ਮੰਤਰੀ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਸੌਪੇ ਨਿਯੁਕਤੀ ਪੱਤਰ ਮੰਤਰੀ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਸੌਪੇ ਨਿਯੁਕਤੀ ਪੱਤਰ
Publish Date: Sun, 15 Nov 2026 03:25 PM (IST)
Updated Date: Sun, 15 Nov 2026 03:27 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਆਪਣੇ ਇਲਾਕੇ ਵਿੱਚ ਰੁਜ਼ਗਾਰ ਦਾ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਰੋਜ਼ਾਨਾ ਦੇਖਭਾਲ, ਪੌਸ਼ਟਿਕ ਖੁਰਾਕ ਦੀ ਵੰਡ ਅਤੇ ਕੇਂਦਰਾਂ ਦੀ ਸਾਫ਼-ਸਫ਼ਾਈ ਲਈ ਲੋੜੀਂਦਾ ਸਹਿਯੋਗ ਮਿਲੇਗਾ।ਨਵ-ਨਿਯੁਕਤ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਕਿਹਾ, ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚੇ ਖੇਡਾਂ, ਗੀਤਾਂ ਅਤੇ ਕਹਾਣੀਆਂ ਰਾਹੀਂ ਨਵੇਂ ਸ਼ਬਦ ਸਿੱਖਦੇ ਹਨ ਅਤੇ ਦੂਜੇ ਬੱਚਿਆਂ ਨਾਲ ਰਲ-ਮਿਲ ਕੇ ਰਹਿਣ ਦੀ ਆਦਤ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਖੁਰਾਕ ਦੇਣ, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣ ਦੀ ਆਦਤ ਪਾਉਣ ਅਤੇ ਖੇਡਾਂ ਰਾਹੀਂ ਸਿੱਖਣ ਦੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਚਕਾਰ ਚੰਗਾ ਤਾਲਮੇਲ ਜ਼ਰੂਰੀ ਹੈ।ਸਰਕਾਰੀ ਭਰਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਅਸੀਂ ਵੱਖ-ਵੱਖ ਵਿਭਾਗਾਂ ਵਿੱਚ ਖ਼ਾਲੀ ਅਸਾਮੀਆਂ ਭਰਨ ਲਈ ਯਤਨਸ਼ੀਲ ਹਾਂ। ਸਾਡੀ ਤਰਜੀਹ ਹੈ ਕਿ ਭਰਤੀ ਪ੍ਰਕਿਰਿਆ ਪਾਰਦਰਸ਼ੀ ਹੋਵੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਮਿਹਨਤ ਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਸੇਵਾ ਵਿੱਚ ਆਉਣ ਦਾ ਮੌਕਾ ਮਿਲੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੀਆਂ ਅਤੇ ਆਪਣੇ ਕੰਮ ਰਾਹੀਂ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਾਸਲ ਕਰਨਗੀਆਂ।ਇਸ ਮੌਕੇ ਓ ਐਸ ਡੀ ਰਕੇਸ਼ ਕੁਮਾਰ ਗੁਪਤਾ, ਟਰੇਡ ਯੂਨੀਅਨ ਦੇ ਚੇਅਰਮੈਨ ਪ੍ਰਿੰਸ ਗਰਗ,ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਵੀ ਹਾਜ਼ਰ ਸਨ।