ਮੌਨਸੂਨ ਦੀ ਦਸਤਕ; ਡਰੇਨਾਂ ਦੀ ਸਫ਼ਾਈ ਅਧੂਰੀ, ਜਲ ਬੂਟੀ ਨਾਲ ਭਰੀਆਂ ਮੌਨਸੂਨ ਦੀ ਦਸਤਕ ਡਰੇਨਾਂ ਦੀ ਸਫ਼ਾਈ ਅਧੂਰੀ, ਜਲ ਬੂਟੀ ਨਾਲ ਭਰੀਆਂ
Publish Date: Sun, 12 Jul 2026 03:58 PM (IST)
Updated Date: Sun, 12 Jul 2026 04:00 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਮੌਨਸੂਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਦੇ ਬਾਵਜੂਦ ਇਲਾਕੇ ਦੀਆਂ ਮੁੱਖ ਡਰੇਨਾਂ ਦੀ ਸਫ਼ਾਈ ਦਾ ਕੰਮ ਹਾਲੇ ਤੱਕ ਮੁਕੰਮਲ ਨਹੀਂ ਹੋ ਸਕਿਆ। ਡਰੇਨਾਂ ਵਿੱਚ ਜਲ ਬੂਟੀ, ਗਾਰ ਅਤੇ ਕੂੜਾ ਇਕੱਠਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਅਜਿਹੇ ਵਿੱਚ ਜੇਕਰ ਲਗਾਤਾਰ ਜਾਂ ਤੇਜ਼ ਮੀਂਹ ਪੈਂਦਾ ਹੈ ਤਾਂ ਖੇਤਾਂ, ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਾਣੀ ਭਰਨ ਦੀ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ। ਡਰੇਨਾਂ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਬਰਸਾਤ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਸਾਲ ਸੰਗਰੂਰ ਜ਼ਿਲ੍ਹੇ ਵਿੱਚ 432 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ, ਜਿਸ ਕਾਰਨ 6,560 ਹੈਕਟੇਅਰ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਇਸ ਤੋਂ ਇਲਾਵਾ 564 ਮਕਾਨਾਂ ਨੂੰ ਨੁਕਸਾਨ ਪਹੁੰਚਿਆ ਸੀ ਅਤੇ 32 ਪਸ਼ੂਆਂ ਦੇ ਸ਼ੈੱਡ ਢਹਿ ਗਏ ਸਨ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਪਿਛਲੇ ਸਾਲ ਹੋਏ ਭਾਰੀ ਨੁਕਸਾਨ ਤੋਂ ਕੋਈ ਸਬਕ ਨਹੀਂ ਲਿਆ, ਜਿਸ ਕਾਰਨ ਇਸ ਵਾਰ ਵੀ ਭਾਰੀ ਮੀਂਹ ਦੌਰਾਨ ਵੱਡੇ ਨੁਕਸਾਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸੰਗਰੂਰ ਨਾਲ ਲੱਗਦੀਆਂ ਡਰੇਨਾਂ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਨਾਲ ਲੰਘਦੀ ਡਰੇਨ ਜਲ ਬੂਟੀ ਨਾਲ ਪੂਰੀ ਤਰ੍ਹਾਂ ਭਰੀ ਪਈ ਹੈ ਅਤੇ ਪਾਣੀ ਦੀ ਨਿਕਾਸੀ ਲਗਪਗ ਠੱਪ ਹੈ। ਪਿਛਲੇ ਸਾਲ ਵੀ ਭਾਰੀ ਮੀਂਹ ਦੌਰਾਨ ਇਸ ਡਰੇਨ ਦਾ ਪਾਣੀ ਆਸ-ਪਾਸ ਦੇ ਖੇਤਾਂ ਅਤੇ ਸੜਕਾਂ ਤੇ ਇਕੱਠਾ ਹੋ ਗਿਆ ਸੀ, ਜਿਸ ਨਾਲ ਕਿਸਾਨਾਂ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਤਰ੍ਹਾਂ ਪਿੰਡ ਖੁਰਾਣਾ ਵਿੱਚੋਂ ਲੰਘਦੀ ਡਰੇਨ ਦੀ ਹਾਲਤ ਵੀ ਮਾੜੀ ਹੈ। ਡਰੇਨ ਵਿੱਚ ਗੰਦਗੀ ਅਤੇ ਜਲ ਬੂਟੀ ਭਰੀ ਹੋਈ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਪਿਛਲੇ ਸਾਲ ਮੌਨਸੂਨ ਦੌਰਾਨ ਹੋਈ ਭਾਰੀ ਬਰਸਾਤ ਕਾਰਨ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਸੀ। ਖਾਸ ਕਰਕੇ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਅਤੇ ਕਰੀਬ 6,560 ਹੈਕਟੇਅਰ ਰਕਬੇ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਕਈ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਨੀ ਪਈ ਸੀ। - ਸਮੇਂ ਸਿਰ ਡਰੇਨਾਂ ਦੀ ਸਫ਼ਾਈ ਹੋਵੇ : ਭੂਪਿੰਦਰ ਸਿੰਘ ਲੌਂਗੋਵਾਲ ਕਿਰਤੀ ਕਿਸਾਨ ਯੂਨੀਅਨ ਦੇ ਨੌਜਵਾਨ ਆਗੂ ਭੂਪਿੰਦਰ ਸਿੰਘ ਲੌਂਗੋਵਾਲ ਨੇ ਮੰਗ ਕੀਤੀ ਕਿ ਸਾਰੀਆਂ ਮੁੱਖ ਅਤੇ ਸੰਪਰਕ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਬਰਸਾਤ ਦੌਰਾਨ ਡਰੇਨਾਂ ਦੇ ਓਵਰਫਲੋ ਜਾਂ ਟੁੱਟਣ ਦੀ ਨੌਬਤ ਨਾ ਆਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਰੇਨਾਂ ਦੀ ਸਫ਼ਾਈ ਨਾਲ ਪਾਣੀ ਭਰਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਜੇਕਰ ਜਲਦੀ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਇਸ ਮੌਨਸੂਨ ਦੌਰਾਨ ਵੀ ਪਿਛਲੇ ਸਾਲ ਵਰਗੇ ਹਾਲਾਤ ਬਣ ਸਕਦੇ ਹਨ। ਡਰੇਨਾਂ ਦੀ ਸਫ਼ਾਈ ਦਾ ਕੰਮ ਜਾਰੀ : ਐਕਸੀਅਨ ਡਰੇਨੇਜ਼ ਵਿਭਾਗ ਦੇ ਐਕਸੀਐਨ ਨਮਨ ਜੈਨ ਨੇ ਦੱਸਿਆ ਕਿ ਡਰੇਨਾਂ ਦੀ ਸਫ਼ਾਈ ਦਾ ਕੰਮ ਲਗਾਤਾਰ ਜਾਰੀ ਹੈ। ਜਿੱਥੇ ਕਿਤੇ ਸਫ਼ਾਈ ਬਾਕੀ ਹੈ, ਉੱਥੇ ਵੀ ਆਉਣ ਵਾਲੇ ਦਿਨਾਂ ਵਿੱਚ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਡਰੇਨਾਂ ਦਾ ਨਿਰੰਤਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਸਫ਼ਾਈ ਮੁਹਿੰਮ ਜਾਰੀ ਰਹੇਗੀ।