ਸਫ਼ਾਈ ਕਾਮਿਆਂ ਦੀ ਹੜਤਾਲ 21ਵੇ ਦਿਨ ਵੀ ਜਾਰੀ ਸਫ਼ਾਈ ਕਾਮਿਆਂ ਦੀ ਹੜਤਾਲ 21ਵੇ ਦਿਨ ਵੀ ਜਾਰੀ
Publish Date: Wed, 29 Jul 2026 05:44 PM (IST)
Updated Date: Wed, 29 Jul 2026 05:46 PM (IST)
- ਸ਼ਹਿਰ ਦੇ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਪ੍ਰਸ਼ਾਸਨ ਹੋਇਆ ਗੰਭੀਰ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖ਼ਾਹ 20,500 ਕਰਨ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮਾਲੇਰਕੋਟਲਾ ਦੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ 21ਵੇਂ ਦਿਨ ਵਿੱਚ ਪਹੁੰਚ ਚੁੱਕੀ ਹੈ। ਧਰਨੇ ਵਿੱਚ ਪੁੱਜੇ ਵੱਡੀ ਗਿਣਤੀ ਸਫਾਈ ਸੇਵਕ ਕਾਮਿਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸਫ਼ਾਈ ਸੇਵਕ ਯੂਨੀਅਨ ਦੇ ਆਗੂ ਦੀਪਕ ਬੱਧਣ ਦਾ ਕਹਿਣਾ ਹੈ ਕਿ ਸਿਰਫ਼ ਤਨਖ਼ਾਹ ਵਧਾਉਣ ਨਾਲ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਸਗੋਂ ਆਊਟ ਸੋਰਸ ਨੂੰ ਖਤਮ ਕੀਤਾ ਜਾਵੇ ਅਤੇ ਤਿੰਨ ਸਾਲ ਕੰਟਰੈਕਟ ਤੇ ਕੰਮ ਕਰਦੇ ਸਫਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾਵੇ। ਜਦੋਂ ਤੱਕ ਉਨ੍ਹਾਂ ਦੀਆਂ ਬਾਕੀ ਮੰਗਾਂ ਤੇ ਵੀ ਸਰਕਾਰ ਵੱਲੋਂ ਸਪੱਸ਼ਟ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਹੜਤਾਲ ਕਾਰਨ ਮੁੱਖ ਬਾਜ਼ਾਰਾਂ, ਗਲੀਆਂ, ਮੁਹੱਲਿਆਂ ਅਤੇ ਜਨਤਕ ਥਾਵਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਬਰਸਾਤ ਕਾਰਨ ਇਨ੍ਹਾਂ ਵਿੱਚੋਂ ਬਦਬੂ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ। ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਅਤੇ ਸਫਾਈ ਸਬੰਧੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਫ਼ਾਈ ਨਾ ਹੋਣ ਕਾਰਨ ਧਾਰਮਿਕ ਸਥਾਨ ਵੀ ਇਸ ਤੋਂ ਅਛੂਤੇ ਨਹੀਂ ਰਹੇ। ਧਾਰਮਿਕ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਹਿਰ ਦੇ ਅੰਦਰ ਅਤੇ ਆਲੇ ਦੁਆਲੇ ਫੈਲੀ ਗੰਦਗੀ ਤੇ ਗਹਿਰਾ ਰੋਸ ਪ੍ਰਗਟ ਕੀਤਾ ਹੈ। ਦੂਜੇ ਪਾਸੇ ਡਿਪਟੀ ਕਮਿਸ਼ਨਰ, ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਵੱਲੋਂ ਐਮਰਜੈਂਸੀ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਮਾਨਸੂਨ ਦੇ ਮੌਸਮ ਵਿੱਚ ਇਹ ਸਥਿਤੀ ਮੱਛਰਾਂ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੇ ਫੈਲਣ ਦਾ ਗੰਭੀਰ ਖ਼ਤਰਾ ਪੈਦਾ ਕਰ ਸਕਦੀ ਹੈ। ਉਨ੍ਹਾਂ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਜੰਗੀ ਪੱਧਰ ਤੇ ਐਂਟੀ ਲਾਰਵਾ ਗਤੀਵਿਧੀਆਂ, ਫੋਗਿੰਗ, ਕੀਟਾਣੂਨਾਸ਼ਕ ਛਿੜਕਾਅ, ਨਾਲੀਆਂ ਅਤੇ ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ ਕਰਨ ਅਤੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਆਈਵੀ ਫਲੂਇਡਜ਼ ਦਾ ਯੋਗ ਭੰਡਾਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।