- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ’ਚ ਅਕਾਲੀ ਦਲ ਦੇ ਹੱਕ ’ਚ ਲਹਿਰ ਤੇਜ਼

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮਾਲੇਰਕੋਟਲਾ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਰਾਏਕੋਟ ਰੋਡ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪੁੱਜੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਦਾਅਵਾ ਕੀਤਾ ਕਿ ਪੇਂਡੂ ਖੇਤਰਾਂ ਵਿੱਚ ਪਾਰਟੀ ਦੇ ਹੱਕ ਵਿੱਚ ਮਾਹੌਲ ਤੇਜ਼ੀ ਨਾਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਿੰਡਾਂ ਤੋਂ ਅਕਾਲੀ ਦਲ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਲੀਡ ਦਿਵਾਉਣ ਲਈ ਹੁਣੇ ਤੋਂ ਹੀ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ, ਸਰਕਲ ਪ੍ਰਧਾਨ ਜਥੇਦਾਰ ਮਨਦੀਪ ਸਿੰਘ ਮਾਣਕਵਾਲ, ਜਨਰਲ ਕੌਂਸਲ ਮੈਂਬਰ ਜਥੇਦਾਰ ਸੁਖਚੈਨ ਸਿੰਘ ਭੂਦਨ, ਜਥੇਦਾਰ ਗੁਰਮੁਖ ਸਿੰਘ ਮੁਬਾਰਕਪੁਰ, ਹਰਪ੍ਰੀਤ ਸਿੰਘ ਮਦੇਵੀ, ਜਥੇਦਾਰ ਜਸਪਾਲ ਸਿੰਘ ਬੋਪਾਰਾਏ, ਨੰਬਰਦਾਰ ਕੁਲਦੀਪ ਸਿੰਘ, ਬੀਬੀ ਪਰਮਜੀਤ ਕੌਰ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ।
ਆਗੂਆਂ ਨੇ ਕਿਹਾ ਕਿ ਹਲਕਾ ਮਾਲੇਰਕੋਟਲਾ ਨੂੰ ਅਜਿਹੀ ਨੁਮਾਇੰਦਗੀ ਦੀ ਲੋੜ ਹੈ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਹਰ ਵਰਗ ਦੀ ਆਵਾਜ਼ ਬਣ ਸਕੇ। ਉਨ੍ਹਾਂ ਮੁਤਾਬਕ ਬੀਬਾ ਜ਼ਾਹਿਦਾ ਸੁਲੇਮਾਨ ਵਿੱਚ ਲੋਕਾਂ ਨਾਲ ਜੁੜਨ ਅਤੇ ਹਲਕੇ ਦੇ ਵਿਕਾਸ ਲਈ ਕੰਮ ਕਰਨ ਦੀ ਸਮਰੱਥਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਪਿੰਡਾਂ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਲੋਕਾਂ ਦਾ ਉਸ ਤੋਂ ਮੋਹ ਭੰਗ ਹੋ ਰਿਹਾ ਹੈ। ਆਗੂਆਂ ਅਨੁਸਾਰ ਪਾਰਟੀ ਦੇ ਹੱਕ ਵਿੱਚ ਬਣ ਰਿਹਾ ਮਾਹੌਲ ਆਉਣ ਵਾਲੀਆਂ ਚੋਣਾਂ ਵਿੱਚ ਸਿਆਸੀ ਤਸਵੀਰ ਬਦਲ ਸਕਦਾ ਹੈ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਮਜ਼ਬੂਤ ਪ੍ਰਦਰਸ਼ਨ ਕਰੇਗਾ ਅਤੇ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਵਿੱਚੋਂ ਬੀਬਾ ਜ਼ਾਹਿਦਾ ਸੁਲੇਮਾਨ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪਾਰਟੀ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।
ਇਸ ਦੌਰਾਨ ਆਗੂਆਂ ਨੇ ਇਹ ਵੀ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦਾ ਜਥੇਬੰਦਕ ਆਧਾਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮਾਲੇਰਕੋਟਲਾ ਵਿੱਚ ਬੀਬਾ ਜ਼ਾਹਿਦਾ ਸੁਲੇਮਾਨ ਵੱਲੋਂ ਲੋਕਾਂ ਨਾਲ ਰਾਬਤਾ ਵਧਾਇਆ ਜਾ ਰਿਹਾ ਹੈ, ਜਦਕਿ ਅਮਰਗੜ੍ਹ ਹਲਕੇ ਵਿੱਚ ਹਲਕਾ ਇੰਚਾਰਜ ਜੱਸੀ ਮੰਨਵੀਂ ਪਾਰਟੀ ਕਾਡਰ ਨੂੰ ਇਕਜੁੱਟ ਕਰਨ ਲਈ ਸਰਗਰਮ ਹਨ।