- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਭਰਾਜ ਵੱਲੋਂ ਜ਼ਮੀਨਦੋਜ਼ ਪਾਈਪਲਾਈਨ ਪ੍ਰਾਜੈਕਟਾਂ ਦੇ ਕੰਮ ਦੀ ਸ਼ੁਰੂਆਤ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਅਤੇ ਰਾਮਪੁਰਾ ਵਿਖੇ ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੇ ਦੋ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਲਗਭਗ 1 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਨ੍ਹਾਂ ਪ੍ਰਾਜੈਕਟਾਂ ਰਾਹੀਂ ਕੁੱਲ 1365 ਏਕੜ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲੇਗੀ ਅਤੇ 97 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਖੇਤੀਬਾੜੀ ਲਈ ਸਮੇਂ ਸਿਰ ਪਾਣੀ ਦੀ ਉਪਲੱਬਧਤਾ ਕਿਸਾਨਾਂ ਦੀ ਅਹਿਮ ਲੋੜ ਹੈ। ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਏ ਜਾਣ ਨਾਲ ਖੇਤਾਂ ਤੱਕ ਪਾਣੀ ਪਹੁੰਚਾਉਣ ਦੀ ਵਿਵਸਥਾ ਬਿਹਤਰ ਹੋਵੇਗੀ ਅਤੇ ਪਾਣੀ ਦੀ ਬੱਚਤ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀਆਂ ਸਿੰਜਾਈ ਸਬੰਧੀ ਮੁਸ਼ਕਲਾਂ ਘਟਾਉਣ ਅਤੇ ਖੇਤੀ ਕਾਰਜਾਂ ਨੂੰ ਸੁਖਾਲਾ ਬਣਾਉਣ ਵਿੱਚ ਸਹਾਈ ਹੋਣਗੇ।
ਉਨ੍ਹਾਂ ਕਿਹਾ ਕਿ ਪਾਣੀ ਇੱਕ ਅਨਮੋਲ ਕੁਦਰਤੀ ਸਰੋਤ ਹੈ ਅਤੇ ਇਸ ਦੀ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਿੰਜਾਈ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਿਤ ਕਰ ਕੇ ਪਾਣੀ ਦੀ ਬਰਬਾਦੀ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਬਾਲਦ ਖੁਰਦ ਅਤੇ ਰਾਮਪੁਰਾ ਵਿੱਚ ਸ਼ੁਰੂ ਕੀਤੇ ਗਏ ਇਹ ਦੋਵੇਂ ਕਾਰਜ ਇਸ ਦਿਸ਼ਾ ਵਿੱਚ ਅਹਿਮ ਕਦਮ ਹਨ।
ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੰਜਾਈ ਸਹੂਲਤਾਂ ਦੀ ਸੁਚੱਜੀ ਵਰਤੋਂ ਨਾਲ ਇਨ੍ਹਾਂ ਪ੍ਰਾਜੈਕਟਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਨੂੰ ਰਾਹਤ ਦੇਣ ਅਤੇ ਹਲਕੇ ਵਿੱਚ ਲੋੜੀਂਦੀਆਂ ਸਹੂਲਤਾਂ ਦਾ ਵਿਸਥਾਰ ਕਰਨ ਲਈ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਪੰਚਾਇਤਾਂ ਦੇ ਨੁਮਾਇੰਦਿਆਂ, ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਅਤੇ ਸਾਂਝੇ ਯਤਨਾਂ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕਦੀ ਹੈ।