ਪੰਜਾਬ ’ਚ ਆਪ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ : ਗਰੇਵਾਲ
ਪੰਜਾਬ ’ਚ ਆਪ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ ਹਨ: ਗਰੇਵਾਲ
Publish Date: Sat, 10 Jan 2026 06:19 PM (IST)
Updated Date: Sun, 11 Jan 2026 04:07 AM (IST)

ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ’ਚ ਆਪ ਸਰਕਾਰ ਕਿਸਾਨ ਵਿਰੋਧੀ ਹੈ, ਭਾਵੇਂ ਕਿਸਾਨਾਂ ਨੇ ਸੰਘਰਸ਼ ਕਰ ਕੇ ਸਰਕਾਰ ਨੂੰ ਜ਼ਮੀਨ ਹੜੱਪਣ ’ਚ ਤਾਂ ਸਫਲ ਨਹੀਂ ਹੋਣ ਦਿੱਤਾ ਪਰ ਫਿਰ ਵੀ ਇਸ ਸਰਕਾਰ ਦੀਆਂ ਨੀਤੀਆਂ ਕਿਸਾਨ ਮਾਰੂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ’ਚ ਰੋਜ਼ਾਨਾ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਨੇ ਜਨਤਾ ’ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਕੋਈ ਵੀ ਦਿਨ ਅਜਿਹਾ ਨਹੀਂ ਲੰਘਦਾ ਜਦੋਂ ਕਿਤੇ ਗੋਲੀਬਾਰੀ ਜਾਂ ਫਿਰੌਤੀ ਦੀਆਂ ਖ਼ਬਰਾਂ ਸਾਹਮਣੇ ਨਾ ਆਉਂਦੀਆਂ ਹੋਣ। ਉਨ੍ਹਾਂ ਸਾਬਕਾ ਵਿਧਾਇਕ ਲੌਂਗੋਵਾਲ ਦੇ ਬਿਆਨ ਦੀ ਪ੍ਰੌੜਤਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਨਾਕਾਮੀ ਸਵੀਕਾਰ ਕਰਦਿਆਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕਿਸਾਨ ਵਿੰਗ ਦੇ ਪ੍ਰਧਾਨ ਹੋਣ ਦੇ ਨਾਤੇ ਧੰਨਾ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ। ਅੰਤ ’ਚ ਧੰਨਾ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਜਨਤਾ ਅਤੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਚਟਾਨ ਵਾਂਗ ਖੜ੍ਹੀ ਹੈ। ਜੇਕਰ ਸਰਕਾਰ ਨੇ ਜਲਦ ਹੀ ਅਮਨ-ਕਾਨੂੰਨ ਦੀ ਸਥਿਤੀ ’ਚ ਸੁਧਾਰ ਨਾ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਕਾਂਗਰਸ ਪਾਰਟੀ ਵੱਡੇ ਪੱਧਰ ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਕਾਂਗਰਸੀ ਵਰਕਰ ਅਤੇ ਕਿਸਾਨ ਆਗੂ ਵੀ ਹਾਜ਼ਰ ਸਨ।