦੇ ਕੇ ਮਾਰੂ ਚਿੱਠੀਆਂ ਸਾੜੀਆਂ
Publish Date: Wed, 10 Jun 2026 07:48 PM (IST)
Updated Date: Wed, 10 Jun 2026 07:50 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸ਼ੰਘਰਸ਼ਾਂ ਦੀ ਲੜੀ ਤਹਿਤ ਬੁੱਧਵਾਰ ਬਲਾਕ ਪੱਧਰੀ ਧਰਨਾ 9ਵੇਂ ਦਿਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਹਮਣੇ ਜਾਰੀ ਰਿਹਾ। ਇਸ ਸਮੇਂ ਵਿਭਾਗ ਵੱਲੋਂ ਵਰਕਰਾਂ ਰਾਹੀਂ ਕਰਵਾਉਣ ਦੇ ਕੱਢੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਦੱਸਿਆ ਗਿਆ ਕਿ ਅਜਿਹੇ ਪੱਤਰ ਕੱਢਣ ਦਾ ਸਿੱਧਾ ਮਤਲਬ ਹੈ ਕਿ ਵਿਭਾਗ ਤੇ ਧਰਨੇ ਦਾ ਵੱਡਾ ਪ੍ਰਭਾਵ ਹੈ। ਅਸੀਂ ਅਜਿਹੇ ਪੱਤਰਾਂ ਤੋਂ ਡਰਨ ਵਾਲੇ ਨਹੀਂ ਹਾਂ। ਪੰਜਾਬ ਭਰ ਵਿੱਚ ਇੱਕ ਵੀ ਮੁਲਾਜ਼ਮ ਨਰੇਗਾ ਦਾ ਕੰਮ ਪੱਕੇ ਹੋਣ ਨਹੀਂ ਕਰੇਗਾ ਅਤੇ ਹੋਰ ਕਿਸੇ ਵਿੱਚ ਇਹ ਕਾਬਲੀਅਤ ਨਹੀਂ ਕਿ ਨਰੇਗਾ ਨੂੰ ਚਲਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 17 -18 ਸਾਲ ਤੋਂ ਉਹ ਕੱਚੀ ਨੌਕਰੀ ਕਰ ਰਹੇ ਹਨ। ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ। ਅਫ਼ਸਰਸ਼ਾਹੀ ਵੱਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸੰਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ। ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾਂ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਬਿਲਕੁਲ ਨਿਗੂਣੀਆਂ ਤਨਖ਼ਾਹਾਂ ਤੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਸੂਬੇ ਦੀ ਮਾਨ ਸਰਕਾਰ ਵੱਲੋਂ 65048 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਜੋ ਕਾਨੂੰਨ ਬਣਾਇਆ ਗਿਆ ਹੈ ਉਸ ਵਿੱਚ ਵੀ ਕੇਂਦਰੀ ਸਕੀਮਾਂ ਦੇ ਮੁਲਾਜ਼ਮਾਂ ਨੂੰ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਨਰੇਗਾ ਕਾਨੂੰਨ -2005 ਵਿੱਚ ਸਪਸ਼ਟ ਤੌਰ ਤੇ ਲਿਖਿਆ ਗਿਆ ਹੈ ਕਿ ਨਰੇਗਾ ਲਈ ਮੁਲਾਜ਼ਮ ਸੂਬਾ ਸਰਕਾਰ ਮੁੱਹਈਆ ਕਰਵਾਏਗੀ ਉਹ ਚਾਹੇ ਰੈਗੂਲਰ ਭਰਤੀ ਕਰੇ ਚਾਹੇ ਕੰਟਰੈਕਟ ਤੇ। ਪਰ ਹਰ ਸਰਕਾਰ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ਵਿੱਚ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਆਖ ਕੇ ਪੱਲਾ ਝਾੜ ਲੈਂਦੀ ਹੈ। ਇਸ ਮੌਕੇ ਰਣਧੀਰ ਸਿੰਘ,ਅਮਨਦੀਪ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।