- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਗੋਇਲ ਨੇ 2.50 ਕਰੋੜ ਦੀ ਲਾਗਤ ਨਾਲ ਤਿੰਨ ਡਰੇਨ ਪੁਲਾਂ ਦੇ ਰੱਖੇ ਨੀਂਹ ਪੱਥਰ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਹਿੱਤ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 55 ਲੱਖ 86 ਹਜ਼ਾਰ ਰੁਪਏ ਦੀ ਲਾਗਤ ਨਾਲ ਡਰੇਨਾਂ ਉੱਤੇ ਉਸਾਰੇ ਜਾਣ ਵਾਲੇ ਤਿੰਨ ਪੁਲਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡ ਬਖੋਰਾ ਕਲਾਂ ਵਿਖੇ ਲਹਿਰਾ ਮੇਨ ਡਰੇਨ ਦੇ ਆਰਡੀ. 28100 ’ਤੇ ਪੁਲ ਦਾ ਨਿਰਮਾਣ ਕਰੀਬ 93 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸੇ ਤਰ੍ਹਾਂ ਰਾਮਗੜ੍ਹ ਸੰਧੂਆਂ ਵਿਖੇ ਐਲ-5 ਡਰੇਨ ਦੇ ਆਰ.ਡੀ. 7900 ’ਤੇ ਪੁਲ ਦੇ ਨਿਰਮਾਣ ਲਈ ਕਰੀਬ 66 ਲੱਖ 13 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਪਿੰਡ ਕੋਟੜਾ ਲਹਿਲ ਵਿਖੇ ਲਹਿਰਾ ਲਿੰਕ ਡਰੇਨ ਦੇ ਆਰਡੀ 17600 ’ਤੇ ਪੁਲ ਦਾ ਨਿਰਮਾਣ ਕਰੀਬ 96 ਲੱਖ 34 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਡਰੇਨਾਂ ਉੱਤੇ ਪੁਲਾਂ ਦੀ ਉਸਾਰੀ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਅਤੇ ਪਿੰਡਾਂ ਵਿਚਕਾਰ ਆਵਾਜਾਈ ਹੋਰ ਸੁਚਾਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਕੰਮਕਾਜ ਅਤੇ ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ ਲਈ ਆਉਣ-ਜਾਣ ਵਿੱਚ ਵੀ ਸਹੂਲਤ ਮਿਲੇਗੀ। ਮੰਤਰੀ ਗੋਇਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਮਿਆਰੀ ਨਿਰਮਾਣ ਸਮੱਗਰੀ ਦੀ ਵਰਤੋਂ ਕਰਦਿਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਪੁਲਾਂ ਦੀ ਉਸਾਰੀ ਨਾਲ ਬਖੋਰਾ ਕਲਾਂ, ਰਾਮਗੜ੍ਹ ਸੰਧਵਾਂ, ਕੋਟੜਾ ਲਹਿਲ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।